ਸਫ਼ਾਈ ਮਜ਼ਦੂਰ ਤੇ ਦਰਜਾ-4 ਯੂਨੀਅਨ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਮੁਲਾਜ਼ਮਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਦੋਵੇਂ ਸਰਕਾਰਾਂ ਦੇ ਪੁਤਲੇ ਸਾੜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਸਫ਼ਾਈ ਮਜ਼ਦੂਰ ਅਤੇ ਕਲਾਸ-4 ਯੂਨੀਅਨ ਵੱਲੋਂ ਸੋਮਵਾਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਫ਼ਾਈ ਕਾਮਿਆਂ ਸਮੇਤ ਕਲਾਸ-4 ਐਂਪਲਾਈਜ਼ ਅਤੇ ਹੋਰਨਾਂ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਸੱਜਣ ਸਿੰਘ, ਕਲਾਸ-ਫੌਰ ਯੂਨੀਅਨ ਦੇ ਚੰਦਨ ਸਿੰਘ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਨਗਰ ਨਿਗਮ ਸਫ਼ਾਈ ਮਜ਼ਦੂਰ ਯੂਨੀਅਨ ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਵੱਰੀਆ, ਨਵਾਂ ਗਰਾਓਂ ਤੋਂ ਜੈਪਾਲ, ਮੋਨੂੰ ਕੁਮਾਰ, ਜ਼ੀਰਕਪੁਰ ਤੋਂ ਸ਼ਮਸ਼ੇਰ ਸਿੰਘ, ਖਰੜ ਤੋਂ ਬਲਕੇਸ਼ ਕੁਮਾਰ, ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਪੰਜਾਬ ਦੇ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਕੀਤਾ ਗਿਆ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਪ੍ਰਤੀ ਮਾੜੇ ਰਵੱਈਏ ਦੀ ਸਖ਼ਤ ਅਲੋਚਨਾ ਕਰਦਿਆਂ ਅਗਲੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਮੁਲਾਜ਼ਮ ਆਗੂ ਸੱਜਣ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਖ਼ਿਲਾਫ਼ ਅਤੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ 27 ਤੋਂ ਲੈ ਕੇ 31 ਜਨਵਰੀ ਤੱਕ ਜ਼ਿਲ੍ਹਾ ਪੱਧਰ ’ਤੇ ਜ਼ਬਰਦਸਤ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਫਰਵਰੀ ਫੇਜ਼-8 ਵਿਖੇ ਸਵੇਰੇ 11 ਵਜੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਵਿਰੋਧੀ ਐਕਟ ਖ਼ਤਮ ਕਰਾਉਣ ਤੋਂ ਇਲਾਵਾ ਪੰਜਾਬ ਸਰਕਾਰ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਅਤੇ ਦਿਹਾੜੀ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਪੰਜਾਬ ਦੇ 6ਵੇਂ ਤਨਖ਼ਾਹ-ਕਮਿਸ਼ਨ ਦੀ ਰਿਪੋਰਟ ਲੈ ਕੇ ਮੁਲਾਜ਼ਮਾਂ ਦੀ ਸਹਿਮਤੀ ਨਾਲ ਲਾਗੂ ਕੀਤੀ ਜਾਵੇ, ਅੰਬਾਨੀ-ਅਡਾਨੀ ਨੂੰ ਜਾ ਰਿਹਾ ਨਵੀਂ ਪੈਨਸ਼ਨ ਦਾ ਫੰਡ ਤੁਰੰਤ ਵਾਪਸ ਲੈ ਕੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਬਕਾਏ ਸਮੇਤ ਦਿੱਤੀਆਂ ਜਾਣ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਮਿਡ-ਡੇਅ-ਮੀਲ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਮੰਨ ਕੇ ਪੂਰੀ ਤਨਖ਼ਾਹ ਲਾਗੂ ਕੀਤੀ ਜਾਵੇ ਅਤੇ ਹੋਰ ਬਾਕੀ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਅੱਜ ਦੀ ਰੈਲੀ ਵਿੱਚ ਚੰਡੀਗੜ੍ਹ ਨਗਰ ਨਿਗਮ ਵੱਲੋਂ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਮਜ਼ਦੂਰਾਂ ਤੋਂ ਕੰਮ ਖੋਹਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਮੁਲਾਜ਼ਮਾਂ ਦਾ ਸ਼ਹਿਰ ਹੈ। ਸਾਰੇ ਸਵੇਰੇ ਆਪਣੇ ਦਫ਼ਤਰਾਂ ਵਿੱਚ ਡਿਊਟੀਆਂ ’ਤੇ ਚੱਲੇ ਜਾਂਦੇ ਹਨ, ਪੰ੍ਰਤੂ ਨਗਰ ਨਿਗਮ ਦੀਆਂ ਗੱਡੀਆਂ ਲੇਟ ਪਹੁੰਚਣ ਕਾਰਨ ਘਰਾਂ ਦਾ ਕੂੜਾ ਨਹੀਂ ਚੁੱਕਿਆ ਜਾ ਰਿਹਾ। ਸਫ਼ਾਈ ਕਾਮੇ ਪਹਿਲਾਂ ਘਰ ਦੇ ਅੰਦਰੋਂ ਕੂੜਾ ਖ਼ੁਦ ਚੁੱਕਦੇ ਸਨ ਜਦੋਂਕਿ ਸਰਕਾਰ ਦੇ ਨਵੇਂ ਸਿਸਟਮ ਮੁਤਾਬਕ ਸਰਕਾਰੀ ਗੱਡੀਆਂ ਕੇਵਲ ਚੱਕਰ ਕੱਢ ਕੇ ਸਰਕਾਰੀ ਖਜ਼ਾਨੇ ਦਾ ਧੂੰਆਂ ਕੱਢ ਰਹੀਆਂ ਹਨ। ਚੰਡੀਗੜ੍ਹ ਨਗਰ ਨਿਗਮ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਨਵਾਂ ਸਿਸਟਮ ਵਾਪਸ ਨਹੀਂ ਲਿਆ ਤਾਂ ਟਰਾਈਸਿਟੀ ਵਿੱਚ ਹੜਤਾਲ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ 30 ਜਨਵਰੀ ਤੱਕ ਪੰਜਾਬ ਵਿੱਚ ਸਾਂਝੀਆਂ ਰੈਲੀਆਂ ਜਾਰੀ ਰਹਿਣਗੀਆਂ ਅਤੇ ਮੰਤਰੀਆਂ ਦੇ ਘਰਾਂ ਵੱਲ ਰੋਸ ਮਾਰਚ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…