ਮੁੱਖ ਮੰਤਰੀ ਵੱਲੋਂ ਸੁਖਬੀਰ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਡੀਜੀਪੀ ਨੂੰ ਡੂੰਘਾਈ ਨਾਲ ਜਾਂਚ ਦੇ ਹੁਕਮ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੁਲੀਸ ਐਕਸ਼ਨ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ’ਤੇ ਹਮਲੇ ਦੀ ਸਖ਼ਤ ਨਿਖੇਧੀ

ਮੁਹਾਲੀ ਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਹੋਰ ਕੌਮਾਂਤਰੀ ਉਡਾਣਾਂ ਚਲਾਉਣ ਦੀ ਵਕਾਲਤ

ਨਬਜ਼-ਏ-ਪੰਜਾਬ, ਮੁਹਾਲੀ, 4 ਦਸੰਬਰ:
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਨੂੰ ਤੁਰੰਤ ਪ੍ਰਭਾਵ ਨਾਲ ਨਾਕਾਮ ਕਰਨ ਲਈ ਪੰਜਾਬ ਪੁਲੀਸ ਦੀ ਪਿੱਠ ਥਾਪੜੀ ਹੈ, ਜਿਸ ਨੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤਾ। ਅੱਜ ਮੁਹਾਲੀ ਵਿਖੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਣਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲੀਸ ਅਫ਼ਸਰਾਂ ਤੋਂ ਇਲਾਵਾ ਤਕਰੀਬਨ 175 ਪੁਲੀਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਜਿਸ ਦੇ ਸਾਰਥਿਕ ਨਤੀਜੇ ਨਿਕਲੇ ਹਨ, ਕਿਉਂਕਿ ਪੰਜਾਬ ਪੁਲੀਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਗਈ ਸਾਜ਼ਿਸ਼ ਨੂੰ ਆਪਣੀ ਸੂਝਬੂਝ ਨਾਲ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਸਮੁੱਚੇ ਘਟਨਾਕ੍ਰਮ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਡੀਜੀਪੀ ਨੂੰ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਵੱਲੋਂ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਅਤੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਅੰਮ੍ਰਿਤਸਰ ਤੋਂ ਹੋਰ ਕੌਮਾਂਤਰੀ ਉਡਾਣਾਂ ਦੀ ਸ਼ੁਰੂਆਤ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਹਵਾਈ ਅੱਡਿਆਂ ’ਤੇ ਕੌਮਾਂਤਰੀ ਉਡਾਣਾਂ ਦੇ ਟੇਕਆਫ ਅਤੇ ਲੈਂਡਿੰਗ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਕਿ ਕੌਮਾਂਤਰੀ ਉਡਾਣਾਂ ਛੇਤੀ ਸ਼ੁਰੂ ਹੋ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐੱਸਐੱਸਪੀ ਦੀਪਕ ਪਾਰਿਕ ਅਤੇ ਹੋਰ ਅਧਿਕਾਰੀ ਅਤੇ ਪਾਰਟੀ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…