nabaz-e-punjab.com

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹੈਪੇਟਾਈਟਸ-ਸੀ ਦੇ ਇਲਾਜ ਲਈ ਨਵੀਂ ਦਵਾਈ ਦੀ ਸੰਭਾਵਨਾ ਤਲਾਸ਼ਣ ਦੇ ਆਦੇਸ਼

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿਚ ਹੈਪੇਟਾਈਟਸ-ਸੀ ਦੇ ਮਰੀਜ਼ਾਂ ਦੇ ਇਲਾਜ ਲਈ ਅਮਰੀਕਾ ਅਧਾਰਤ ਕੰਪਨੀ ਗਿਲੀਐਡ ਸਾਇੰਸਿਜ਼ ਵੱਲੋਂ ਪੇਸ਼ ਕੀਤੀ ਨਵੀਂ ਦਵਾਈ ਐਪਕਲੂਸਾ ਦੀ ਸੰਭਾਵਨਾ ਦਾ ਪਤਾ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਇਸ ਨਵੀਂ ਦਵਾਈ ਬਾਰੇ ਏਮਜ਼ ਅਤੇ ਪੀ.ਜੀ.ਆਈ ਵੱਲੋਂ ਕੀਤੀ ਪਰਖ ਦੇ ਨਤੀਜਿਆਂ ਦਾ ਮੁਲਾਂਕਣ ਕਰਕੇ ਸਫਲਤਾ ਦਰ ਦਾ ਵੀ ਪਤਾ ਲਾਇਆ ਜਾਵੇ ਤਾਂ ਜੋ ਸੂਬਾ ਸਰਕਾਰ ਇਸ ਪੇਸ਼ਕਸ਼ ਨੂੰ ਪ੍ਰਵਾਨ ਕਰਨ ਬਾਰੇ ਅੰਤਿਮ ਫੈਸਲਾ ਲੈ ਸਕੇ।
ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਵਿਚਾਰ ਚਰਚਾ ਦੌਰਾਨ ਗਿਲੀਐਡ ਸਾਇੰਸਿਜ਼ ਦੇ ਏਸ਼ੀਅਨ ਖਿੱਤੇ ਦੇ ਸਰਕਾਰੀ ਮਾਮਲਿਆਂ ਬਾਰੇ ਡਾਇਰੈਕਟਰ ਕਲੌਡੀਓ ਲੀਲੀਅਨਫੈਲਡ ਵੱਲੋਂ ਵਿਸਥਾਰ ਵਿਚ ਦਿੱਤੀ ਪੇਸ਼ਕਾਰੀ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹਦਾਇਤਾਂ ਜਾਰੀ ਕੀਤੀਆਂ। ਲੀਲੀਅਨਫੈਲਡ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਦੁਨੀਆਂ ਭਰ ਵਿਚ ਹੈਪੇਟਾਈਟਸ-ਸੀ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਇਹ ਦਵਾਈ ਕਾਰਗਰ ਸਿੱਧ ਹੋਈ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਐਪਕਲੂਸਾ ਦਵਾਈ ਨੂੰ ਅਮਰੀਕਾ ਵਿਚ ਸਫਲਤਾਪੂਰਵਕ ਢੰਗ ਨਾਲ ਲਾਂਚ ਕੀਤਾ ਗਿਆ ਜਿੱਥੇ ਬਹੁਤ ਹੀ ਗੰਭੀਰ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਹੋਣ ਦੇ ਨਤੀਜੇ ਸਾਹਮਣੇ ਆਏ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਏਮਜ਼ ਅਤੇ ਪੀ.ਜੀ.ਆਈ ਵਰਗੀਆਂ ਕੌਮੀ ਪੱਧਰ ਦੀਆਂ ਵੱਕਾਰੀ ਸਿਹਤ ਅਤੇ ਖੋਜ ਸੰਸਥਾਵਾਂ ਵੱਲੋਂ ਵਿਸਥਾਰ ਵਿਚ ਅਧਿਐਨ ਕਰਨ ਤੋਂ ਬਾਅਦ ਹੀ ਪੰਜਾਬ ਵਿਚ ਇਸ ਦਵਾਈ ਦੀ ਸਪਲਾਈ ਲਈ ਗਿਲੀਐਡ ਸਾਇੰਸਿਜ਼ ਨਾਲ ਸਮਝੌਤਾ ਸਹੀਬੰਦ ਕੀਤਾ ਜਾਵੇਗਾ। ਇਸ ਦੌਰਾਨ ਸੂਬੇ ਦੇ ਪ੍ਰੋਗਰਾਮ ਅਫਸਰ ਡਾ. ਗਗਨਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਸੂਬੇ ਦੇ 22 ਜ਼ਿਲ੍ਹਾ ਹਸਪਤਾਲਾਂ ਅਤੇ ਤਿੰਨ ਮੈਡੀਕਲ ਕਾਲਜਾਂ ਵਿਚ ਹੈਪੇਟਾਈਟਸ-ਸੀ ਦਾ ਇਲਾਜ ਕੀਤਾ ਜਾ ਰਿਹਾ ਹੈ ਜਿੱਥੇ ਸਿਹਤ ਮਾਹਰਾਂ, ਲੈਬ ਤਕਨੀਸ਼ਨਾਂ ਅਤੇ ਫਾਰਮਾਸਿਸਟਾਂ ਨੂੰ ਸੰਭਾਲ ਲਈ ਤਾਇਨਾਤ ਕੀਤਾ ਗਿਆ ਹੈ। ਸਰਕਾਰ ਵੱਲੋਂ ਦਵਾਈ ਬਣਾਉਣ ਵਾਲੀਆਂ ਕੰਪਨੀਆਂ ਅਤੇ ਸਿਹਤ ਜਾਂਚ ਕਰਨ ਵਾਲਿਆਂ ਨਾਲ ਕੀਤੀ ਗੱਲਬਾਤ ਤੋਂ ਬਾਅਦ ਤੈਅ ਕੀਤੀ ਦਰ ਮੁਤਾਬਕ 12 ਹਫ਼ਤੇ ਚੱਲਣ ਵਾਲੇ ਇਲਾਜ ਲਈ ਮਰੀਜ਼ਾਂ ਨੂੰ ਉਨ੍ਹਾਂ ਦੀ ਸਥਿਤੀ ਮੁਤਾਬਕ 2200-5200 ਰੁਪਏ ਦੇਣੇ ਹੋਣਗੇ ਜਦਕਿ ਪ੍ਰਾਈਵੇਟ ਸੈਕਟਰ ਵਿਚ 43000-72000 ਰੁਪਏ ਦਾ ਮਹਿੰਗਾ ਇਲਾਜ ਕਰਵਾਉਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜੁਲਾਈ ਦੇ ਅੱਧ ਤੱਕ ਹੈਪੇਟਾਈਟਸ-ਸੀ ਦੇ 31,000 ਮਰੀਜ਼ਾਂ ਦਾ ਇਲਾਜ 93 ਫੀਸਦੀ ਦੀ ਸਫਲ ਦਰ ਨਾਲ ਕੀਤਾ ਗਿਆ ਹੈ।
ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਅੰਜਲੀ ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰੁਣ ਰੂਜ਼ਮ ਅਤੇ ਡਾਇਰੈਕਟਰ ਸਿਹਤ ਵਿਭਾਗ ਰਾਜੀਵ ਭੱਲਾ ਤੋਂ ਇਲਾਵਾ ਢਿੱਲੋਂ ਗਰੁੱਪ ਦੇ ਕਰਨ ਢਿੱਲੋਂ ਵੀ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…