nabaz-e-punjab.com

ਮੁੱਖ ਮੰਤਰੀ ਵੱਲੋਂ ਨਾਜ਼ੁਕ ਜ਼ਿਲ੍ਹਿਆਂ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਡੀਸੀ ਤੇ ਐਸਐਸਪੀਜ਼ ਦਾ ਫੋਨ ’ਤੇ ਧੰਨਵਾਦ

ਐਤਵਾਰ ਨੂੰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਤੇ ਸੁਰੱਖਿਆ ਬਲਾਂ ਦਾ ਧੰਨਵਾਦ ਕਰਨਗੇ ਮੁੱਖ ਮੰਤਰੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਵੇਦਨਸ਼ੀਲ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਫੋਨ ’ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਰਾਮ ਰਹੀਮ ਬਲਾਤਕਾਰ ਕੇਸ ਵਿੱਚ ਅਦਾਲਤੀ ਫੈਸਲੇ ਦੇ ਮੱਦੇਨਜ਼ਰ ਗੁਆਂਢੀ ਸੂਬੇ ਹਰਿਆਣਾ ਵਿੱਚ ਫੈਲੀ ਹਿੰਸਾ ਦੇ ਬਾਵਜੂਦ ਅਜਿਹੇ ਹਾਲਾਤ ਵਿੱਚ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਸਫਲਤਾ ਹਾਸਲ ਕੀਤੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਨਾਜ਼ੁਕ ਥਾਵਾਂ ਦਾ ਦੌਰਾ ਕਰਨ ਦਾ ਵੀ ਪ੍ਰੋਗਰਾਮ ਹੈ ਜਿੱਥੇ ਉਹ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਭੜਕਾਹਟ ਦੇ ਬਾਵਜੂਦ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕਰਨਗੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਐਤਵਾਰ ਨੂੰ ਮਾਨਸਾ, ਮੌੜ, ਬਠਿੰਡਾ, ਬੱਲੂਆਣਾ (ਰੇਲਵੇ ਸਟੇਸ਼ਨ) ਅਤੇ ਮਲੋਟ ਦਾ ਦੌਰਾ ਕਰਨਗੇ। ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਨਾਲ ਹੋਣਗੇ ਅਤੇ ਜੇਕਰ ਕੋਈ ਨੁਕਸਾਨ ਹੋਇਆ ਹੈ ਤਾਂ ਉਸ ਦਾ ਵੀ ਪਤਾ ਲਾਇਆ ਜਾਵੇਗਾ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਬੀਤੇ ਦਿਨ ਹਿੰਸਾ ਦੀਆਂ ਵਾਪਰੀਆਂ ਇੱਕਾ-ਦੁੱਕਾ ਘਟਨਾਵਾਂ ਨਾਲ ਜਾਇਦਾਦ ਨੂੰ ਹੋਏ ਨੁਕਸਾਨ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਵੱਲੋਂ ਇਹ ਸੂਚੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੌਂਪੀ ਜਾਵੇਗੀ ਕਿਉਂ ਜੋ ਹਾਈ ਕੋਰਟ ਨੇ ਇਸ ਨੁਕਸਾਨ ਦੀ ਭਰਪਾਈ ਡੇਰੇ ਪਾਸੋਂ ਕਰਨ ਦੇ ਹੁਕਮ ਦਿੱਤੇ ਹਨ।
ਬੁਲਾਰੇ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਫੋਨ ’ਤੇ ਹੋਈ ਸੰਖੇਪ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਚੰਗੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਾਲਾਤ ਆਮ ਵਾਂਗ ਬਹਾਲ ਹੋਣ ਤੱਕ ਸਥਿਤੀ ’ਤੇ ਪੂਰੀ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਸੋਮਵਾਰ ਨੂੰ ਰਾਮ ਰਹੀਮ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…