ਮੁੱਖ ਮੰਤਰੀ ਵੱਲੋਂ ਪੁਲੀਸ ਨੂੰ ਸੋਸ਼ਲ ਮੀਡੀਆ ’ਤੇ ਚਲ ਰਹੀ ਭੜਕਾਊ ਤੇ ਗਰਮ ਖਿਆਲੀ ਮੁਹਿੰਮ ਤੋਂ ਚੌਕਸ ਰਹਿਣ ਦੇ ਆਦੇਸ਼

ਲੰਬਿਤ ਪਏ ਖਾੜਕੂ ਜਥੇਬੰਦੀਆਂ ਦੇ ਕਾਰਕੁਨਾਂ ਦੇ ਮਾਮਲੇ ਸਮੇਂਬੱਧ ਸੀਮਾ ਵਿੱਚ ਹੱਲ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਭੜਕਾਊ ਅਤੇ ਗਰਮ ਖਿਆਲੀ ਮੁਹਿੰਮ ਤੋਂ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਿੱਤੇ ਵਿਚ ਬਦਲ ਰਹੇ ਮੌਸਮ ਦੇ ਕਾਰਨ ਭਾਰਤ-ਪਾਕਿ ਸਰਹੱਦ ’ਤੇ ਘੁਸਪੈਠ ਦੀਆਂ ਸਰਗਰਮੀਆਂ ਦੱਖਣ ਵਾਲੇ ਪਾਸੇ ਵੱਧਣ ਤੋਂ ਵੀ ਚੌਕਸ ਰਹਿਣ ਲਈ ਆਖਿਆ ਹੈ। ਸੂਬੇ ਵਿਚ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਤਿਵਾਦੀ ਜੁਰਮਾਂ ’ਤੇ ਰੋਕ ਲਾਉਣਾ ਉਨ੍ਹਾਂ ਦੀ ਸਰਕਾਰੀ ਦੀ ਮੁੱਖ ਪ੍ਰਾਥਮਿਕਤਾ ਹੈ ਅਤੇ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਸਥਿਰਤਾ ਲਈ ਅਜਿਹੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਐਸ.ਐਸ.ਪੀਜ਼ ਤੇ ਸੀ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ 31 ਜਨਵਰੀ ਨੂੰ ਬਠਿੰਡਾ ਦੇ ਮੌੜ ਵਿਖੇ ਹੋਏ ਬੰਬ ਧਮਾਕੇ, ਭੈਣੀ ਸਾਹਿਬ ਵਿਖੇ ਚੰਦ ਕੌਰ ਦੀ ਹੱਤਿਆ ਅਤੇ ਲੁਧਿਆਣਾ ਵਿਖੇ ਢਡਰੀਆਂਵਾਲਾ ਉੱਤੇ ਹੋਏ ਹਮਲੇ ਵਰਗੇ ਮਾਮਲਿਆਂ ਦੀ ਤੈਅ ਵਿਚ ਸਮੇਂ-ਸੀਮਾ ਵਿਚ ਜਾਣ ਲਈ ਪੁਲਿਸ ਨੂੰ ਸਾਰੀਆਂ ਕੋਸ਼ਿਸ਼ਾਂ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਅਫਸਰਾਂ ਨੂੰ ਸੂਬੇ ਵਿਚ ਅੱਤਵਾਦ ਅਤੇ ਅਪਰਾਧ ਨਾਲ ਨਜਿੱਠਣ ਲਈ ਕਮਰਕੱਸੇ ਕਰਨ ਲਈ ਆਖਦੇ ਹੋਏ ਮੁੱਖ ਮੰਤਰੀ ਨੇ ਵਿਧਾਇਕਾਂ ਅਤੇ ਹੋਰ ਚੁਣੇ ਹੋਏ ਅਹੁਦੇਦਾਰਾਂ ਦੇ ਮਾਣ-ਸਤਿਕਾਰ ਦੇਣ ਵਿਚ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦੇ ਖਿਲਾਫ ਵੀ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ ਵਿਚ ਵੱਖ ਵੱਖ ਜ਼ਿਲ੍ਹਿਆਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਉਹ ਚੁਣੇ ਹੋਏ ਨੁਮਾਇੰਦਿਆਂ ਨੂੰ ਘਟਾ ਕੇ ਦੇਖੇ ਜਾਣ ਦੀ ਸਥਿਤੀ ਬਨਣ ਦੀ ਕਿਸੇ ਵੀ ਸੂਰਤ ਵਿਚ ਆਗਿਆ ਨਹੀਂ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੁਲਿਸ ਦੀ ਵਰਦੀ ਅਤੇ ਅਥਾਰਟੀ ਦਾ ਸਤਿਕਾਰ ਬਣਾਏ ਰੱਖਣ ਦਾ ਵੀ ਸੱਦਾ ਦਿੱਤਾ ਹੈ।
ਉਨ੍ਹਾਂ ਨੇ ਫੀਲਡ ਪੱਧਰ ਦੇ ਪੁਲਿਸ ਅਫਸਰਾਂ ਅਤੇ ਹੈੱਡਕੁਆਟਰ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਵਿਚਕਾਰ ਖੁੱਲ੍ਹੀ ਗੱਲਬਾਤ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਹੈ। ਬੇਅਦਬੀ ਦੇ ਮਾਮਲਿਆਂ ਦੇ ਸਬੰਧ ਵਿਚ ਰੱਤੀ ਭਰ ਵਿਚ ਊਣਤਾਈ ਸਹਿਣ ਨਾ ਕਰਨ ਦੀ ਆਪਣੀ ਸਰਕਾਰ ਦੀ ਪਹੁੰਚ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਕਿਸੇ ਵੀ ਯਤਨ ਨੂੰ ਸਖ਼ਤੀ ਨਾਲ ਮਸਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਸੀ.ਪੀਜ਼/ਐਸ.ਐਸ.ਪੀਜ਼ ਆਪੋ-ਆਪਣੇ ਖੇਤਰਾਂ ਵਿਚ ਬੇਅਦਬੀ ਦੀ ਕਿਸੇ ਵੀ ਘਟਨਾ ਦੇ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਨੇ ਤੁਰੰਤ ਲੋਕਾਂ ਦੀ ਭਾਈਵਾਲੀ ਨਾਲ ਸੀ.ਸੀ.ਟੀ.ਵੀ ਕੈਮਰੇ ਲਾਏ ਜਾਣ ਦੇ ਨਿਰਦੇਸ਼ ਦਿੱਤੇ ਅਤੇ ਜਿੱਥੇ ਇਹ ਕੈਮਰੇ ਨਹੀਂ ਲੱਗੇ ਹਨ ਉੱਥੇ ਧਾਰਮਿਕ ਗ੍ਰੰਥਾਂ ਦੀ ਪਵਿੱਤਰਤਾ ਨੂੰ ਪ੍ਰਬੰਧਕਾਂ ਦੇ ਅਧੀਨ ਯਕੀਨੀ ਬਣਾਉਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਦੇ ਸਬੰਧ ’ਚ ਵੀ ਪੁਲਿਸ ਨੂੰ ਸਖ਼ਤ ਸੰਕੇਤ ਦਿੱਤੇ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ ਅਤੇ ਪਾਰਦਰਸ਼ੀ ਸ਼ਾਸਨ ਮੁਹੱਈਆ ਕਰਾਉਣ ਲਈ ਵਚਨਬੱਧ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਵਪਾਰੀਆਂ ਵਿਰੁੱਧ ਵੀ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧ ਵਿਚ ਵੱਡੀਆਂ ਮੱਛੀਆਂ ਉੱਤੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਆਪਣੇ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਲਈ ਸਿੱਧੇ ਜਵਾਬਦੇਹ ਹੋਣਗੇ। ਮੁੱਖ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਰੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਅੱਤਵਾਦੀਆਂ, ਨਸ਼ਾ ਤਸਕਰਾਂ/ਵਪਾਰੀਆਂ ਵਿਰੁੱਧ ਆਪਣੀ ਨਿੱਜੀ ਨਿਗਰਾਨੀ ਹੇਠ ਛਾਪੇ ਮਾਰਨ ਦੀ ਮੁਹਿੰਮ ਚਲਾਉਣ। ਉਨ੍ਹਾਂ ਨੇ ਡੀ.ਐਸ.ਪੀ ਅਤੇ ਐਸ.ਐਚ.ਓਜ਼ ਸਮੇਤ ਵੱਖ-ਵੱਖ ਰੈਂਕਾਂ ਦੇ ਫੀਲਡ ਅਫਸਰਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਬੀਤੇ ਸਮੇਂ ਦੌਰਾਨ ਸ਼ਿਕਾਇਤਾਂ ਪ੍ਰਾਪਤ ਹੋਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਗੈਰ-ਮੁਆਫੀ ਯੋਗ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਜੇਲ੍ਹਾਂ ਵਿੱਚ ਫੌਜਦਾਰੀ ਕਾਰਵਾਈਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਨੇ ਤਕਨਾਲੋਜੀ ਆਦਿ ਨਾਲ ਜੇਲ੍ਹਾਂ ਉੱਤੇ ਸਖ਼ਤ ਨਿਯੰਤਰਣ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਰੋਕਣ ਲਈ ਸੰਚਾਰ ਬੰਦ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਜੇਲ੍ਹ ਮੈਨੂਅਲ ਅਤੇ ਜੇਲ੍ਹ ਨਿਯਮਾਂ ਵਿਚ ਸੋਧ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਨਾਗਰਿਕਾਂ ਵਿਚ ਸੁਰੱਖਿਆ ਅਤੇ ਭਰੋਸੇ ਦੀ ਭਾਵਨਾ ਪੈਦਾ ਕਰਨ ਲਈ ਗੈਂਗਸਟਰਾਂ ਅਤੇ ਛੋਟੀ ਛੋਟੀ ਅਪਰਾਧਿਕ ਕਾਰਵਾਈਆਂ ਵਿਰੁੱਧ ਤਿੱਖੇ ਕਦਮ ਚੁੱਕਣ ਲਈ ਆਖਿਆ। ਵੀ.ਆਈ.ਪੀ ਕਲਚਰ ਖਤਮ ਕਰਨ ਅਤੇ ਪੁਲਿਸ ਭਲਾਈ ਨੂੰ ਉਤਸ਼ਾਹਤ ਕਰਨ ’ਤੇ ਆਪਣੀ ਸਰਕਾਰ ਦਾ ਮੁੱਖ ਜ਼ੋਰ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਵੀ.ਆਈ.ਪੀ ਸੁਰੱਖਿਆ ਡਿਊਟੀ ਦੌਰਾਨ ਰੂਟ ਲਾਈਨ ਆਦਿ ਅਮਲ ਨੂੰ ਖਤਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੁਲਿਸ ਦੇ ਕੰਮਕਾਜੀ ਘੰਟਿਆਂ ਦੀ ਹੱਦਬੰਦੀ ਕੀਤੀ ਜਾਵੇ ਅਤੇ ਇੱਕ ਹਫਤਾਵਾਰੀ ਛੁੱਟੀ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਫੋਰਸ ਦਾ ਮਨੋਬਲ ਹਰ ਸਮੇਂ ਉੱਚਾ ਰੱਖਣਾ ਜ਼ਰੂਰੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਬੰਧਕੀ ਕੰਪਲੈਕਸਾਂ ਵਿਚ ਪੂਰਾ ਸਾਜੋ ਸਮਾਨ ਹੋਵੇ। ਉਨ੍ਹਾਂ ਨੇ ਸੂਬਾ ਪੱਧਰੀ ਆਰਮਜ਼ ਡਾਟਾਬੇਸ ਅਤੇ ਹਥਿਆਰ ਡੀਲਰਾਂ ਦਾ ਡਾਟਾ ਵੀ ਬਣਾਏ ਜਾਣ ਲਈ ਗ੍ਰਹਿ ਵਿਭਾਗ ਨੂੰ ਹਦਾਇਤ ਦਿੱਤੀ ਤਾਂ ਜੋ ਹਥਿਆਰ ਅਤੇ ਗੋਲੀ-ਸਿੱਕੇ ਉੱਤੇ ਨਿਗਰਾਨੀ ਰੱਖੀ ਜਾ ਸਕੇ। ਮੁੱਖ ਮੰਤਰੀ ਨੇ ਵੱਖ ਵੱਖ ਜ਼ਿਲ੍ਹਿਆਂ ਖਾਸ ਤੌਰ ’ਤੇ ਪਠਾਨਕੋਟ, ਬਟਾਲਾ ਅਤੇ ਮੋਗਾ ਵਿੱਚ ਪੁਲਿਸ ਲਾਈਨਾਂ ਵਾਸਤੇ ਪੁਲਿਸ ਵਿਭਾਗ ਨੂੰ ਜ਼ਮੀਨ ਤਬਦੀਲ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ। ਆਪਣੇ ਆਪਣੇ ਇਲਾਕਿਆਂ ਵਿਚ ਕਾਰਗੁਜ਼ਾਰੀ ਦੇ ਸਬੰਧ ਵਿਚ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਉਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਅਤੇ ਸੜਕ ਹਾਦਸਿਆਂ ਵਿਚ ਗੰਭੀਰ ਜਖ਼ਮੀ ਹੋਣ ਤੋਂ ਲੋਕਾਂ ਨੂੰ ਬਚਾਉਣਾ ਵੀ ਉਨ੍ਹਾਂ ਦੀ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਜੀ.ਪੀ ਸੁਰੇਸ਼ ਅਰੋੜਾ, ਡੀ.ਜੀ.ਪੀ ਇੰਟੈਲੀਜੈਂਸ ਦਿਨਕਰ ਗੁਪਤਾ, ਡੀ.ਜੀ.ਪੀ ਲਾਅ ਐਂਡ ਆਰਡਰ ਐਚ.ਐਸ. ਢਿੱਲੋਂ, ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਸੀ.ਪੀਜ਼ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …