nabaz-e-punjab.com

ਬਿਹਤਰ ਸਿਹਤ ਸੇਵਾਵਾਂ ਲਈ ਪੰਜਾਬ ਵਿੱਚ ਗਲੀ ਮੁਹੱਲਿਆਂ ਵਿੱਚ ਖੁਲੱ੍ਹਣਗੇ ਕਲੀਨਿਕ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਜੂਨ:
ਅਕਾਲੀ-ਭਾਜਪਾ ਸਰਕਾਰ ਵੇਲੇ ਲਗਭਗ ਦਮ ਤੋੜ ਚੁੱਕੀਆਂ ਸਿਹਤ ਸੇਵਾਵਾਂ ਦੇ ਮੱਦੇਨਜ਼ਰ ਪੰਜਾਬਾ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿਚ ਮੁਹੱਲਾ/ਵਾਰਡ ਕਲੀਨਿਕ ਖੋਲ੍ਹੇਗੀ। ਵਿਧਾਨ ਸਭਾ ਨੂੰ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਹਰ ਇਕ ਨਾਗਰਿਕ ਨੂੰ ਸਿਹਤ ਬੀਮਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ ਤਾਂ ਜੋ ਉਨ੍ਹਾਂ ਨੂੰ ਮਿਆਰੀ ਸਿਹਤ ਸਹੂਲਤਾਂ ਵਾਜਿਬ ਕੀਮਤਾਂ ’ਤੇ ਉਪਲਬਧ ਕਰਵਾਈਆਂ ਜਾ ਸਕਣ। ਵਧ ਰਹੀਆਂ ਬਿਮਾਰੀਆਂ ਦੀ ਰੋਕਥਾਮ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸਬੰਧੀ 30 ਸਾਲ ਉਮਰ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਦੀ ਸਿਹਤ ਜਾਂਚ ਸ਼ੁਰੂ ਕਰਵਾ ਦਿੱਤੀ ਹੈ। ਸਕੂਲ ਸਿਹਤ ਪ੍ਰੋਗਰਾਮ ਵੀ ਬਹਾਲ ਕੀਤਾ ਗਿਆ ਹੈ ਤਾਂ ਜੋ ਸਕੂਲ ਜਾਂਦੇ ਵਿਦਿਆਰਥੀਆਂ ਦਾ ਰੈਗੂਲਰ ਚੈਕਅੱਪ ਕਰਵਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਰਕਾਰ ਮੈਡੀਕਲ ਸਿੱਖਿਆ ਵਿਚ ਲੋੜੀਂਦੇ ਸੁਧਾਰਾਂ ’ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਰਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੈਡੀਕਲ ਕਾਲਜਾਂ ਵਿਚ ਸੁਧਾਰ ਅਤੇ ਉਨ੍ਹਾਂ ਦਾ ਪੱਧਰ ਉੱਚਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿਉਂਕਿ ਪਿਛਲੀ ਸਰਕਾਰ ਦੌਰਾਨ ਇਨ੍ਹਾਂ ਕਾਲਜਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹਾਊਸ ਨੂੰ ਦੱਸਿਆ ਕਿ ਸੁਪਰ ਸਪੈਸ਼ਲਿਸਟ ਡਾਕਟਰਾਂ ਦੀਆਂ ਖਾਲੀ ਪਈਆਂ ਆਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਡਾਕਟਰਾਂ ਦੀਆਂ ਲੰਮੇ ਸਮੇਂ ਤੋਂ ਪਈਆਂ ਤਰੱਕੀਆਂ ਨੂੰ ਵੀ ਤਰਜ਼ੀਹ ਦੇ ਅਧਾਰ ’ਤੇ ਹੱਲ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਵਿਚ ਨਵਾਂ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਪੀ.ਜੀ.ਆਈ ਦਾ ਸੈਟੇਲਾਈਟ ਸੈਂਟਰ ਫਿਰੋਜ਼ਪੁਰ ਵਿਚ ਬਣੇਗਾ ਜਿਸ ਵਿਚ ਅਕਾਲੀ-ਭਾਜਪਾ ਸਰਕਾਰ ਦੇ ਰਾਜ ਕਾਲ ਦੌਰਾਨ ਪਿਛਲੇ ਇਕ ਸਾਲ ਤੋਂ ਕੋਈ ਚਾਰਾਜੋਈ ਨਹੀਂ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਸਰਕਾਰ ਨੇ ਪੋਸਟ ਗ੍ਰੈਜੂਏਸ਼ਨ ਲਈ ‘ਨੀਟ’ ਦੀ ਪ੍ਰੀਖਿਆ ਲਈ ਪੀ.ਸੀ.ਐਮ.ਐਸ ਡਾਕਟਰਾਂ ਨੂੰ 30 ਫੀਸਦੀ ਨੰਬਰਾਂ ਦੀ ਰਿਆਇਤ ਦਿੱਤੀ ਹੈ।

Load More Related Articles
Load More By Nabaz-e-Punjab
Load More In Development and Work

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …