
ਮੁੱਖ ਮੰਤਰੀ ਨੇ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਇਆ ਪੰਜਾਬ ਦਾ ਨਵਾਂ ਡੀਜੀਪੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ’ਤੇ ਸੀਨੀਅਰ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਲਗਾਇਆ ਗਿਆ ਹੈ। ਇਕਬਾਲ ਪ੍ਰੀਤ ਸਿੰਘ ਸਹੋਤਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ। ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਵੱਡੀ ਪੱਧਰ ’ਤੇ ਪ੍ਰਸ਼ਾਸਨਿਕ ਸੁਧਾਰਾਂ ਲਈ ਭਾਵੇਂ ਉੱਚ ਅਧਿਕਾਰੀਆਂ ਦੇ ਤਬਦਲੇ ਕੀਤੇ ਗਏ ਹਨ ਅਤੇ ਹੋਰ ਕੀਤੇ ਜਾ ਰਹੇ ਹਨ। ਪ੍ਰੰਤੂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਹੀ ਚਹੇਤੇ ਅਤੇ ਨਜ਼ਦੀਕੀ ਅਫ਼ਸਰਾਂ ਜਿਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰੀਮਤੀ ਵਿਨੀ ਮਹਾਜਨ ਨੂੰ ਹਟਾਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਪਤੀ ਡੀਜੀਪੀ ਗੁਪਤਾ ਨੂੰ ਲਾਂਭੇ ਕਰ ਦਿੱਤਾ ਹੈ। ਇਸੇ ਤਰ੍ਹਾਂ ਪਹਿਲੇ ਹੀ ਦਿਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੂੰ ਪਾਸੇ ਕਰਕੇ ਉਨ੍ਹਾਂ ਦੀ ਥਾਂ ਸੀਨੀਅਰ ਆਈਏਐਸ ਅਧਿਕਾਰੀ ਹੁਸਨ ਲਾਲ ਨੂੰ ਆਪਣਾ ਪ੍ਰਮੁੱਖ ਸਕੱਤਰ ਲਗਾਇਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਪੱਧਰ ’ਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਹੋਣ ਦੀ ਸੰਭਾਵਨਾ ਹੈ।