
ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਿਆਪਕ ਵਿਕਾਸ ਲਈ ਅਹਿਮ ਕਦਮ ਚੁੱਕਣ ਦੀ ਪ੍ਰਵਾਨਗੀ
ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਨਗਰੀ ਅੰਮ੍ਰਿਤਸਰ ਸ਼ਹਿਰ ਦਾ ਮੂੰਹ ਮੁਹਾਂਦਰਾ ਪੂਰੀ ਤਰ੍ਹਾਂ ਬਦਲਣ ਲਈ ਅੱਜ ਕਈ ਅਹਿਮ ਕਦਮ ਚੁੱਕਣ ਦਾ ਐਲਾਨ ਕੀਤਾ ਤਾਂ ਜੋ ਇਸ ਪਵਿੱਤਰ ਨਗਰੀ ਖਾਸ ਤੌਰ ’ਤੇ ਅੰਦਰੂਨੀ ਹਿੱਸੇ ਦਾ ਯੋਜਨਾਬੱਧ, ਸਥਿਰ ਅਤੇ ਵਿਆਪਕ ਵਿਕਾਸ ਕੀਤਾ ਜਾ ਸਕੇ। ਅੱਜ ਇੱਥੇ ਇਸ ਸ਼ਹਿਰ ਦੇ ਚੱਲ ਰਹੇ ਕੰਮਾਂ ਨੂੰ ਸੱਦੀ ਗਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਫਸਰਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ‘ਅਮਰੁਤ’, ‘ਹਰਿਦੈ’ ਅਤੇ ‘ਸਮਾਰਟ ਸਿਟੀ’ ਸਕੀਮ ਤਹਿਤ ਜਾਰੀ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਦਾ ਹੁਕਮ ਦਿੱਤਾ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਜਿਹੜੇ ਪ੍ਰਾਜੈਕਟ ਬਦਇੰਤਜ਼ਾਮੀ ਕਾਰਨ ਸੂਬੇ ਦੇ ਖਜ਼ਾਨੇ ’ਤੇ ਬੋਝ ਸਾਬਤ ਹੋਏ ਹਨ।
ਕੈਪਟਨ ਅਮਰਿੰਦਰ ਨੇ ਇਨ੍ਹਾਂ ਪ੍ਰਾਜੈਕਟਾਂ ਲਈ ਜ਼ਿੰਮੇਵਾਰ ਅਫਸਰਾਂ ਦੀ ਜੁਆਬਦੇਹੀ ਤੈਅ ਕੀਤੀ ਜਾਵੇ। ਇਸ ਪਵਿੱਤਰ ਨਗਰੀ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅਫਸਰਾਂ ਨੂੰ ਹਦਾਇਤ ਦਿੱਤੀ ਕਿ ਉਹ ਜਪਾਨੀ ਏਜੰਸੀ ਨਾਲ ਸਾਲ 2002-07 ਦੇ ਸਮੇਂ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਜੇ.ਆਈ.ਸੀ.ਏ. (ਜੀਕਾ) ਪ੍ਰਾਜੈਕਟ ਨੂੰ ਮੁੜ ਸ਼ੁਰੂ ਕਰਨ ਤਾਂ ਜੋ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾ ਸਕੇ। ਉਨ੍ਹਾਂ ਨੇ ਅਫਸਰਾਂ ਨੂੰ ਹਦਾਇਤ ਦਿੱਤੀ ਕਿ ਅੰਦਰੂਨੀ ਸ਼ਹਿਰ ਦੀਆਂ ਪੁਰਾਣੀਆਂ ਤੇ ਸੀਵਰੇਜ ਦੀਆਂ ਪਾਈਪਾਂ ਨੂੰ ਛੇਤੀ ਬਦਲਿਆ ਜਾਵੇ। ਮੁੱਖ ਮੰਤਰੀ ਨੇ ਅੰਮ੍ਰਿਤਸਰ ਸ਼ਹਿਰ ਦੇ ਨਾਗਿਰਕਾਂ ਨੂੰ ਪੀਣ ਲਈ ਨਹਿਰੀ ਪਾਣੀ ਸਪਲਾਈ ਕਰਵਾਉਣ ਦੇ ਪ੍ਰਾਜੈਕਟ ਨੂੰ ਘੋਖਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਇਹ ਇਕ ਪਾਸੇ ਜ਼ਮੀਨ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਮਦਦ ਕਰੇਗਾ, ਉਥੇ ਨਾਲ ਹੀ ਸ਼ਹਿਰੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਬਾਅਦ ਵਿੱਚ ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਲਾਗੂ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਇਕ ਹੋਰ ਅਹਿਮ ਕਦਮ ਵਿੱਚ ਮੁੱਖ ਸਕੱਤਰ ਨੂੰ ਸ਼ਹਿਰ ਦੀ ਕੂੜੇ ਦੀ ਸਮੱਸਿਆ ਨਾਲ ਨਿਪਟਣ ਲਈ ਇਕ ਖੁਦਮੁਖਤਿਆਰ ਸੰਸਥਾ ਬਣਾਉਣ ਦੀ ਸੰਭਾਵਨਾ ਤਲਾਸ਼ਣ ਨੂੰ ਵੀ ਕਿਹਾ ਕਿਉਂਕਿ ਇਸ ਵੱਡੀ ਸਮੱਸਿਆ ਦੇ ਪੇਸ਼ੇਵਾਰਾਨਾ ਢੰਗ ਨਾਲ ਹੱਲ ਕੱਢਣ ਲਈ ਇਹ ਜ਼ਰੂਰੀ ਹੈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਡੀ.ਪੀ. ਰੈਡੀ, ਨਿਵੇਸ਼ ਪੰਜਾਬ ਦੇ ਮੁਖੀ ਅਨੁਰਿਧ ਤਿਵਾੜੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਹੁਸਨ ਲਾਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਬੀ. ਬਾਲਾਮੁਰਗਮ ਵੀ ਹਾਜ਼ਰ ਸਨ।