ਮੇਅਰ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਸਫ਼ਾਈ ਕਾਮਿਆਂ ਨੇ ਮੁਲਤਵੀ ਕੀਤੀ ਹੜਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਮੁਹਾਲੀ ਨਗਰ ਨਿਗਮ ਨੇ ਬੁੱਧਵਾਰ ਨੂੰ ਉਸ ਸਮੇਂ ਸੁੱਖ ਦਾ ਸਾਹ ਲਿਆ ਜਦੋਂ ਸਫ਼ਾਈ ਕਾਮਿਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਲੈ ਲਿਆ। ਦੱਸ ਦਈਏ ਸਫ਼ਾਈ ਕਾਮਿਆਂ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਸੀ ਪ੍ਰੰਤੂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਹਿਲਕਦਮੀ ਕਰਦਿਆਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਮੋਹਰੀ ਆਗੂਆਂ ਦੀ ਮੀਟਿੰਗ ਸੱਦ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਮੰਗਾਂ ਜਲਦੀ ਮੰਨਣ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ। ਇਸ ਤੋਂ ਬਾਅਦ ਸਫ਼ਾਈ ਕਾਮਿਆਂ ਨੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਜਾਣ ਵਾਲੀ ਹੜਤਾਲ ਅਗਲੇ ਹੁਕਮਾਂ ਤੱਕ ਵਾਪਸ ਲੈ ਲਈ।
ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਆਲ ਨੇ ਦੱਸਿਆ ਕਿ ਅੱਜ ਹੋਈ ਮੀਟਿੰਗ ਵਿੱਚ ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਅਸਿਸਟੈਂਟ ਕਮਿਸ਼ਨਰ ਵਰਿੰਦਰ ਜੈਨ, ਸਕੱਤਰ ਰਣਜੀਵ ਕੁਮਾਰ, ਚੀਫ਼ ਸੈਨੇਟਰੀ ਇੰਸਪੈਕਟਰ ਰਜਿੰਦਰ ਪਾਲ ਸਿੰਘ ਅਤੇ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਾਵਰੀਆਂ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਸੁਬਰਾਮਨੀਅਮ ਹਾਜ਼ਰ ਸਨ।

ਪਵਨ ਗੋਡਿਆਲ ਨੇ ਦੱਸਿਆ ਕਿ ਮੇਅਰ ਜੀਤੀ ਸਿੱਧੂ ਨੇ ਨਗਰ ਨਿਗਮ ਦਫ਼ਤਰ ਵਿੱਚ ਖਾਲੀ ਪਈਆਂ 140 ਸਫ਼ਾਈ ਸੇਵਕਾਂ ਦੀ ਭਰਤੀ ਕਰਨ ਲਈ ਹਾਊਸ ਵਿੱਚ ਮਤਾ ਲਿਆਉਣ ਦਾ ਭਰੋਸਾ ਦਿੱਤਾ ਅਤੇ ਦੋ ਬਰਖ਼ਾਸਤ ਸਫ਼ਾਈ ਸੇਵਕਾਂ ਨੂੰ ਤੁਰੰਤ ਬਹਾਲ ਕਰਨ ਅਤੇ ਬਾਕੀ ਹੋਰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਉਂਜ ਉਨ੍ਹਾਂ ਦੱਸਿਆ ਕਿ ਜੇਕਰ ਨਗਰ ਨਿਗਮ ਦੀ ਅਗਲੀ ਮੀਟਿੰਗ ਵਿੱਚ ਸਫ਼ਾਈ ਕਾਮਿਆਂ ਦੀਆਂ ਖਾਲੀ ਪੋਸਟਾਂ ਭਰਨ ਲਈ ਹਾਊਸ ਵਿੱਚ ਮਤਾ ਨਾ ਲਿਆਂਦਾ ਗਿਆ ਅਤੇ ਵਾਅਦੇ ਅਨੁਸਾਰ ਬਾਕੀ ਜਾਇਜ਼ ਨਾ ਮੰਨੀਆਂ ਗਈਆਂ ਤਾਂ ਉਹ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਦੁਬਾਰਾ ਹੜਤਾਲ ’ਤੇ ਚਲੇ ਜਾਣਗੇ ਅਤੇ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਿੱਚ ਗੰਦਗੀ ਫੈਲਣ ਕਾਰਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …