
ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਪਿੰਡ ਸੋਹਾਣਾ ਵਿੱਚ ਸਫ਼ਾਈ ਅਭਿਆਨ ਚਲਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਜ਼ਿਲ੍ਹਾ ਸਿਾਬਜ਼ਾਦਾ ਅਜੀਤ ਸਿੰਘ ਨਗਰ ਵਿੱਚ 2 ਅਕਤੂਬਰ ਤੱਕ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਚਲਾਏ ਜਾਣ ਵਾਲੇ ਸਫ਼ਾਈ ਪੰਦਰਵਾੜੇ ਦੇ ਦੌਰਾਨ ਮੁਹਾਲੀ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਚਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਚਲਾਏ ਜਾ ਰਹੇ ਸਫਾਈ ਪੰਦਰਵਾੜੇ ਦੇ ਮੱਦੇਨਜ਼ਰ ਨਗਰ ਨਿਗਮ ਅਧੀਨ ਪੈਂਦੇ ਪਿੰਡ ਸੋਹਾਣਾ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਇਸ ਸਫਾਈ ਮੁਹਿੰਮ ਵਿੱਚ ਸਰਕਾਰੀ ਕਾਲਜ ਦੇ ਲੜਕੇ ਅਤੇ ਲੜਕੀਆਂ ਨੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਅਤੇ ਉਨ੍ਹਾਂ ਵੱਲੋਂ ਸੋਹਾਣਾ ਦੀ ਸਫ਼ਾਈ ਵਿੱਚ ਡੂੰਘੀ ਦਿਲਚਸਪੀ ਦਿਖਾਈ ਗਈ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦਾ ਹੋਕਾ ਵੀ ਦਿੱਤਾ।
ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਅਧੀਨ ਪੈਂਦੇ ਪਿੰਡਾਂ ਅਤੇ ਵਾਰਡਾਂ ਵਿੱਚ ਸਫਾਈ ਕਾਰਜ ਆਰੰਭੇ ਗਏ ਹਨ। ਜਿਸ ਵਿੱਚ ਆਮ ਨਾਗਰਿਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਸ਼ਹਿਰ ਨੂੰ ਸਫਾਈ ਪੱਖੋਂ ਸਾਫ ਸੂਥਰਾ ਬਣਾਉਣ ਲਈ ਆਪਣੇ ਆਲੇ ਦੁਆਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਆਖਿਆ ਅਤੇ ਨਗਰ ਨਿਗਮ ਦੀਆਂ ਸਫਾਈ ਟੀਮਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵੀ ਸੈਕਟਰ 66, ਫੇਜ਼ 11, 9, 7 ਵਿੱਚ ਵੀ ਸਫ਼ਾਈ ਮੁਹਿੰਮ ਚਲਾਈ ਗਈ ਸੀ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸਰਬਜੀਤ ਸਿੰਘ ਵੀ ਮੌਜੂਦ ਸਨ।