Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਦੇ ਵਿਹੜੇ ’ਚੋਂ 9 ਅਤਿ ਆਧੁਨਿਕ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਰਾਜ ਸਭਾ ਦੀ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦੇ ਐਮਪੀ ਲੈਂਡ ਫੰਡ ’ਚੋਂ ਖਰੀਦੀਆਂ ਹਨ ਐਂਬੂਲੈਂਸਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ: ਸੂਬੇ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ਬਾਰੇ ਆਪਣੀ ਸਰਕਾਰ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੁਹਾਲੀ ਤੋਂ ਵਿਸ਼ਵ ਪੱਧਰੀ ਸਾਜ਼ੋ-ਸਾਮਾਨ ਨਾਲ ਲੈਸ 9 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਐਮਪੀਲੈਡ ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਧੀਨ ਆਉਂਦੇ 9 ਹਲਕਿਆਂ ਲਈ ਇਹ ਐਂਬੂਲੈਂਸਾਂ ਖਰੀਦੀਆਂ ਹਨ। ਇਸ ਵਿੱਚ ਮੁਹਾਲੀ ਵੀ ਸ਼ਾਮਲ ਹੈ। ਕਾਂਗਰਸ ਦੇ ਹੋਰ ਸੰਸਦ ਮੈਂਬਰਾਂ ਨੂੰ ਅੰਬਿਕਾ ਸੋਨੀ ਵੱਲੋਂ ਕੀਤੀ ਗਈ ਇਸ ਗ਼ਰੀਬ ਪੱਖੀ ਪਹਿਲ ਦੀ ਤਰਜ਼ ’ਤੇ ਕਦਮ ਚੁੱਕਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਸੂਬੇ, ਜਿਸ ਵਿੱਚ ਪਿਛਲੇ ਇਕ ਸਾਲ ਦੌਰਾਨ ਸਿਹਤ ਢਾਂਚਾ ਪ੍ਰਭਾਵਸ਼ਾਲੀ ਢੰਗ ਨਾਲ ਮਜ਼ਬੂਤ ਹੋਇਆ ਹੈ, ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ਵਿੱਚ ਅਹਿਮ ਯੋਗਦਾਨ ਪਾਉਣਗੇ। ਸੜਕ ਹਾਦਸਿਆਂ ਦੀ ਗਿਣਤੀ ਘਟਣ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਐਂਬੂਲੈਂਸਾਂ ਰਾਹੀਂ ਹਾਦਸਾ ਸਥਾਨ ’ਤੇ ਸਮੇਂ ਸਿਰ ਮੈਡੀਕਲ ਮਦਦ ਮੁਹੱਈਆ ਕਰਾ ਕੇ ਮੌਤਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਹਾਲੀ, ਜੋ ਅਹਿਮ ਸਨਅਤੀ ਸ਼ਹਿਰ ਅਤੇ ਆਈਟੀ ਹੱਬ ਵਜੋਂ ਉਭਰਿਆ ਹੈ, ਵਿੱਚ ਸਿਹਤ ਸਹੂਲਤਾਂ ਸੁਧਾਰਨ ਲਈ ਕੰਮ ਕਰ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਅੰਬਿਕਾ ਸੋਨੀ ਨੇ ਇਨ੍ਹਾਂ ਐਂਬੂਲੈਂਸਾਂ ਨੂੰ ਵਾਜਬ ਕੀਮਤ ’ਤੇ ਲੋਕਾਂ ਨੂੰ ਬਿਹਤਰੀਨ ਸਿਹਤ ਤੇ ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਵਾਲੇ ਮੁੱਖ ਮੰਤਰੀ ਮਿਸ਼ਨ ਵਿੱਚ ਨਿਗੂਣਾ ਯੋਗਦਾਨ ਕਰਾਰ ਦਿੱਤਾ। ਸਾਰਿਆਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਅੰਬਿਕਾ ਸੋਨੀ ਨੇ ਵੀ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਅਜਿਹੇ ਕਦਮ ਚੁੱਕਣ ਦੀ ਅਪੀਲ ਕੀਤੀ। ਇਨ੍ਹਾਂ ਵਿੱਚੋਂ ਤਿੰਨ ਐਂਬੂਲੈਂਸਾਂ ਰੂਪਨਗਰ, ਦੋ ਐਸਏਐਸ ਨਗਰ, ਤਿੰਨ ਸ਼ਹੀਦ ਭਗਤ ਸਿੰਘ ਨਗਰ ਅਤੇ ਇਕ ਹੁਸ਼ਿਆਰਪੁਰ ਦੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਾਉਣਗੀਆਂ। ਇਹ ਐਂਬੂਲੈਂਸਾਂ ਏਬੀਐਸ ਇੰਟੀਰੀਅਰਜ਼, ਪੈਰ ਨਾਲ ਚੱਲਣ ਵਾਲੇ ਹੱਥ ਥੋਣ ਵਾਲਾ ਸਿਸਟਮ ਅਤੇ ਵਾਸ਼ ਬੇਸਿਨ, ਇਨਵਰਟਰ, ਸਾਇਰਨ ਵਾਲੀਆਂ ਐਮਰਜੈਂਸੀ ਲਾਈਟ ਬਾਰ ਅਤੇ ਲੋਕਾਂ ਨੂੰ ਸੰਬੋਧਨ ਕਰਨ ਵਾਲਾ ਸਿਸਟਮ, ਆਕਸੀਜਨ ਸਿਲੰਡਰ ਟਰਾਲੀ ਅਤੇ ਹੋਰ ਅਤਿ-ਆਧੁਨਿਕ ਲੋੜੀਂਦੇ ਸਾਜ਼ੋ-ਸਮਾਨ ਨਾਲ ਲੈਸ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕੇਂਦਰ ਤੋਂ ਮੁਹਾਲੀ ਸਰਕਾਰੀ ਮੈਡੀਕਲ ਕਾਲਜ ਨੂੰ ਮਨਜ਼ੂਰੀ ਲਈ ਨਿੱਜੀ ਤੌਰ ’ਤੇ ਕੀਤੇ ਯਤਨਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਕਾਲਜ ਦੇ ਪ੍ਰਸਤਾਵ ਦੀ ਅਸਰਦਾਰ ਢੰਗ ਨਾਲ ਪੈਰਵੀ ਨਹੀਂ ਕੀਤੀ ਅਤੇ ਅਸਲ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਤੌਰ ’ਤੇ ਇਸ ਨਾਲ ਸਬੰਧਤ ਫਾਈਲ ਬਾਰੇ ਆਪਣੀ ਅਸਮਰਥਾ ਜ਼ਾਹਿਰ ਕੀਤੀ ਸੀ। ਸੂਬੇ ਵਿੱਚ ਪੰਜ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਬਾਰੇ ਕਾਂਗਰਸ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਦਾ ਆਗ਼ਾਜ਼ ਮੁਹਾਲੀ ਤੋਂ ਕੀਤਾ ਗਿਆ ਹੈ ਅਤੇ ਬਾਕੀ ਚਾਰ ਥਾਵਾਂ ਲਈ ਯੋਜਨਾਵਾਂ ਨੂੰ ਵੀ ਜਲਦੀ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਸਿਹਤ ਮੰਤਰੀ ਨੇ ਮੁੱਖ ਮੰਤਰੀ ਨਾਲ ਮਿਲ ਕੇ ਮੁਹਾਲੀ ਮੈਡੀਕਲ ਕਾਲਜ ਲਈ ਯੋਜਨਾਵਾਂ ਦੀ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਸਥਾਨਿਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਅਤੇ ਹੋਰ ਸਖ਼ਸ਼ੀਅਤਾਂ ਨੂੰ ਜੀ ਆਇਆ ਆਖਿਆ ਅਤੇ ਮੋਹਾਲੀ ਵਿਖੇ ਸਰਕਾਰ ਮੈਡੀਕਲ ਕਾਲਜ ਖੋਲ੍ਹਣ ਲਈ ਵਿਸ਼ੇਸ ਤੌਰ ਤੇ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦਾ ਵਿਸ਼ੇਸ ਤੌਰ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ, ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ, ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਰਮੇਸ਼ ਦੱਤ ਸ਼ਰਮਾ, ਪ੍ਰਮੁੱਖ ਸਕੱਤਰ (ਸਿਹਤ) ਅੰਜਲੀ ਭਾਵੜਾ, ਐਨਆਰਐਚਐਮ ਮਿਸ਼ਨ ਡਾਇਰੈਕਟਰ ਵਰੁਣ ਰੂਜਮ ਅਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ , ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਆਰ.ਪੀ.ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਸ੍ਰੀ ਰਜਿੰਦਰ ਸਿੰਘ ਰਾਣਾ, ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਕਮੇਟੀ ਸਵਰਨਜੀਤ ਕੌਰ, ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਜ਼ੀਰਕਪੁਰ, ਸ੍ਰੀ ਜੇ.ਪੀ.ਐਸ.ਢੇਰ, ਸਾਬਕਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ ਅਮਰਜੀਤ ਸਿੰਘ ਸੈਣੀ, ਪੰਜਾਬ ਕਾਂਗਰਸ ਕਮੇਟੀ ਦੀ ਸਪੋਕਸਪਰਸਨ ਨਵੀਸ਼ਾ ਮਹਿਤਾ, ਗੁਰਚਰਨ ਸਿੰਘ ਭਮਰਾ ਸਮੇਤ ਹੋਰ ਪਤਵੰਤੇ, ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ