nabaz-e-punjab.com

ਪੰਚਾਇਤੀ ਰਾਜ ਤੇ ਸ਼ਹਿਰੀ ਸੰਸਥਾਵਾਂ ਵਿੱਚ ਅੌਰਤਾਂ ਦਾ ਰਾਖਾਵਾਂਕਰਨ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਲਈ ਹਰੀ ਝੰਡੀ

ਮੈਗਾ ਫੂਡ ਪਾਰਕਾਂ ਨੂੰ ਪਾਪਰਾ ਤਹਿਤ ਲਾਇਸੰਸ ਲੈਣ ਤੋਂ ਛੋਟ ਦੇਣ ਨੂੰ ਪ੍ਰਵਾਨਗੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਜੂਨ:
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਇਕ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਅੱਜ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਅੌਰਤਾਂ ਦਾ ਰਾਖਵਾਂਕਰਨ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਅੌਰਤਾਂ ਦਾ ਰਾਖਾਵਾਂਕਰਨ ਵਧਾਉਣਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਮੁੱਖ ਚੋਣ ਵਾਅਦਾ ਸੀ ਜਿਸ ਦਾ ਉਦੇਸ਼ ਸੂਬੇ ਵਿੱਚ ਮਹਿਲਾ ਸ਼ਸਕਤੀਕਰਨ ਸੀ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਚਾਇਤੀ ਰਾਜ ਐਕਟ-1994, ਪੰਜਾਬ ਮਿਉਂਸਪਲ ਐਕਟ-1911 ਅਤੇ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ-1976 ਵਿੱਚ ਸੋਧ ਲਈ ਖਰੜਾ ਬਿੱਲ ਨੂੰ ਐਕਟ ਵਿੱਚ ਤਬਦੀਲ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਅਗਾਮੀ ਇਜਲਾਸ ਪੇਸ਼ ਕੀਤਾ ਜਾਵੇਗਾ। ਇਸ ਫੈਸਲੇ ਨਾਲ ਗਰਾਮ ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਸਿੱਧੀ ਚੋਣ ਵਿੱਚ ਅੌਰਤਾਂ ਦਾ 33 ਫੀਸਦੀ ਰਾਖਾਵਾਂਕਰਨ ਵਧਾ ਕੇ 50 ਫੀਸਦੀ ਕਰਨ ਨਾਲ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅੌਰਤਾਂ ਵੱਧ ਅਧਿਕਾਰਾਂ ਦੀਆਂ ਹੱਕਦਾਰ ਹੋ ਜਾਣਗੀਆਂ। ਇਸੇ ਰਾਖਾਵਾਂਕਰਨ ਤਹਿਤ ਹੀ ਅੌਰਤਾਂ ਦੀ ਨੁਮਾਇੰਦਗੀ ਗਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੇਅਰਮੈਨਾਂ ਅਤੇ ਨਗਰ ਨਿਗਮਾਂ ਦੇ ਮੇਅਰਾਂ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਦੇ ਅਹੁਦਿਆਂ ਵਿੱਚ ਵੀ ਹੋਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ’ਚ ਸਥਾਪਤ ਕੀਤੇ ਜਾਣ ਵਾਲੇ ਮੈਗਾ ਫੂਡ ਪਾਰਕਾਂ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ) ਦੀ ਧਾਰਾ 44 (2) ਦੇ ਉਪਬੰਧਾਂ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ ਖੇਤੀ ਅਧਾਰਿਤ ਉਦਯੋਗ ਖਾਸ ਤੌਰ ’ਤੇ ਮੈਗਾ ਫੂਡ ਪ੍ਰੋਜੈਕਟਾਂ ਦੇ ਵਿਕਾਸ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਸੂਬੇ ਦੇ ਬੇਰੁਜ਼ਗਾਰ ਨੌਜੁਆਨਾਂ ਨੂੰ ਰੋਜ਼ਗਾਰ ਦੇ ਮੌਕੇ ਹਾਸਲ ਹੋਣਗੇ। ਇਸ ਫੈਸਲੇ ਨਾਲ ਭਵਿੱਖ ਵਿੱਚ ਅਜਿਹੇ ਪ੍ਰੋਜੈਕਟ ਪਾਪਰਾ ਐਕਟ ਤਹਿਤ ਲਾਇਸੈਂਸ ਲੈਣ ਦੀ ਲੋੜ ਤੋਂ ਬਾਹਰ ਰਹਿਣਗੇ।
ਮਾਲੀਏ ਦੇ ਨਿਯੰਤਰਨ ਵਸੀਲਿਆਂ ਦੇ ਮੱਦੇਨਜ਼ਰ ਵਿੱਤੀ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬਾ ਸਰਕਾਰ ਵੱਲੋਂ ਲਏ ਵੱਧ ਲਾਗਤ ਵਾਲੇ ਬਾਜ਼ਾਰੀ ਕਰਜ਼ਿਆਂ ਦਾ ਵਟਾਂਦਰਾ ਘੱਟ ਲਾਗਤ ਵਾਲੇ ਬਾਜ਼ਾਰੀ ਕਰਜ਼ਿਆਂ ਨਾਲ ਕਰਨ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਲੈਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਿੱਥੇ ਵਿੱਤੀ ਸਥਿਤੀ ਵਿੱਚ ਸੁਧਾਰ ਹੋਵੇਗਾ, ਉਥੇ ਹੀ ਸੂਬੇ ਵਿੱਚ ਵਿਕਾਸ ਕਾਰਜਾਂ ਦਾ ਖਰਚਾ ਚੁੱਕਣ ਲਈ ਬਿਹਤਰ ਮੌਕੇ ਮੁੱਹਈਆ ਹੋਣਗੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਖਾਲਸਾ ਯੂਨੀਵਰਸਿਟੀ (ਰੀਪੀਲ) ਆਰਡੀਨੈਂਸ, 2017 ਨੂੰ ਐਕਟ ਵਿਚ ਤਬਦੀਲ ਕਰਨ ਲਈ ਬਜਟ ਇਜਲਾਸ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਇਕ ਸਦੀ ਤੋਂ ਵੱਧ ਸਮਾਂ ਪੁਰਾਣੇ ਮਾਣਮੱਤੇ ਖਾਲਸਾ ਕਾਲਜ ਦੀ ਸ਼ਾਨਦਾਰ ਵਿਰਾਸਤ ਤੇ ਅਮੀਰ ਵਿਰਸੇ ਨੂੰ ਬਚਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…