Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਕਿਸਾਨ ਕਰਜ਼ਾ ਮੁਆਫ਼ੀ ਤੇ ਸੰਪਰਕ ਸੜਕਾਂ ਦੀ ਮੁਰੰਮਤ ਦੀ ਸਕੀਮ ਦੀ ਮਾਨਸਾ ਤੋਂ ਸ਼ੁਰੂਆਤ ਕੈਪਟਨ ਵੱਲੋਂ ਕਰਜ਼ਾ ਮੁਆਫ਼ੀ ਸਬੰਧੀ ਝੂਠਾ ਭੰਡੀ ਪ੍ਰਚਾਰ ਕਰਨ ਲਈ ਆਪ ਤੇ ਅਕਾਲੀ ਆਗੂਆਂ ਤੇ ਕਿਸਾਨਾਂ ਦੀ ਨਿਖੇਧੀ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਬਰਨਾਲਾ ਦੇ ਕਿਸਾਨ ਵੱਲੋਂ ਨਾਂ ਸ਼ਾਮਲ ਨਾ ਹੋਣ ਕਾਰਨ ਕੀਤੀ ਖ਼ੁਦਕੁਸ਼ੀ ਵੀ ਇਸ ਭੰਡੀ ਪ੍ਰਚਾਰ ਦਾ ਹਿੱਸਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਧੰਨਵਾਦੀ ਮਤਾ ਕੀਤਾ ਪੇਸ਼, ਪੰਚਾਇਤ ਮੰਤਰੀ ਬਾਜਵਾ ਨੇ ਦਿੱਤਾ ਸਵਾਗਤੀ ਭਾਸ਼ਣ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮਾਨਸਾ, 7 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਕੀਤੇ ਵਾਅਦੇ ਬਾਰੇ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਇਹ ਵਾਅਦਾ ਪੂਰਾ ਕਰਨ ਲਈ ਅੱਜ ਕੈਪਟਨ ਸਰਕਾਰ ਨੇ ਸ਼ੁਰੂਆਤ ਕਰ ਦਿੱਤੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਸਰਕਾਰ ਦੀ ਇਤਿਹਾਸਕ ਸਕੀਮ ਦੀ ਪੰਜ ਜ਼ਿਲ੍ਹਿਆਂ ਲਈ ਸ਼ੁਰੂਆਤ ਕਰਨ ਵੇਲੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੱਲ੍ਹ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕੀਤਾ ਜਿਸ ਦੇ ਬਾਰੇ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਨੇ ਬੇਸ਼ਰਮੀ ਦੀ ਹੱਦ ਤੱਕ ਭੰਡੀ ਪ੍ਰਚਾਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ’ਤੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਂ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨ ਦਾ ਨਾਂ ਸੂਚੀ ਵਿੱਚ ਸ਼ਾਮਲ ਸੀ ਜਿਸ ਦੇ ਬਾਰੇ ਵਿਰੋਧੀਆਂ ਨੇ ਆਪਦੇ ਸੌੜੇ ਸਿਆਸੀ ਹਿੱਤਾਂ ਲਈ ਭੰਡੀ ਪ੍ਰਚਾਰ ਦੀ ਝੂਠੀ ਮੁਹਿੰਮ ਸ਼ੁਰੂ ਕੀਤੀ। ਮੁੱਖ ਮੰਤਰੀ ਨੇ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ’ਤੇ ਸਵਾਲ ਉਠਾਏ ਜੋ ਇਸ ਭੰਡੀ ਪ੍ਰਚਾਰ ਦੀ ਮੁਹਿੰਮ ਪਿੱਛੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੋ ਦੇਣ ਦੇ ਸਮਰਥ ਹੈ, ਉਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਵੱਡਾ ਵਿੱਤੀ ਸੰਕਟ ਦਰਪੇਸ਼ ਹੈ ਅਤੇ ਚੋਣਾਂ ਤੋਂ ਪਹਿਲੋਂ ਕਾਂਗਰਸ ਵੱਲੋਂ ਲਾਏ ਗਏ ਅਨੁਮਾਨ ਨਾਲੋਂ ਵੀ ਇਹ ਸੰਕਟ ਜ਼ਿਆਦਾ ਡੂੰਘਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਲਈ ਰਾਹ ਕਢਿਆ ਹੈ ਜਿਸ ਬਾਰੇ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਕੇਵਲ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਸਣੇ ਹੋਰਨਾਂ ਸੂਬਿਆਂ ਵੱਲੋਂ ਕੀਤੀ ਗਈ ਕਰਜ਼ਾ ਮੁਆਫੀ ਤੋਂ ਵੱਧ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਸਗੋਂ ਅਜਿਹਾ ਭਾਰੀ ਵਿੱਤੀ ਸੰਕਟ ਦੇ ਬਾਵਜੂਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮਾਹਾਰਾਸ਼ਟਰ ਦੀ ਮਿਸਾਲ ਦਿੱਤੀ ਜਿੱਥੇ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਉਤਰ ਪ੍ਰਦੇਸ਼ ਵੱਲੋਂ ਇਕ ਲੱਖ ਰੁਪਏ ਤੱਕ, ਰਾਜਸਥਾਨ ਵੱਲੋਂ 50 ਹਜ਼ਾਰ ਰੁਪਏ ਤੱਕ, ਮੱਧ ਪ੍ਰਦੇਸ਼ ਵੱਲੋਂ ਇਕ ਲੱਖ ਰੁਪਏ ਤੱਕ ਅਤੇ ਕਰਨਾਟਕਾ ਵੱਲੋਂ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦੇ ਕੀਤੇ ਗਏ ਐਲਾਨ ਦੀ ਵੀ ਉਨ੍ਹਾਂ ਨੇ ਮਿਸਾਲ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਉਨ੍ਹਾਂ ਦੀ ਸਰਕਾਰ ਨੇ ਇਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸੰਕੇਤ ਦੇ ਰੂਪ ਵਿੱਚ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੋਸਾਇਟੀਆਂ ਦੇ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ। ਇਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਇਹ ਪੈਸਾ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਉਨ੍ਹਾਂ ਕਿਸਾਨੀ ਸਮੱਸਿਆਵਾਂ ਦੇ ਹੱਲ ਕਰਨ ਪ੍ਰਤੀ ਇਕ ਕਦਮ ਹੈ ਜਿਸ ਦੇ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਪਹਿਲੇ ਪੜਾਅ ਦੌਰਾਨ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਕੁਝ ਤਕਨੀਕੀ ਨੁਕਸਾਂ ਕਾਰਨ ਕੁਝ ਕਿਸਾਨ ਇਸ ਸਕੀਮ ’ਚੋਂ ਬਾਹਰ ਰਹਿ ਜਾਣ ਦੀ ਗੱਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਵੀ ਸੁਲਝਾਇਆ ਜਾ ਰਿਹਾ ਹੈ ਅਤੇ ਜਿਨ੍ਹਾਂ ਦੀਆਂ ਅਜੇ ਵੀ ਕਿਸੇ ਤਰ੍ਹਾਂ ਦੀਆਂ ਸ਼ਿਕਾਇਤਾਂ ਹਨ ਉਹ ਸਬੰਧਤ ਐਸ.ਡੀ.ਐਮ. ਜਾਂ ਡੀ.ਸੀ. ਕੋਲ ਪਹੁੰਚ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ਇਨ੍ਹਾਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਦਾ ਨਿਰਦੇਸ਼ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਸਕੀਮ ਵਿੱਚ ਕਿਸੇ ਵੀ ਯੋਗ ਕਿਸਾਨ ਨੂੰ ਬਾਹਰ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਹ ਖੁਦ ਨਿੱਜੀ ਤੌਰ ’ਤੇ ਇਸ ਤੇ ਨਿਗਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੂਬੇ ਦੇ ਗਰੀਬ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਪਹੁੰਚੇ ਜਿਨ੍ਹਾਂ ਦੇ 17.5 ਲੱਖ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਹੇਠ 10.25 ਲੱਖ ਕਿਸਾਨਾਂ ਨੂੰ ਲਿਆਂਦਾ ਜਾ ਰਿਹਾ ਹੈ ਅਤੇ ਸਿਰਫ ਵੱਡੇ ਕਿਸਾਨ ਹੀ ਇਸ ਵਿੱਚੋਂ ਬਾਹਰ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਕ ਵੱਡਾ ਕਿਸਾਨ ਹੈ ਅਤੇ ਉਨ੍ਹਾਂ ਵਰਗੇ ਪ੍ਰਕਾਸ਼ ਸਿੰਘ ਬਾਦਲ ਸਣੇ ਹੋਰ ਵੀ ਕਈ ਕਿਸਾਨ ਹਨ ਜੋ ਕਿ ਆਪਣਾ ਭਾਰ ਆਪ ਚੁੱਕ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਦੇ ਵਾਸਤੇ ਆਪਣੇ ਸਿਰ ’ਤੇ ਹੀ ਢੰਗ ਤਰੀਕੇ ਲੱਭੇਗੀ ਕਿਉਂਕਿ ਇਸ ਨੂੰ ਕੇਂਦਰ ਸਰਕਾਰ ਤੋਂ ਕੋਈ ਵੀ ਮਦਦ ਨਹੀਂ ਮਿਲ ਰਹੀ। ਉਨ੍ਹਾਂ ਨੇ ਕਰਜ਼ੇ ਮੁਆਫ ਕਰਨ ਸਬੰਧੀ ਕੇਂਦਰ ਦੀ ਸਹਾਇਤਾ ਪ੍ਰਾਪਤ ਕਰਨ ਵਾਸਤੇ ਨਿੱਜੀ ਤੌਰ ’ਤੇ ਬਹੁਤ ਸਾਰੀਆਂ ਕੇਂਦਰ ਨਾਲ ਮੀਟਿੰਗਾਂ ਕੀਤੀਆਂ ਹਨ ਪਰ ਉਸ ਨੇ ਇਸ ਮਾਮਲੇ ’ਤੇ ਸੂਬੇ ਨੂੰ ਕੋਈ ਮਦਦ ਨਹੀਂ ਦਿੱਤੀ। ਇਸ ਦੇ ਬਾਵਜੂਦ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਇਹ ਅਹਿਮ ਵਾਅਦੇ ਨੂੰ ਅਮਲੀਜਾਮਾ ਪਹਿਣਾਇਆ ਹੈ। ਸੂਬੇ ਦੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਇਸ ’ਚੋਂ ਬਾਹਰ ਕੱਢਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ ਨਰਮੇ ਸਣੇ ਵੱਖ ਵੱਖ ਫਸਲਾਂ ਦਾ ਰਿਕਾਰਡ ਉਤਪਾਦਨ ਹੋਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੂਬੇ ਦੀ ਵਿੱਤੀ ਹਾਲਤ ਸਥਿਰ ਹੋਣ ਦੇ ਨਾਲ ਖੇਤ ਮਜ਼ਦੂਰਾਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਆਪਣੇ ਵਚਨਾਂ ਦੀ ਪੱਕੀ ਸਰਕਾਰ ਦੱਸਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਘਟੀਆ ਸਿਆਸਤ ਖੇਡਦੇ ਰਹੇ ਜਦਕਿ ਕੈਪਟਨ ਸਰਕਾਰ ਨੇ ਇਸ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਅਤੇ ਸੰਜੀਦਗੀ ਨੂੰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲ ਨੇ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕਰੇਗਾ ਅਤੇ ਹੁਣ ਉਸੇ ਗੱਲ ’ਤੇ ਪਰਦਾ ਪਾਉਣ ਲਈ ਇਹ ਆਖ ਰਹੇ ਹਨ ਕਿ ਦੋ ਲੱਖ ਰੁਪਏ ਤੱਕ ਦੀ ਰਾਹਤ ਕਿਸਾਨਾਂ ਲਈ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਦੀ ਤਰ੍ਹਾਂ ਕਾਂਗਰਸ ਪਾਰਟੀ ਝੂਠੇ ਵਾਅਦਿਆਂ ਦੀ ਸਿਆਸਤ ਨਹੀਂ ਕਰਦੀ। ਸ੍ਰੀ ਜਾਖੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ 90,000 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਸੀ ਅਤੇ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਮੱਧ ਪ੍ਰਦੇਸ਼, ਮਾਹਾਰਾਸ਼ਟਰਾ ਅਤੇ ਰਾਜਸਥਾਨ ਵਰਗਿਆਂ ਸੂਬਿਆਂ ਨੂੰ ਵੀ ਅਜਿਹਾ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਪੰਥ ਦੇ ਨਾਂ ’ਤੇ ਅਤੇ ਕਿਸਾਨੀ ਮਸਲਿਆਂ ’ਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਬਾਦਲਾਂ ਅਤੇ ਅਕਾਲੀਆਂ ਦੀ ਆਲੋਚਨਾ ਕਰਦੇ ਹੋਏ ਜਾਖੜ ਨੇ ਕਿਹਾ ਕਿ ਬਾਦਲ ਸਰਕਾਰ ਨੇ ਕਿਸਾਨਾਂ ਲਈ ਕੁਝ ਵੀ ਨਹੀਂ ਕੀਤਾ ਸਗੋਂ ਸੂਬੇ ਨੂੰ ਭਾਰੀ ਭਰਕਮ ਕਰਜ਼ੇ ਦੇ ਹੇਠ ਦਬਾ ਦਿੱਤਾ ਹੈ। ਕਿਸਾਨਾਂ ਦੀ ਪੀੜਾ ਨੂੰ ਮਹਿਸੂਸ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ 10 ਮਹੀਨਿਆਂ ਵਿੱਚ ਹੀ ਉਹ ਸਭ ਕੁਝ ਕਰਕੇ ਦਿਖਾ ਦਿੱਤਾ ਹੈ ਜੋ ਅਕਾਲੀ 10 ਸਾਲਾਂ ਵਿੱਚ ਵੀ ਕਰਨ ਤੋਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਿਰਫ ਪੈਸੇ ਦੇ ਭੁੱਖੇ ਸਨ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਮੁੱਦਿਆਂ ਦਾ ਸਿਆਸੀਕਰਨ ਕੀਤਾ ਹੈ। ਕਾਂਗਰਸ ਨਾਲ ਸਿਆਸੀ ਮੱਤਭੇਦ ਹੋਣ ਦੇ ਬਾਵਜੂਦ ਬਾਦਲਾਂ ਨੂੰ ਆਪਣੇ ਸੌੜੇ ਹਿੱਤਾਂ ਲਈ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ। ਅਸਲ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਸੱਤਾਧਾਰੀ ਪਾਰਟੀ ਨੂੰ ਸਮਰਥਨ ਦੇਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਸਾਲ 2007 ਵਿੱਚ ਸੱਤਾ ਛੱਡੀ ਸੀ ਤਾਂ ਉਸ ਵੇਲੇ ਸੂਬੇ ਦੇ ਸਿਰ 46,000 ਕਰੋੜ ਰੁਪਏ ਦਾ ਕਰਜ਼ਾ ਸੀ ਜਦਕਿ ਸਾਲ 2017 ਦੇ ਆਖਿਰ ਤੱਕ ਇਹ ਕਰਜ਼ਾ ਦੋ ਲੱਖ ਕਰੋੜ ਰੁਪਏ ਦਾ ਹੋ ਗਿਆ ਹੈ। ਜਾਖੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਿੱਚ ਵੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਆਪਣੇ ਸਵਾਗਤੀ ਭਾਸ਼ਣ ਵਿੱਚ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮਾੜੀ ਵਿੱਤੀ ਸਿਹਤ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੀ ਕੀਤੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਲਿਆਉਣ ਲਈ ਕੁਝ ਵੀ ਨਹੀਂ ਕੀਤਾ। ਬਾਜਵਾ ਨੇ ਇਹ ਜਾਣਨਾ ਚਾਹਿਆ ਕਿ ਬਾਦਲ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਲਈ ਕੀ ਹਾਸਲ ਕੀਤਾ ਸੀ। ਇਸ ਮੌਕੇ ਧੰਨਵਾਦ ਦਾ ਮੱਤਾ ਪੇਸ਼ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਮੰਤਰੀਆਂ ਦੀ ਸਮੁੱਚੀ ਟੀਮ ਅਤੇ ਪਾਰਟੀ ਵਿਧਾਇਕ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਵਿੱਤੀ ਸਥਿਤੀ ਨੂੰ ਮੁੜ ਪੈਰਾਂ ’ਤੇ ਲਿਆਉਣ ਲਈ ਸਾਰੇ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀ ਆਰਥਕ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ 16,000 ਕਿਲੋਮੀਟਰ ਲੰਮੀਆਂ ਸੰਪਰਕ ਸੜਕਾਂ ਦੀ ਮਰੰਮਤ ਅਤੇ ਪੱਧਰ ਉੱਚਾ ਚੁੱਕਣ ਵਾਲੇ ਇਕ ਵਿਸ਼ਾਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਉੱਤੇ 2000 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰੋਜੈਕਟ ਪੰਜਾਬ ਮੰਡੀ ਬੋਰਡ ਵੱਲੋਂ ਚਲਾਇਆ ਜਾਵੇਗਾ ਅਤੇ 31 ਮਾਰਚ 2019 ਤੱਕ ਮੁਕੰਮਲ ਹੋਵੇਗਾ। ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸੰਪਰਕ ਸੜਕਾਂ ਕਿਸਾਨਾਂ ਲਈ ਬਹੁਤ ਜ਼ਿਆਦਾ ਅਹਿਮ ਹਨ ਕਿਉਂਕਿ ਇਨ੍ਹਾਂ ਰਾਹੀਂ ਹੀ ਉਨ੍ਹਾਂ ਨੇ ਆਪਣਾ ਉਤਪਾਦ ਮੰਡੀਆਂ ਵਿੱਚ ਲਿਆਉਣਾ ਹੁੰਦਾ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਉਨ੍ਹਾਂ ਨੇ ਆਪਣੇ ਪਿਛਲੇ ਕਾਰਜ ਕਾਲ ਦੌਰਾਨ ਕਰਾਈ ਸੀ ਜਿਸ ਕਰਕੇ ਹੁਣ ਇਨ੍ਹਾਂ ਨੂੰ ਨਵਾਂ ਰੂਪ ਦਿੱਤੇ ਜਾਣ ਦੀ ਜ਼ਰੂਰਤ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਧੂ ਸਿੰਘ ਧਰਮਸੋਤ, ਅਰੁਨਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਕਾਂਗਰਸ ਪਾਰਟੀ ਦੇ ਬਹੁਤ ਸਾਰੇ ਵਿਧਾਇਕ, ਆਗੂ ਅਤੇ ਵਰਕਰ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ