strong>ਮੁੱਖ ਮੰਤਰੀ ਵੱਲੋਂ ਮੋਦੀ ਨੂੰ ਯਕਮੁਸ਼ਤ ਖੇਤੀ ਕਰਜ਼ਾ ਮੁਆਫ਼ੀ ਲਈ ਵਿਸ਼ੇਸ਼ ਪੈਕਜ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਵਚਨਬੱਧਤਾ ਦੁਹਰਾਈ
ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 22 ਮਾਰਚ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚ ਘਿਰੇ ਪੰਜਾਬ ਅਤੇ ਕਰਜ਼ੇ ਵਿੱਚ ਡੁੱਬੇ ਰਾਜ ਦੇ ਕਿਸਾਨਾਂ ਦੀ ਬੇੜੀ ਬੰਨ੍ਹੇ ਪਾਉਣ ਦੇ ਮੰਤਵ ਨਾਲ ਅੱਜ ਯਕਮੁਸ਼ਤ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਜ਼ੋਰਦਾਰ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਬੱੁਧਵਾਰ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਮੀਟਿੰਗ ਦੌਰਾਨ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਮੀਟਿੰਗ ਨੂੰ ਇਕ ਸ਼ਿਸ਼ਟਾਚਾਰ ਮਿਲਣੀ ਦੱਸਿਆ। ਜਿਸ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਮੁੱਦੇ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਕੇਂਦਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਪਹਿਲਾਂ ਹੀ ਸਮਾਂਬੱਧ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਮੰਤਰੀ ਮੰਡਲ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਕਾਂਗਰਸ ਦੇ ਚੋਣ ਮੈਨੀਫੈਸਟੋ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਹਾਲ ਹੀ ਵਿੱਚ ਸੂਬੇ ’ਚ ਕਿਸਾਨ ਖੁਦਕੁਸ਼ੀਆਂ ਦੀ ਭਰਮਾਰ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਰਜ਼ੇ ਦੀ ਜਕੜ ਵਿੱਚੋਂ ਪੰਜਾਬ ਦੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸ੍ਰੀ ਮੋਦੀ ਨੂੰ ਵਿਸ਼ੇਸ਼ ਪੈਕਜ ਐਲਾਨਣ ਦੀ ਬੇਨਤੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਕਿਸਾਨਾਂ ’ਤੇ ਵਧ ਰਹੇ ਕਰਜ਼ੇ ਦੇ ਬੋਝ ਨੇ ਸੂਬੇ ਵਿੱਚ ਖੇਤੀਬਾੜੀ ਖੇਤਰ ਨੂੰ ਢਾਹ ਲਾਈ ਹੈ। ਇਸ ਨੇ ਨਾ ਸਿਰਫ਼ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਹੈ ਸਗੋਂ ਇਸ ਨੇ ਇਸ ਨਾਜ਼ੁਕ ਸਰਹੱਦੀ ਸੂਬੇ ਦੀਆਂ ਸਮਾਜਿਕ ਤੰਦਾਂ ਨੂੰ ਵੀ ਸੱਟ ਮਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਨਾਜ ਉਤਪਾਦਨ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਦੇਸ਼ ਦੇ ਅਨਾਜ ਭੰਡਾਰ ਨੂੰ ਸੁਰੱਖਿਅਤ ਬਣਾਇਆ ਹੈ। ਪ੍ਰਧਾਨ ਮੰਤਰੀ ਨੂੰ ਦਿੱਤੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ’ਤੇ ਕੁੱਲ ਖੇਤੀ ਕਰਜ਼ਾ 80 ਹਜ਼ਾਰ ਕਰੋੜ ਰੁਪਏ ਤੋਂ ਵੱਧ ਹੈ। ਜਿਸ ਵਿੱਚ ਸਹਿਕਾਰੀ ਸੈਕਟਰ ਦਾ 12,500 ਕਰੋੜ ਰੁਪਏ ਦਾ ਵੀ ਫਸਲੀ ਕਰਜ਼ਾ ਸ਼ਾਮਲ ਹੈ। ਪੰਜਾਬ ਵਿੱਚ ਫਸਲੀ ਕਰਜ਼ੇ ਸਣੇ ਪ੍ਰਤੀ ਕਿਸਾਨੀ ਪਰਿਵਾਰ ’ਤੇ ਅੌਸਤਨ ਅੱਠ ਲੱਖ ਰੁਪਏ ਦਾ ਕਰਜ਼ਾ ਹੈ। ਸੂਬੇ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ’ਤੇ ਪ੍ਰਤੀ ਹੈਕਟੇਅਰ ਕਰਜ਼ਾ ਭਾਰਤ ਵਿੱਚ ਸਭ ਤੋਂ ਵੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਸਥਿਤੀ ਏਨੀ ਬਦਤਰ ਹੋ ਚੱੁਕੀ ਹੈ ਕਿ ਕੁਝ ਕਿਸਾਨ ਆਪਣਾ ਕਰਜ਼ਾ ਨਾ ਮੋੜ ਸਕਣ ਦੇ ਨਿਕਲਣ ਵਾਲੇ ਸਮਾਜਿਕ ਤੇ ਨੈਤਿਕ ਸਿੱਟਿਆਂ ਤੋਂ ਬਚਣ ਲਈ ਖੁਦਕੁਸ਼ੀ ਕਰ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਸਥਾਗਤ ਵਸੀਲਿਆਂ ਦੇ ਕਰਜ਼ੇ ਦਰਮਿਆਨੇ ਤੇ ਛੋਟੇ ਕਿਸਾਨਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਤੋਂ ਅਸਮਰੱਥ ਹਨ ਜਦਕਿ ਸੂਬੇ ਵਿੱਚ ਵਧ ਰਹੇ ਖੇਤੀ ਸੰਕਟ ਨਾਲ ਨਜਿੱਠਣ ਲਈ ਕੇਂਦਰੀ ਖੇਤੀ ਨੀਤੀਆਂ ਦੀ ਸਮੀਖਿਆ ਕਰਨ ਦੀ ਲੋੜ ਹੈ। ਅੰਕੜਿਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਾਲ 2016-17 ਦੇ ਹਾੜ੍ਹੀ ਸੀਜ਼ਨ ਦੌਰਾਨ ਰਿਕਾਰਡ 160.60 ਲੱਖ ਮੀਟਰਕ ਟਨ ਕਣਕ ਖਰੀਦੀ ਹੈ ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਕਣਕ ਕੇਂਦਰੀ ਭੰਡਾਰ ਲਈ ਖਰੀਦੀ ਗਈ। ਉਨ੍ਹਾਂ ਕਿਹਾ ਕਿ ਸੋਕੇ ਵਰਗੇ ਹਾਲਾਤ ਰਹਿਣ ਦੇ ਬਾਵਜੂਦ ਸਾਲ 2016 ਦੀ ਸਾਉਣੀ ਰੁੱਤ ਦੌਰਾਨ ਰਿਕਾਰਡ 186.76 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ 143.33 ਲੱਖ ਮੀਟਰਕ ਟਨ ਕੇਂਦਰੀ ਭੰਡਾਰ ਲਈ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਸਾਲ 2016-17 ਦੌਰਾਨ ਸੂਬੇ ਨੇ ਕਪਾਹ ਦੀ ਪ੍ਰਤੀ ਹੈਕਟੇਅਰ 756 ਕਿਲੋਗ੍ਰਾਮ ਰੂੰ ਦੀ ਪੈਦਾਵਾਰ ਦਾ ਰਿਕਾਰਡ ਕਾਇਮ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਦੇ ਬਾਵਜੂਦ ਕਿਸਾਨਾਂ ਨੂੰ ਲਾਗਤ ਕੀਮਤਾਂ ਦੇ ਵਧਣ, ਵਸੀਲਿਆਂ ਦੇ ਸੁੰਗੜਨ ਅਤੇ ਆਮਦਨ ਘਟਣ ਦੀਆਂ ਮੁਸੀਬਤਾਂ ਹੰਢਾਉਣੀਆਂ ਪੈ ਰਹੀਆਂ ਹਨ ਜਿਸ ਨਾਲ ਪੰਜਾਬ ਦੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਸਿਰ ਕਰਜ਼ੇ ਦਾ ਬੋਝ ਵੱਧਦਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਇਨ੍ਹਾਂ ਪ੍ਰਸਥਿਤੀਆਂ ਨੇ ਕਿਸਾਨਾਂ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ ਅਤੇ ਦੂਜੇ ਪਾਸੇ ਖੇਤੀ ਸਬਸਿਡੀਆਂ ਵਧਣ ਅਤੇ ਕੁਦਰਤੀ ਵਸੀਲਿਆਂ ਵਿੱਚ ਨਿਘਾਰ ਆਉਣ ਨਾਲ ਸੂਬੇ ਦੀ ਖੇਤੀ ਹਾਲਤ ਹੋਰ ਵਿਗੜ ਰਹੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…