ਸਫ਼ਾਈ ਵਿਵਸਥਾ: ਮੇਅਰ ਦੇ ਦਫ਼ਤਰ ਬਾਹਰ ਧਰਨਾ ’ਤੇ ਬੈਠੇਗੀ ‘ਆਪ’ ਦੀ ਮਹਿਲਾ ਕੌਂਸਲਰ

‘ਆਪ’ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਨੇ ਮੇਅਰ ਨੂੰ ਦਿੱਤਾ 10 ਦਿਨ ਦਾ ਅਲਟੀਮੇਟਮ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਕੂੜਾ ਪ੍ਰਬੰਧਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ ਜਦੋਂਕਿ ਪ੍ਰਸ਼ਾਸਨ ਬੇਬਸ ਨਜ਼ਰ ਆ ਰਿਹਾ ਹੈ। ਮੁਹਾਲੀ ਦੀਆਂ ਸੜਕਾਂ ਕੂੜੇ ਦੇ ਢੇਰ ਵਿੱਚ ਤਬਦੀਲ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਨੇ ਨਗਰ ਨਿਗਮ ਨੂੰ 10 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਕੂੜੇ ਦਾ ਢੁਕਵਾਂ ਪ੍ਰਬੰਧ ਅਤੇ ਸਫ਼ਾਈ ਵਿਵਸਥਾ ਵਿੱਚ ਸੁਧਾਰ ਨਹੀਂ ਕੀਤਾ ਗਿਆ ਤਾਂ ਉਹ ‘ਆਪ’ ਵਲੰਟੀਅਰਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 11 ਜੁਲਾਈ ਨੂੰ ਮੇਅਰ ਜੀਤੀ ਸਿੱਧੂ ਦੇ ਦਫ਼ਤਰ ਬਾਹਰ ਧਰਨੇ ’ਤੇ ਬੈਠਣ ਲਈ ਮਜਬੂਰ ਹੋਣਗੇ।
‘ਆਪ’ ਕੌਂਸਲਰ ਨੇ ਮੇਅਰ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਦੇ ਵਾਰਡ ਨੰਬਰ-35 ਵਿੱਚ ਸਫ਼ਾਈ ਦਾ ਬਹੁਤ ਮਾੜਾ ਹਾਲ ਹੈ। ‘ਬੀ’ ਰੋਡ ਦੇ ਕਿਨਾਰੇ ਅਤੇ ਲੋਕਾਂ ਦੇ ਘਰਾਂ ਨੇੜੇ ਕੂੜੇ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਕੂੜੇ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਥਾਂ-ਥਾਂ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕੁ-ਪ੍ਰਬੰਧਾਂ ਦੇ ਚੱਲਦਿਆਂ ਮੁਹਾਲੀ ਸਵੱਛ ਸਰਵੇਖਣ ਰੈਂਕਿੰਗ ਵਿੱਚ ਲਗਾਤਾਰ ਪਛੜਦਾ ਜਾ ਰਿਹਾ ਹੈ। ਸਫ਼ਾਈ ਸਬੰਧੀ ਰੋਜ਼ਾਨਾ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੰਪਿੰਗ ਗਰਾਉਂਡ ਵਿੱਚ ਕੂੜਾ ਸੱੁਟਣ ’ਤੇ ਪਾਬੰਦੀ ਲਗਾਉਣ ਤੋਂ ਪਹਿਲਾਂ ਨਿਗਮ ਪ੍ਰਸ਼ਾਸਨ ਨੂੰ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਸਨ ਪਰ ਅਜਿਹਾ ਨਾ ਹੋਣ ਕਾਰਨ ਮੌਜੂਦਾ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ।
ਮਹਿਲਾ ਕੌਂਸਲਰ ਨੇ ਕਿਹਾ ਕਿ ਤਤਕਾਲੀ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਦੇ ਕਾਰਜਕਾਲ ਸਮੇਂ ਸਫ਼ਾਈ ਸਬੰਧੀ ਬਹੁਤ ਘੱਟ ਸ਼ਿਕਾਇਤਾਂ ਮਿਲਦੀਆਂ ਸਨ, ਜੇ ਕੋਈ ਸ਼ਿਕਾਇਤ ਮਿਲਦੀ ਵੀ ਸੀ ਤਾਂ ਕੁੱਝ ਸਮੇਂ ਵਿੱਚ ਹੀ ਉਸ ਦਾ ਨਿਪਟਾਰਾ ਹੋ ਜਾਂਦਾ ਸੀ ਪਰ ਹੁਣ ਹਾਲਾਤ ਦਿਨੋਂ ਦਿਨ ਬਦਤਰ ਹੁੰਦੇ ਜਾ ਰਹੇ ਹਨ। ਜਿਸ ਕਾਰਨ ਨਿਗਮ ਪ੍ਰਸ਼ਾਸਨ ਅਤੇ ਮੇਅਰ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਜ਼ਿਕਰਯੋਗ ਹੈ ਕਿ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਸਫ਼ਾਈ ਸੇਵਕਾਂ ਨੇ ਵੀ ਨਗਰ ਨਿਗਮ ਅਤੇ ਗਮਾਡਾ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਰੋਸ ਵਿਖਾਵਾ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…