Share on Facebook Share on Twitter Share on Google+ Share on Pinterest Share on Linkedin ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਮੁਹਾਲੀ ਨੇੜਲੇ ਪਿੰਡ ਨਗਾਰੀਂ ਵਿੱਚ ਕਲੋਨੀ ਕੱਟੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੀ ਸ਼ਿਕਾਇਤ ’ਤੇ ਕਲੋਨਾਈਜਰਾਂ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ: ਮੁਹਾਲੀ ਵਿਧਾਨ ਸਭਾ ਦੇ ਪਿੰਡ ਨਗਾਰੀਂ ਵਿੱਚ ਕੁਝ ਰਸੂਖਵਾਨ ਵਿਅਕਤੀਆਂ ਵੱਲੋਂ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਸ਼ਰੇਆਮ ਅਣਅਧਿਕਾਰਤ ਰਿਹਾਇਸ਼ੀ ਕਲੋਨੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕਲੋਨਾਈਜਰਾਂ ’ਤੇ ਗਰੇਟਰ ਮੁਹਾਲੀ ਏਰੀਆ ਵਿਕਾਸ (ਗਮਾਡਾ) ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਹੀ ਕਲੋਨੀ ਕੱਟਣ ਦਾ ਦੋਸ਼ ਹੈ। ਇਸ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੀ ਸ਼ਿਕਾਇਤ ’ਤੇ ਥਾਣਾ ਸੋਹਾਣਾ ਵਿੱਚ ਹਾਊਸਿੰਗ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਤੇ ਹੋਰਨਾਂ ਹਿੱਸੇਦਾਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸੋਹਾਣਾ ਦੇ ਐਸਐਚਓ ਰਾਜੇਸ਼ ਹਸਤੀਰ ਨੇ ਕਲੋਨਾਈਜਰਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਗਮਾਡਾ ਦੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਕਵਿਤਾ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਫਿਲਹਾਲ ਕਲੋਨੀ ਕੱਟਣ ਵਾਲੇ ਗੁਰਪ੍ਰੀਤ ਸਿੰਘ ਸਿੱਧੂ ਅਤੇ ਕਮਲਜੀਤ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਗਏ ਹਨ। ਸੂਤਰਾਂ ਦੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਇਹ ਭਲੀਭਾਂਤ ਜਾਣਦੇ ਸੀ ਕਿ ਗਮਾਡਾ ਵੱਲੋਂ ਪੰਜਾਬ ਵਿੱਚ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਮੁੱਢਲੀ ਪ੍ਰਕਿਰਿਆ ਵਿੱਢੀ ਹੋਈ ਹੈ ਅਤੇ ਹੁਣ ਤੱਕ ਕਾਫੀ ਅਣਅਧਿਕਾਰਤ ਕਲੋਨੀਆਂ, ਪਲਾਟ ਅਤੇ ਉਸਾਰੀਆਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ। ਇਸ ਯੋਜਨਾ ਤਹਿਤ ਉਹ ਵੀ ਆਪਣਾ ਹਾਊਸਿੰਗ ਪ੍ਰਾਜੈਕਟ ਪਾਸ ਕਰਵਾ ਲੈਣਗੇ, ਪ੍ਰੰਤੂ ਇਸ ਤੋਂ ਪਹਿਲਾਂ ਹੀ ਕਲੋਨਾਈਜਰ ਕਾਨੂੰਨੀ ਸ਼ਿਕੰਜੇ ਵਿੱਚ ਫਸ ਗਏ। ਜਾਣਕਾਰੀ ਅਨੁਸਾਰ ਗਮਾਡਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਇਕ ਹਾਊਸਿੰਗ ਕੰਪਨੀ ਵੱਲੋਂ ਪਿੰਡ ਨਗਾਰੀਂ (ਮੁਹਾਲੀ) ਵਿੱਚ ਰਿਹਾਇਸ਼ੀ ਕਲੋਨੀ ਸਥਾਪਿਤ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਹਾਊਸਿੰਗ ਪ੍ਰਾਜੈਕਟ ਲਈ ਸਬੰਧਤ ਵਿਅਕਤੀਆਂ ਵੱਲੋਂ ਗਮਾਡਾ ਕੋਲੋਂ ਲਾਇਸੈਂਸ ਅਤੇ ਐਨਓਸੀ ਸਰਟੀਫਿਕੇਟ ਨਹੀਂ ਲਿਆ ਗਿਆ ਹੈ। ਸ਼ਿਕਾਇਤ ਅਨੁਸਾਰ ਕੋਈ ਵੀ ਕਲੋਨਾਈਜਰ ਗਮਾਡਾ ਤੋਂ ਅਗਾਊਂ ਲਾਇਸੈਂਸ ਲੈਣ ਤੋਂ ਬਿਨਾਂ ਕਲੋਨੀ ਵਿਕਸਤ ਨਹੀਂ ਕਰ ਸਕਦਾ ਹੈ ਅਤੇ ਅਜਿਹਾ ਕਰਨਾ ਕਾਨੂੰਨੀ ਜੁਰਮ ਹੈ। ਉਂਜ ਵੀ ਕੋਈ ਵੀ ਵਿਅਕਤੀ ਰਿਹਾਇਸ਼ੀ ਜਾਂ ਕਮਰਸ਼ੀਅਲ ਕਲੋਨੀ ਦਾ ਨਿਰਮਾਣ ਕਰਨ ਤੋਂ ਪਹਿਲਾਂ ਬਾਕਾਇਦਾ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਮੁੱਢਲੀ ਜਾਣਕਾਰੀ ਦੇਣੀ ਹੁੰਦੀ ਹੈ, ਲੇਕਿਨ ਕੰਪਨੀ ਨੇ ਆਪਣੇ ਪੱਧਰ ’ਤੇ ਹੀ ਰਿਹਾਇਸ਼ੀ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹੀ ਨਹੀਂ ਕਲੋਨਾਈਜਰਾਂ ਨੇ ਬਕਾਇਦਾ ਬਰਾਸ਼ਰ ਵੀ ਛਪਾ ਲਏ ਹਨ ਅਤੇ ਲੋਕਾਂ ਤੋਂ ਕਲੋਨੀ ਵਿੱਚ ਪਲਾਟ ਲੈਣ ਦੇ ਚਾਹਵਾਨ ਲੋਕਾਂ ਤੋਂ ਬੁਕਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਹੈ। (ਬਾਕਸ ਆਈਟਮ) ਪਿੰਡ ਨਗਾਰੀਂ ਵਿੱਚ ਅਣਅਧਿਕਾਰਤ ਕਲੋਨੀ ਕੱਟਣ ਦਾ ਮਾਮਲਾ ਇਸ ਤਰ੍ਹਾਂ ਸਾਹਮਣੇ ਆਇਆ ਹੈ। ਗਮਾਡਾ ਦੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਕਵਿਤਾ ਸਿੰਘ ਨੇ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪੁਲੀਸ ਮੁਖੀ ਨੇ ਇਸ ਮਾਮਲੇ ਦੀ ਜਾਂਚ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਨੂੰ ਸੌਂਪੀ ਗਈ ਸੀ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਪਿੰਡ ਨਗਾਰੀਂ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਰਿਹਾਇਸ਼ੀ ਕਲੋਨੀ ਵਿਕਸਤ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਕਲੋਨਾਈਜਰਾਂ ਵੱਲੋਂ ਕਰੀਬ 25 ਏਕੜ ਜ਼ਮੀਨ ਵਿੱਚ ਕਲੋਨੀ ਵਸਾਈ ਜਾ ਰਹੀ ਹੈ। ਪੁਲੀਸ ਹੁਣ ਇਸ ਜਾਂਚ ਵਿੱਚ ਜੁਟ ਗਈ ਹੈ ਕਿ ਕਲੋਨਾਈਜਰਾਂ ਵੱਲੋਂ ਇਸ ਕਲੋਨੀ ਵਿੱਚ ਕਿੰਨੇ ਪਲਾਟ ਵੇਚੇ ਗਏ ਹਨ ਅਤੇ ਕਿੰਨੇ ਲੋਕਾਂ ਤੋਂ ਪੈਸੇ ਲੈ ਕੇ ਐਗਰੀਮੈਂਟ ਕੀਤੇ ਗਏ ਹਨ। ਦੱਸਿਆ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੇ ਉਕਤ ਅਣਅਧਿਕਾਰਤ ਕਲੋਨੀ ਵਿੱਚ ਪਲਾਟ ਲੈਣ ਲਈ ਐਗਰੀਮੈਂਟ ਕੀਤਾ ਗਿਆ ਹੈ, ਉਨ੍ਹਾਂ ਨੂੰ ਵੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ