nabaz-e-punjab.com

ਵਿਜੀਲੈਂਸ ਵੱਲੋਂ ਐਨਓਸੀ ਦੇਣ ਬਦਲੇ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਇੱਕ ਕਲਰਕ ਨੂੰ ਰਜਿਸਟਰੀ ਲਈ ਐਨਓਸੀ ਦੇਣ ਬਦਲੇ 8 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕਲਰਕ ਰਾਜੇਸ਼ ਕੁਮਾਰ ਨਗਰ ਕੌਂਸਲ ਕੁਰਾਲੀ ਵਿੱਚ ਤਾਇਨਾਤ ਸੀ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਉਡਣ ਦਸਤਾ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਇਹ ਕਾਰਵਾਈ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਉਨ੍ਹਾਂ ਦੱਸਿਆ ਕਿ ਪੀੜਤ ਵਿਅਕਤੀ ਨੇ ਵਿਜੀਲੈਂਸ ਦਫ਼ਤਰ ਵਿੱਚ ਪਹੁੰਚ ਕੇ ਨਗਰ ਕੌਂਸਲ ਦਫ਼ਤਰ ਦੇ ਕਲਰਕ ਵਿਰੁੱਧ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨਓਸੀ ਜਾਰੀ ਕਰਨ ਲਈ ਕਾਫ਼ੀ ਸਮੇਂ ਤੋਂ ਆਨਾਕਾਨੀ ਕਰਦਾ ਆ ਰਿਹਾ ਸੀ। ਬਾਅਦ ਵਿੱਚ ਉਸ ਨੇ ਇਸ ਕੰਮ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਵਿਜੀਲੈਂਸ ਅਨੁਸਾਰ ਪੀੜਤ ਵਿਅਕਤੀ ਦੀ ਸ਼ਿਕਾਇਤ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕੀਤੀ ਗਈ ਅਤੇ ਮੁੱਢਲੀ ਜਾਂਚ ਮਗਰੋਂ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਾਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ ਗਿਆ। ਵਿਜੀਲੈਂਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ। ਪੁੱਛਗਿੱਛ ਦੌਰਾਨ ਜੇਕਰ ਕੋਈ ਹੋਰ ਅਧਿਕਾਰੀ ਜਾਂ ਸਟਾਫ਼ ਮੈਂਬਰ ਦੀ ਸ਼ੱਕੀ ਭੂਮਿਕਾ ਸਾਹਮਣੇ ਆਈ ਤਾਂ ਉਸ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ ਅਤੇ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …