
ਮੁੱਖ ਮੰਤਰੀ ਚੰਨੀ ਦੇ ਛੋਟੇ ਭਰਾ ਨੇ ਬਗਾਵਤ ਦਾ ਝੰਡਾ ਚੁੱਕਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਬੀਤੇ ਕੱਲ੍ਹ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਹੁਕਮਰਾਨ ਪਾਰਟੀ ਦੇ ਆਗੂਆਂ ਵਿੱਚ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਕਈ ਹਲਕਿਆਂ ਵਿੱਚ ਟਿਕਟ ਨਾ ਮਿਲਣ ਤੋਂ ਨਰਾਜ਼ ਕਾਂਗਰਸੀ ਆਗੂਆਂ ਨੇ ਬਗਾਵਤ ਦਾ ਝੰਡਾ ਚੁੱਕ ਲਿਆ ਹੈ। ਜਿਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਅਤੇ ਸੇਵਾਮੁਕਤ ਐਸਐਮਓ ਡਾ. ਮਨੋਹਰ ਸਿੰਘ ਵੀ ਸ਼ਾਮਲ ਹੈ। ਉਹ ਬੱਸੀ ਪਠਾਣਾ (ਰਾਖਵੇਂ) ਹਲਕੇ ਤੋਂ ਚੋਣ ਲੜਨ ਦੇ ਚਾਹਵਾਨ ਹਨ ਪ੍ਰੰਤੂ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ’ਚੋਂ ਬਾਗੀ ਹੋਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਇਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕੀਤਾ ਹੈ। ਡਾ. ਮਨੋਹਰ ਸਿੰਘ ਦਾ ਕਹਿਣਾ ਹੈ ਕਿ ਬੱਸੀ ਪਠਾਣਾ ਦੇ ਮੌਜੂਦਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਹਲਕੇ ਵਿੱਚ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਜ਼ਾਦ ਤੌਰ ’ਤੇ ਚੋਣ ਲੜਨਗੇ। ਉਂਜ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿੱਥੇ ਲੋੜ ਪਈ ਉਹ ਆਪਣੇ ਭਬਾ ਚਰਨਜੀਤ ਸਿੰਘ ਚੰਨੀ ਦੇ ਨਾਲ ਖੜ੍ਹਨਗੇ।