nabaz-e-punjab.com

ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਹਰੀ ਝੰਡੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਜਨਵਰੀ:
ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੁਹਾਲੀ ਜ਼ਿਲੇ ਦੇ ਸਮਗੌਲੀ ਵਿੱਚ 50 ਏਕੜ ਰਕਬੇ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਸਮਰੱਥਾ ਦਾ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ ਜੋ ‘ਬਣਾਓ ਅਪਣਾਓ ਤੇ ਚਲਾਓ’ (ਬੀਓਓ) ਮਾਡਲ ਦੇ ਆਧਾਰ ’ਤੇ ਲਗਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਜੋ ਗਮਾਡਾ ਅਤੇ ਪਟਿਆਲਾ ਨਗਰ ਨਿਗਮ ਠੋਸ ਰਹਿੰਦ-ਖੂੰਹਦ ਕਲੱਸਟਰ ਦਾ ਹਿੱਸਾ ਹੈ ਅਤੇ ਇਹ ਦੋ ਸਾਲ ਵਿੱਚ ਪੂਰਾ ਕੀਤਾ ਜਾਵੇਗਾ। ਇਸ ਪ੍ਰਾਜੈਕਟ ਤਹਿਤ ਮੁਹਾਲੀ ਤੇ ਪਟਿਆਲਾ ਤੋਂ ਇਕੱਠੇ ਕੀਤੇ ਜਾਂਦੇ 600 ਟਨ ਪ੍ਰਤੀ ਦਿਨ ਕੂੜੇ ਤੋਂ ਬਿਜਲੀ ਪੈਦਾ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਜੋ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਅਤੇ ਨਗਰ ਨਿਗਮ ਮੁਹਾਲੀ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮਓਯੂ) ਸਹੀਬੱਧ ਕਰਨ ਦੀ ਪ੍ਰਵਾਨਗੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਜਲਵਾਯੂ ਤਬਦੀਲੀ ਬਾਰੇ ਸੂਬੇ ਦੇ ਐਕਸ਼ਨ ਪਲਾਨ ਅਤੇ ਸਵੱਛ ਭਾਰਤ ਅਭਿਆਨ ਮੁਹਿੰਮ ਨੂੰ ਲਾਗੂ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਮਿਉਂਸਪਲ ਸਾਲੇਡ ਵੇਸਟ ਜੋ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਵੱਡੀ ਚੁਣੌਤੀ ਰਹੀ ਹੈ, ਨੂੰ ਹੁਣ ਨਵਿਉਣਯੋਗ ਊਰਜਾ ਦੇ ਸ੍ਰੋਤ ਵਜੋਂ ਪ੍ਰਭਾਵਸਾਲੀ ਤਰੀਕੇ ਨਾਲ ਵਰਤੋਂ ਵਿੱਚ ਲਿਆਂਦਾ ਜਾਵੇਗਾ ਜਿਸ ਨੂੰ ਕਿ ਹਾਲੇ ਤੱਕ ਯੋਜਨਾਬੰਦ ਤਰੀਕੇ ਨਾਲ ਵੱਡੇ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਹੁਣ ਇਸ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਰਾਹ ਮਿਲੇਗਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਠੋਸ ਕੂੜਾ ਕਰਕੱਟ ਤੋਂ ਅੰਦਾਜ਼ਨ 50 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ। ਮੀਟਿੰਗ ਵਿੱਚ ਐਨਟੀਪੀਸੀ ਦੇ ਕੂੜੇ ਤੋਂ ਬਿਜਲੀ ਬਣਾਉਣ ਦੇ ਪ੍ਰਾਜੈਕਟ ਦੇ ਜਨਰਲ ਮੈਨੇਜਰ ਅਮਿਤ ਕੁਲਸ਼੍ਰੇਸ਼ਠਾ ਨੇ ਮੁੱਖ ਮੰਤਰੀ ਨੂੰ ਜਾਣੰੂ ਕਰਵਾਇਆ ਕਿ ਇਹ ਨਵੀਨਤਮ ਆਧੁਨਿਕ ਪਲਾਂਟ ਵਾਤਾਵਰਣ ਪੱਖੀ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਸੂਬੇ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਨਟੀਪੀਸੀ ਵੱਲੋਂ ਪਹਿਲਾਂ ਹੀ ਅਜਿਹੇ ਪ੍ਰਾਜੈਕਟ ਸੂਰਤ (ਗੁਜਰਾਤ) ਦੇ ਕਵਾਸ, ਵਾਰਾਨਸੀ, ਇੰਦੌਰ ਤੇ ਪੂਰਬੀ ਦਿੱਲੀ ਨਗਰ ਨਿਗਮ ਵਿੱਚ ਲਗਾਏ ਗਏ ਹਨ।
ਪੀਐਸਪੀਸੀਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬੀਸੀ ਸਰਾਂ ਨੇ ਖੁਲਾਸਾ ਕੀਤਾ ਕਿ ਪਾਵਰਕੌਮ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਾਗੂ ਕੀਤੇ ਸਮਝੌਤੇ ਉਪਰੰਤ ਐਨ.ਟੀ.ਪੀ.ਸੀ. ਨਾਲ ਬਿਜਲੀ ਖਰੀਦਣ ਦੇ ਸਮਝੌਤੇ ’ਤੇ ਹਸਤਾਖਰ ਕਰੇਗਾ ਜੋ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਕੇਂਦਰੀ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕੂੜੇ ਤੋਂ ਪੈਦਾ ਕੀਤੀ ਜਾ ਰਹੀ ਬਿਜਲੀ ਲਈ ਨਵਿਆਉਣਯੋਗ ਸ੍ਰੋਤਾਂ ਦੀਆਂ ਦਰਾਂ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾਰੀ, ਪ੍ਰਮੁੱਖ ਸਕੱਤਰ ਜਲ ਸਰੋਤ ਏ ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਜਤਿੰਦਰ ਜੋਰਵਾਲ, ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ, ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਕਮਲ ਕੁਮਾਰ ਗਰਗ, ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਮੁਹੰਮਦ ਇਸ਼ਫਾਕ ਅਤੇ ਪੀਐਮਆਈਡੀਸੀ ਦੇ ਜਨਰਲ ਮੈਨੇਜਰ ਵੀਪੀ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…