Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਮੁਸਾਫਰਾਂ ਦੀ ਯਾਤਰਾ ਸੁਰੱਖਿਅਤ ਬਣਾਉਣ ਲਈ ਟਰਾਂਸਪੋਰਟ ਵਿਭਾਗ ਤੁਰੰਤ ਕਦਮ ਚੁੱਕਣ ਦੇ ਹੁਕਮ ਯਾਤਰੀਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਅਕਤੂਬਰ: ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਖਤਰਨਾਕ ਹਾਲਤ ਸਬੰਧੀ ਰਿਪੋਰਟ ਉੱਤੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੂੰ ਮੁਸਾਫਰਾਂ ਦੀ ਯਾਤਰਾ ਸੁਰੱਖਿਅਤ ਬਣਾਉਣ ਦੇ ਵਾਸਤੇ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਢੁੱਕਵੇਂ ਪੁਰਜਿਆਂ ਦੀ ਸਪਲਾਈ ਦੀ ਘਾਟ ਅਤੇ ਘਸੇ ਹੋਏ ਟਾਇਰਾਂ ਨਾਲ ਚੱਲ ਰਹੀਆਂ ਬੱਸਾਂ ਸਬੰਧੀ ਮੀਡੀਆ ਰਿਪੋਰਟਾਂ ਉੱਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਇਸ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਟਰਾਂਸਪੋਰਟ ਵਿਭਾਗ ਨੂੰ ਡਿਪੂਆਂ ਵਾਸਤੇ ਬੱਸਾਂ ਦੇ ਲੋੜੀਂਦੇ ਸਾਜੋ-ਸਮਾਨ ਦੀ ਫੌਰੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਤੇ ਮੁਸਾਫਿਰਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾਏ ਜਾਣ ਦੀ ਕਿਸੇ ਵੀ ਸੂਰਤ ਵਿੱਚ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਰੂਰੀ ਸਪਲਾਈ ਦੀ ਘਾਟ ਕਾਰਨ ਜੇਕਰ ਇੱਕ ਵੀ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਰੋਡਵੇਜ਼ ਦੇ ਡਿਪੂਆਂ ਵਾਸਤੇ ਜ਼ਰੂਰੀ ਸਪਲਾਈ ਤੁਰੰਤ ਕਰਨ ਲਈ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਬਣਨ ਤੋਂ ਬਾਅਦ ਉਨ੍ਹਾਂ ਨੇ ਜ਼ਰੂਰੀ ਵਿਕਾਸ ਕਾਰਜਾਂ ਉੱਤੇ ਬੁਰਾ ਪ੍ਰਭਾਵ ਪੈਣ ਤੋਂ ਰੋਕਣ ਲਈ ਫੰਡਾਂ ਵਿਚ ਕੋਈ ਵੀ ਕਟੌਤੀ ਕਰਨ ਦੀ ਆਗਿਆ ਨਹੀਂ ਦਿੱਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੇ ਹਿੱਤਾਂ ਦੇ ਖਾਤਰ ਜ਼ਰੂਰਤ ਮੁਤਾਬਕ ਲਗਾਤਾਰ ਹਰ ਮਸਲੇ ਵਿਚ ਦਖਲ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਜ਼ਰੂਰਤਾਂ ਲਈ ਫੰਡਾਂ ਦੀ ਉਪਲਭਧਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਖਾਸ ਕਰ ਉਨ੍ਹਾਂ ਪੱਖਾਂ ਵਾਸਤੇ ਜਿੱਥੇ ਲੋਕਾਂ ਦੀ ਜ਼ਿੰਦਗੀ ਦਾਅ ’ਤੇ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਮੁਸਾਫਿਰਾਂ ਦੀ ਸੁਰੱਖਿਆ ਦੇ ਮਾਮਲੇ ’ਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਵੱਲੋਂ ਪੇਸ਼ ਕੀਤੀਆਂ ਜ਼ਰੂਰਤਾਂ ਦੇ ਅਨੁਸਾਰ ਬੱਸਾਂ ਦੇ ਟਾਇਰਾਂ ਦੀ ਵੰਡ ਕਰਨ ਸਬੰਧੀ ਟਰਾਂਸਪੋਰਟ ਅਧਿਕਾਰੀਆਂ ਦੀ ਛਪੀ ਪ੍ਰਤੀਕ੍ਰਿਆ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਜਨਰਲ ਮੈਨੇਜਰਾਂ ਦੇ ਪੱਖ ਤੋਂ ਕੋਈ ਵੀ ਅਣਗਹਿਲੀ ਸਾਹਮਣੇ ਆਈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ