ਮੁੱਖ ਮੰਤਰੀ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਅਮਨ-ਸ਼ਾਂਤੀ ਤੇ ਵਿਕਾਸ ਦੇ ਮੁੱਦੇ ’ਤੇ ਲੜਨ ਦਾ ਐਲਾਨ

ਆਪ ਨੂੰ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਤੇ ਕਾਂਗਰਸ ਨੂੰ ਮੁਗਲਾਂ ਤੇ ਅੰਗਰੇਜ਼ਾਂ ਤੋਂ ਵੀ ਵੱਧ ਜਾਲਮ ਦੱਸਿਆ

ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਮੌਕੇ ਮੁੱਖ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮਨਪ੍ਰੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 30 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਮੁੱਦੇ ’ਤੇ ਲੜਨ ਦਾ ਐਲਾਨ ਕੀਤਾ ਹੈ। ਅੱਜ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮੁੱਦਾ ਹਮੇਸ਼ਾ ਹੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਪਹਿਲੀ ਤਰਜੀਹ ਰਿਹਾ ਹੈ ਅਤੇ ਸੂਬਾ ਸਰਕਾਰ ਨੇ ਇਸ ’ਤੇ ਪਿਛਲੇ ਇੱਕ ਦਹਾਕੇ ਤੋਂ ਦ੍ਰਿੜਤਾ ਨਾਲ ਪਹਿਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਤੋਂ ਬਿਨਾ ਕਿਸੇ ਵੀ ਸੂਬੇ ਜਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 10 ਸਾਲ ਪੂਰੀ ਤਰ੍ਹਾਂ ਸਦਭਾਵਨਾ ਵਾਲਾ ਮਹੌਲ ਰਹਿਣ ਕਾਰਨ ਹੀ ਸੂਬੇ ਦਾ ਚੌਤਰਫ਼ਾ ਵਿਕਾਸ ਸੰਭਵ ਹੋ ਸਕਿਆ ਹੈ ਅਤੇ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸੂਬੇ ਨੇ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦੇ ਭਲੇ ਅਤੇ ਬਰਾਬਰੀ ਦਾ ਸਿਧਾਂਤ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਨੇ ਦਿੱਤਾ ਹੈ ਜਿਸ ’ਤੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਨੇ ਆਟਾ-ਦਾਲ ਵਰਗੀਆਂ ਅਨੇਕਾਂ ਸਕੀਮਾਂ ਨੂੰ ਅਮਲ ਵਿੱਚ ਲਿਆਉਣ ਤੋਂ ਇਲਾਵਾ ਸਭਨਾਂ ਧਰਮਾਂ ਨਾਲ ਸਬੰਧਤ ਯਾਦਗਾਰਾਂ ਬਣਾਈਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਧਾਰਮਿਕ ਯਾਤਰਾ ਆਰੰਭ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ 35 ਲੱਖ ਪਰਿਵਾਰਾਂ ਨੂੰ ਆਟਾ-ਦਾਲ ਦੀ ਸਹੂਲਤ ਦਿੱਤੀ ਜਾ ਰਾਹੀ ਹੈ ਜੋ ਕੁਲ ਆਬਾਦੀ ਦਾ ਤਕਰੀਬਨ 50 ਫੀਸਦੀ ਬਣਦੀ ਹੈ।
ਕਾਂਗਰਸ ਨੂੰ ਮੁਗਲਾਂ ਅਤੇ ਅੰਗਰੇਜ਼ਾਂ ਤੋਂ ਵੀ ਵੱਧ ਜ਼ਾਲਮ ਦੱਸਦੇ ਹੋਏ ਸ੍ਰੀ ਬਾਦਲ ਨੇ ਕਿਹਾ ਕਿ ਇਸ ਨੇ ਸੂਬੇ ਨੂੰ ਧਾਰਮਿਕ, ਆਰਥਿਕ ਅਤੇ ਰਾਜਨੀਤਕ ਤੌਰ ’ਤੇ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਨੇ ਸਿੱਖਾਂ ਦੇ ਸਭ ਤੋਂ ਮੁਕੱਦਸ ਅਸਥਾਨ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਜ਼ਖ਼ਮੀ ਕੀਤਾ ਹੈ ਅਤੇ 1984 ਵਿੱਚ ਸਿੱਖਾਂ ਦਾ ਕਤਲੇਆਮ ਕਰਕੇ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕੀਤਾ ਕੀਤਾ। ਕਾਂਗਰਸ ਨੇ ਹੀ ਕੇਂਦਰ ਵਿੱਚ ਸੱਤਾ ’ਤੇ ਹੁੰਦੇ ਹੋਏ ਗੁਵਾਂਢੀ ਸੂਬਿਆਂ ਨੂੰ ਵਿੱਤੀ ਰਿਆਇਤਾਂ ਦੇ ਕੇ ਸੂਬੇ ਦੇ ਉਦਯੋਗ ਨੂੰ ਏਥੋਂ ਬਾਹਰ ਜਾਣ ਲਈ ਮਜ਼ਬੂਰ ਕੀਤਾ। ਇਸ ਨੇ ਹੀ ਆਪਣੇ 60 ਸਾਲ ਦੇ ਰਾਜ ਦੌਰਾਨ ਲੋਕਾਂ ਨੂੰ ਧਰਮ, ਜਾਤੀ ਅਤੇ ਇਲਾਕੇ ਦੇ ਨਾਂ ’ਤੇ ਵੰਡ ਕੇ ਆਪਣਾ ਉੱਲੂ ਸਿੱਧਾ ਕੀਤਾ ਹੈ ਅਤੇ ਵੱਖ ਵੱਖ ਭਾਈਚਾਰਿਆਂ ਦੇ ਮਨਾਂ ਵਿੱਚ ਨਫ਼ਰਤ ਭਰੀ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵੱਖਰੇ-ਵੱਖਰੇ ਸਮੇਂ ‘ਤੇ ਪਾਣੀਆਂ ਦੇ ਸਮਝੌਤੇ ਕਰਕੇ ਪੰਜਾਬ ਤੋਂ ਉਸ ਦਾ ਪਾਣੀ ਖੋਹਣ ਦੇ ਮਨਸੂਬੇ ਘੜੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ, ਰਾਜਸਥਾਨ ਅਤੇ ਹੋਰ ਕਿਸੇ ਸੂਬੇ ਦਾ ਪੰਜਾਬ ਦੇ ਪਾਣੀ ਤੇ ਕੋਈ ਵੀ ਹੱਕ ਨਹੀਂ ਹੈ ਪਰ ਕਾਂਗਰਸ ਸਰਕਾਰ ਨੇ ਸਾਰੇ ਕਾਨੂੰਨਾਂ ਤੇ ਪ੍ਰਮਪਰਾਵਾਂ ਨੂੰ ਛਿੱਕੇ ਉਤੇ ਟੰਗ ਕੇ ਪੰਜਾਬ ਦਾ ਪਾਣੀ ਲੁਟਾ ਦਿੱਤਾ। ਉਨ੍ਹਾਂ ਲੋਕਾਂ ਨੂੰ ਯਾਦ ਕਰਵਾਇਆ ਕਿ ਸ੍ਰੀਮਤੀ ਇੰਦਰਾ ਗਾਂਧੀ ਨੇ ਕਪੂਰੀ ਵਿਖੇ ਐਸ.ਵਾਈ.ਐਲ ਨਹਿਰ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਸੂਬਾ ਕਾਂਗਰਸ ਦੇ ਮੌਜੂਦਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਵੱਲੋਂ ਐਸ.ਵਾਈ.ਐਲ. ਨਹਿਰ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਸ ਮੌਕੇ ਸ੍ਰੀਮਤੀ ਇੰਦਰਾ ਗਾਂਧੀ ਨੂੰ ਚਾਂਦੀ ਦੀ ਕਹੀ ਅਤੇ ਬੱਠਲ ਭੇਂਟ ਕੀਤਾ ਸੀ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੀ ਰਾਖੀ ਲਈ ਅਕਾਲੀ ਦਲ ਨੇ ਉਸ ਸਮੇਂ ਹੀ ਕਪੂਰੀ ਵਿਖੇ ਮੋਰਚਾ ਲਾਇਆ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਹੀ ਪੰਜਾਬ ਨੂੰ ਇਸ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੋਂ ਵਾਂਝੇ ਰੱਖਿਆ ਅਤੇ ਹੁਣ ਇਸ ਵੱਲੋਂ ਆਪਣੇ ਇਨ੍ਹਾਂ ਗੁਨਾਹਾਂ ਉੱਤੇ ਪਰਦਾ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਪੰਜਾਬੀ ਕਦੀ ਮੁਆਫ ਨਹੀਂ ਕਰ ਸਕਦੇ। ਆਮ ਆਦਮੀ ਪਾਰਟੀ ਨੂੰ ਫਰਾਡ ਦੱਸਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਦੀ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੂਬੇ ਨੂੰ ਮਾਰੂਥਲ ਬਣਾਉਣ ਦੀ ਸਾਜ਼ਿਸ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਮਾਮਲਿਆਂ ਦਾ ਮਾਮਲਾ ਕੇਵਲ ਕਿਸਾਨੀ ਦਾ ਮਸਲਾ ਹੀ ਨਹੀਂ ਹੈ। ਜੇ ਪਾਣੀਆਂ ਦੇ ਖੁਸਣ ਕਾਰਨ ਕਿਸਾਨੀ ਤਬਾਹ ਹੋ ਗਈ ਤਾਂ ਇਸ ਦਾ ਸੂਬੇ ਦੇ ਸਮੁੱਚੇ ਲੋਕਾਂ ’ਤੇ ਅਸਰ ਹੋਵੇਗਾ ਅਤੇ ਹੋਰ ਧੰਦੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਣਗੇ।
ਇਸੇ ਦੌਰਾਨ ਪੱਤਰਕਾਰਾਂ ਵੱਲੋਂ ਨੋਟਬੰਦੀ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਸਮੇਂ ਲੋਕਾਂ ਨੂੰ ਕੁਝ ਸਮੱਸਿਆਵਾਂ ਆ ਰਹੀਆਂ ਹਨ ਪਰ ਲੰਮੇ ਸਮੇਂ ਦੌਰਾਨ ਦੇਸ਼ ਦੇ ਲੋਕਾਂ ਨੂੰ ਇਸ ਦਾ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਇਸ ਨੂੰ ਵਕਤੀ ਸਮੱਸਿਆ ਦੱਸਦੇ ਹੋਏ ਕਿਹਾ ਇਹ ਕੁਝ ਦਿਨਾਂ ਤੱਕ ਹੱਲ ਹੋ ਜਾਵੇਗੀ। ਸੰਗਤ ਦਰਸ਼ਨ ਦੀ ਮਹੱਤਤਾ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਜਮਹੂਰੀਅਤ ਤੇ ਲੋਕ ਸੇਵਾ ਦੀ ਉੱਚਤਮ ਮਿਸਾਲ ਹੈ। ਇਸ ਵਿਚ ਜਮਹੂਰੀ ਢੰਗ ਨਾਲ ਲੋਕਾਂ ਦੀ ਲੋੜਾਂ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਉਦੇਸ਼ ਸਮੇਂ ਅਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਸਮੂਲੀਅਤ ਨੂੰ ਯਕੀਨੀ ਬਨਾਉਣਾ ਵੀ ਹੈ। ਇਸ ਮੌਕੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਵੀ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…