Nabaz-e-punjab.com

ਪੰਜਾਬ ਵਿੱਚ ਬਿਜਲੀ ਸੰਕਟ ਲਈ ਮੁੱਖ ਮੰਤਰੀ ਜ਼ਿੰਮੇਵਾਰ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿੱਚ ਰੋਜ਼ਾਨਾ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਬਿਜਲੀ ਸਬੰਧੀ ਕੋਈ ਉਚਿੱਤ ਪ੍ਰਬੰਧ ਨਹੀਂ ਕੀਤੇ ਗਏ। ਅੱਜ ਇੱਥੇ ਜਾਰੀ ਬਿਆਨ ਵਿੱਚ ਚੰਦੂਮਾਜਰਾ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਅਗੇਤਰੀ ਮੌਨਸੂਨ ਦੀਆਂ ਸੁਰਖ਼ੀਆਂ ਪੜ੍ਹ ਕੇ ਕੈਪਟਨ ਨੇ ਕਿਸਾਨਾਂ ਅਤੇ ਸੂਬੇ ਦੇ ਲੋਕਾਂ ਨੂੰ ਰੱਬ ਦੇ ਆਸਰੇ ਛੱਡ ਦਿੱਤਾ ਹੈ। ਪ੍ਰੰਤੂ ਮੌਨਸੂਨ ਸਹੀ ਸਮੇਂ ’ਤੇ ਨਾ ਪਹੁੰਚਣ ਕਾਰਨ ਸਰਕਾਰੀ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਖੇਤੀ ਖੇਤਰ ਲਈ 8 ਤੋਂ 10 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਕੀਤੇ ਝੂਠੇ ਵਾਅਦਿਆਂ ਨੇ ਕਿਸਾਨਾਂ ਨੂੰ ਗੁਮਰਾਹ ਕੀਤਾ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਬਿਜਲੀ ਕਟੌਤੀ ਕਰਕੇ ਸੂਬੇ ਅੰਦਰ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਪ੍ਰੰਤੂ ਮੁੱਖ ਮੰਤਰੀ ਕਾਂਗਰਸ ਵਿੱਚ ਪੈਦਾ ਹੋਏ ਅੰਦਰੂਨੀ ਕਾਟੋ-ਕਲੇਸ਼ ਨੂੰ ਨਿਬੇੜਨ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਬਰਸਾਤ ਨਾ ਹੋਣ ਕਾਰਨ ਅਤੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹਨ ਕਾਰਨ ਕਿਸਾਨ ਝੋਨਾ ਲਗਾਉਣ ਅਤੇ ਪਾਲਣ ਲਈ ਪੂਰੀ ਤਰ੍ਹਾਂ ਬਿਜਲੀ ’ਤੇ ਨਿਰਭਰ ਹਨ, ਪ੍ਰੰਤੂ ਇਹ ਹੋਰ ਵੀ ਮੰਦਭਾਗਾ ਹੈ ਕਿ ਅਜਿਹੇ ਸਮੇਂ ਉੱਤੇ ਕਾਂਗਰਸ ਨੇ ਕਿਸਾਨਾਂ ਨੂੰ ਬਿਜਲੀ ਦੇਣ ਤੋਂ ਵੀ ਹੱਥ ਖਿੱਚ ਲਏ ਹਨ। ਪਾਵਰਕੌਮ ਮੈਨੇਜਮੈਂਟ ’ਤੇ ਨਿਸ਼ਾਨ ਸਾਧਦਿਆਂ ਕਿਹਾ ਕਿ ਚੇਅਰਮੈਨ ਵੀ ਆਪਣੀ ਡਿਊਟੀ ਤੋਂ ਭੱਜ ਰਹੇ ਹਨ।
ਸ੍ਰੀ ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਨਾ ਆਉਣ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦੁੱਗਣੀਆਂ ਹੋ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਪ੍ਰਬੰਧਨ ਦਾ ਠੋਸ ਹੱਲ ਕੱਢਣ ਦੀ ਥਾਂ ਸੂਬੇ ਵਿੱਚ ਦੋ ਦਿਨ ਇੰਡਸਟਰੀ ਬੰਦ ਕਰਨ ਅਤੇ ਸ਼ਹਿਰੀ-ਪੇਂਡੂ ਖੇਤਰਾਂ ਵਿੱਚ ਲੰਮੇ ਕੱਟ ਲਗਾਉਣਾ ਜਾਣਬੁੱਝ ਕੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਹੈ। ਇਸ ਤੋਂ ਸਾਫ਼ ਝਲਕਦਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਲੋਕਾਂ ਦੀਆਂ ਮੁਸ਼ਕਲ ਸੁਣ ਕੇ ਹੱਲ ਕਰਨ ਦੀ ਥਾਂ ਕੁੰਭਕਰਨੀ ਨੀਂਦ ਵਿੱਚ ਸੁੱਤੀ ਪਈ ਹੈ।

Load More Related Articles

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …