nabaz-e-punjab.com

ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਪਾਣੀ ਦੇ ਨਵੇਂ ਟਿਊਬਵੈਲ ਲਾਉਣ ਲਈ 1 ਕਰੋੜ ਰੁਪਏ ਹੋਰ ਦੇਣ ਦਾ ਐਲਾਨ

ਨਹਿਰੀ ਪਾਣੀ ਦਾ ਪ੍ਰਾਜੈਕਟ ਲੱਗਣ ਨਾਲ ਪਟਿਆਲਾ ’ਚ ਹੱਲ ਹੋਵੇਗੀ ਪਾਣੀ ਦੀ ਸਮੱਸਿਆ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 10 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੋਰ ਨਵੇਂ ਟਿਊਬਵੈਲ ਲਗਾਉਣ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ, ਅੱਜ ਇਥੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਮੁਲੰਕਣ ਕਰਨ ਲਈ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਕੌਂਸਲਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਨ ਪੁੱਜੇ ਹੋਏ ਸਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਇਸ ਤੋਂ ਪਹਿਲਾਂ ਵੀ ਪਟਿਆਲਾ ਨਗਰ ਨਿਗਮ ਨੂੰ ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜ ਕਰਨ ਲਈ 32 ਕਰੋੜ ਰੁਪਏ ਜਾਰੀ ਕਰ ਚੁੱਕੇ ਹਨ।
ਇਸ ਮੀਟਿਗ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ 782 ਕਰੋੜ ਰੁਪਏ ਦੀ ਲਾਗਤ ਵਾਲਾ ਨਹਿਰੀ ਪਾਣੀ ਦਾ ਪ੍ਰਾਜੈਕਟ ਪਹਿਲਾਂ ਹੀ ਉਲੀਕ ਚੁੱਕੀ ਹੈ, ਜਿਸ ਨੂੰ ਨੇਪਰੇ ਚੜਾਉਣ ਲਈ ਜਲਦ ਹੀ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨਾਲ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪ੍ਰਦੂਸ਼ਿਤ ਹੋ ਚੁੱਕੇ ਪਾਣੀ ਦੀ ਸਮੱਸਿਆ ਦਾ ਹੱਲ ਕੇਵਲ ਨਹਿਰੀ ਪਾਣੀ ਨਾਲ ਹੀ ਹੋਵੇਗਾ, ਜਿਸ ਦੇ ਮੱਦੇਨਜ਼ਰ ਪਟਿਆਲਾ ਸਮੇਤ ਸੂਬੇ ਦੇ ਚਾਰ ਵੱਡੇ ਸ਼ਹਿਰਾਂ, ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਖੇ ਨਹਿਰੀ ਪਾਣੀ ਦੇ ਪ੍ਰਾਜੈਕਟ ਜੰਗੀ ਪੱਧਰ ਸ਼ੁਰੂ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਾਉਂਦਿਆਂ ਕਿਹਾ ਕਿ ਪਿਛਲੇ 10 ਸਾਲਾਂ ’ਚ ਪਟਿਆਲਾ ਸ਼ਹਿਰ ਨਾਲ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹਾ ਪਰੰਤੂ ਹੁਣ ਸ਼ਹਿਰ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਭੇਜੇ 100 ਕਰੋੜ ਰੁਪਏ ਨਾਲ ਵਿਕਾਸ ਕਾਰਜ ਵੀ ਜੰਗੀ ਪੱਧਰ ’ਤੇ ਸ਼ੁਰੂ ਹੋ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਹੋਰ ਵੀ ਫੰਡ ਜਾਰੀ ਕੀਤੇ ਜਾਣਗੇ।
ਮੀਟਿੰਗ ’ਚ ਪੁੱਜੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੁਣ ਪਟਿਆਲਾ ਦੇ ਹਾਲਾਤ ਬਦਲ ਰਹੇ ਹਨ ਤੇ ਸ਼ਹਿਰ ਵਾਸੀ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਨਿਜੀ ਦਿਲਚਸਪੀ ਲੈਣ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਭੇਜੇ 100 ਕਰੋੜ ਰੁਪਏ ਨਾਲ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਹੁਣ ਪਟਿਆਲਾ ਵਾਸੀ ਵੀ ਇਸ ਗੱਲ ਨੂੰ ਮੰਨਣ ਲੱਗ ਗਏ ਹਨ ਕਿ ਪਟਿਆਲਾ ਦੀ ਨੁਹਾਰ ਬਦਲਣ ਲੱਗ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਕਮਿਸ਼ਨਰ ਨਗਰ ਨਿਗਮ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਰਿਪੋਰਟ ਪੇਸ਼ ਕੀਤੀ। ਇਸ ਦੌਰਾਨ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ ਅਤੇ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਸਨਮਾਨ ਵੀ ਕੀਤਾ ਗਿਆ।
ਮੀਟਿੰਗ ’ਚ ਨਗਰ ਨਿਗਮ ਦੇ ਕੌਂਸਲਰਾਂ ਸਮੇਤ ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪੀ.ਕੇ. ਪੁਰੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਮੱੁਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਸ੍ਰੀ ਰਜੇਸ਼ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਏ.ਵੇਣੂ ਪ੍ਰਸ਼ਾਦ, ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਵੀ.ਕੇ. ਮੀਣਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਆਈ.ਜੀ. ਸ੍ਰੀ. ਏ.ਐਸ. ਰਾਏ, ਐਸ.ਐਸ.ਪੀ. ਡਾ. ਐਸ. ਭੂਪਤੀ, ਜੁਆਇੰਟ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਦੇ ਆਗੂ ਵੀ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …