ਮੁੱਖ ਮੰਤਰੀ ਵੱਲੋਂ ਜਲੰਧਰ ਵਿਖੇ 101 ਏਕੜ ਜ਼ਮੀਨ ’ਤੇ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ

ਨਬਜ਼-ਏ-ਪੰਜਾਬ ਬਿਊਰੋ, ਬੱਲਾਂ,(ਜਲੰਧਰ) 22 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਦੀਵੀਂ ਕਾਇਮ ਰੱਖਣ ਲਈ 101 ਏਕੜ ਜ਼ਮੀਨ ਵਿੱਚ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ, ਜੋ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਲਈ ਆਏ ਸਨ, ਨੇ ਕਿਹਾ ਕਿ ਡੇਰੇ ਦੇ ਨਾਲ ਲੱਗਦੀ ਜ਼ਮੀਨ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ ਅਤੇ ਡੇਰੇ ਵੱਲੋਂ ਹੀ ਇਸ ਦਾ ਪ੍ਰਬੰਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਦਸ ਸਾਲਾਂ ਲਈ ਚੇਅਰ ਦੇ ਸੰਚਾਲਨ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ। ਸ. ਚੰਨੀ ਨੇ ਆਸ ਪ੍ਰਗਟ ਕੀਤੀ ਕਿ ਇਹ ਅਤਿ ਆਧੁਨਿਕ ਚੇਅਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਵਿਸ਼ਾਲ ਖੋਜ ਕੇਂਦਰ ਵਜੋਂ ਉਭਰੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨਾਂ ਵੱਲੋਂ ਵੀਰਵਾਰ ਨੂੰ ਕਪੂਰਥਲਾ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਨੂੰ ਸਮਰਪਿਤ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸੇ ਤਰਾਂ ਰਾਜ ਵਿੱਚ ਬਾਬਾ ਸਾਹਿਬ ਦੇ ਨਾਂ ‘ਤੇ ਇੱਕ ਮੈਨੇਜਮੈਂਟ ਕਾਲਜ ਵੀ ਸਥਾਪਤ ਕੀਤਾ ਜਾਵੇਗਾ। ਸ. ਚੰਨੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਇਹ ਧਰਤੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੀ ਹੈ, ਜਿਨਾਂ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾਵਾਦੀ ਸਮਾਜ ਦਾ ਪਾਠ ਪੜਾਇਆ । ਸ. ਚੰਨੀ ਨੇ ਇਹ ਵੀ ਕਿਹਾ ਕਿ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਕੇ ਉਨਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।
ਮੁੱਖ ਮੰਤਰੀ ਨੇ ਡੇਰੇ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ । ਉਨਾਂ ਕਿਹਾ ਕਿ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਨਾਲ ਜੋੜਨ ਤੋਂ ਇਲਾਵਾ ਡੇਰਾ ਸਮਾਜ ਦੇ ਲੋੜਵੰਦ ਅਤੇ ਗਰੀਬ ਵਰਗ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ। ਸ. ਚੰਨੀ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਮੁੱਖ ਮੰਤਰੀ ਦਾ ਡੇਰੇ ਵਿਖੇ ਪੁੱਜਣ ‘ਤੇ ਸਵਾਗਤ ਕੀਤਾ ਗਿਆ। ਉਨਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਸ. ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਡੇਰਾ ਮੁਖੀ ਬਾਬਾ ਨਿਰੰਜਣ ਦਾਸ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਅਤੇ ਸਿਰੋਪਾਓ ਭੇਟ ਕੀਤਾ ਗਿਆ।

Load More Related Articles
Load More By Nabaz-e-Punjab
Load More In Agriculture & Forrest

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…