ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਗੁਰਸਿੱਖ ਨੌਜਵਾਨਾਂ ਦੀਆਂ ਤਾਲਮੇਲ ਕਮੇਟੀਆਂ ਬਣਾਈਆਂ ਜਾਣਗੀਆਂ: ਲੌਂਗੋਵਾਲ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਧਰਮ ਪ੍ਰਚਾਰ ਸਬੰਧੀ ਹੋਈ ਇਕੱਤਰਤਾ ਵਿੱਚ ਲਿਆ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਸ੍ਰੀ ਅਨੰਦਪੁਰ ਸਾਹਿਬ, 30 ਜਨਵਰੀ:
ਧਰਮ ਪ੍ਰਚਾਰ ਲਹਿਰ ਨੂੰ ਪਿੰਡ ਪੱਧਰ ਤੱਕ ਕਾਰਗਰ ਢੰਗ ਨਾਲ ਪਹੁੰਚਾਉਣ ਲਈ ਗੁਰਸਿੱਖ ਨੌਜਵਾਨਾਂ ਦੀਆਂ ਤਾਲਮੇਲ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਕਿ ਪ੍ਰਚਾਰਕ ਜਥਿਆਂ ਨੂੰ ਪ੍ਰੋਗਰਾਮ ਉਲੀਕਣ ਵਿੱਚ ਸਹਾਇਤਾ ਕਰਨਗੀਆਂ। ਇਹ ਖੁਲਾਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਦੁਆਬਾ ਜ਼ੋਨ ਦੇ 6 ਜ਼ਿਲ੍ਹਿਆਂ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ, ਧਾਰਮਿਕ ਅਧਿਆਪਕਾਂ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਦੀ ਇੱਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਾਊਂ ਪ੍ਰੋਗਰਾਮਾਂ ਤਹਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕ ਸ਼੍ਰੇਣੀ ਨੂੰ ਸਰਗਰਮ ਕੀਤਾ ਜਾ ਰਿਹਾ ਹੈ ਅਤੇ ਇਸੇ ਤਹਿਤ ਹੀ 11 ਫਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਨੂੰ ਇਕੱਲਾ ਸਟੇਜੀ ਪ੍ਰਚਾਰ ਤਕ ਹੀ ਸੀਮਿਤ ਨਹੀਂ ਰੱਖਿਆ ਜਾਵੇਗਾ ਸਗੋਂ ਜ਼ਮੀਨੀ ਪੱਧਰ ‘ਤੇ ਸੱਥਾਂ, ਖੇਡ ਕਲੱਬਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਤਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤਾਂ ਤਕ ਪਹੁੰਚ ਕਰਕੇ ਗੁਰਮਤਿ ਫਲਸਫੇ ਦੇ ਪ੍ਰਸਾਰ ਲਈ ਕਾਰਜ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਚਾਰਕਾਂ, ਢਾਡੀ, ਕਵੀਸ਼ਰਾਂ ਪਾਸੋਂ ਧਰਮ ਪ੍ਰਚਾਰ ਦੇ ਕਾਰਜਾਂ ਦੀ ਨਾਲੋ-ਨਾਲ ਰਿਪੋਰਟ ਪ੍ਰਾਪਤ ਕਰਕੇ ਪ੍ਰਚਾਰ ਲਹਿਰ ਨੂੰ ਸਿਖਰ ‘ਤੇ ਪਹੁੰਚਾਉਣ ਲਈ ਸੰਜੀਦਾ ਯਤਨ ਕਰਦੀ ਰਹੇਗੀ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ-ਜਦੋਂ ਵੀ ਸਿੱਖ ਕੌਮ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਉਦੋਂ ਹੀ ਪੰਥ ਨੇ ਇੱਕਜੁਟ ਹੋ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਹੰਭਲਾ ਮਾਰਿਆ। ਉਨ੍ਹਾਂ ਕਿਹਾ ਕਿ ਅੱਜ ਵੀ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੌਮੀ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਧਰਮ ਪ੍ਰਚਾਰ ਲਹਿਰ ਨੂੰ ਨਵੀਂਆਂ ਸੇਧਾਂ ‘ਤੇ ਤੋਰੀਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਪ੍ਰਚਾਰਕਾਂ ਨੂੰ ਪ੍ਰਚਾਰ ਸਮੇਂ ਆਉਂਦੀਆਂ ਮੁਸ਼ਕਿਲਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਸਗੋਂ ਉਨ੍ਹਾਂ ਨੂੰ ਆਪਣੀ ਸ਼ਕਤੀ ਬਣਾ ਕੇ ਅੱਗੇ ਵੱਧਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪ੍ਰਚਾਰਕ ਸ਼੍ਰੇਣੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪੋ-ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਦਾ ਕਿਰਦਾਰ ਹੀ ਸਿੱਖ ਦੀ ਪਹਿਚਾਣ ਹੈ ਅਤੇ ਸਾਨੂੰ ਆਪਣਾ ਕਿਰਦਾਰ ਉਚਾ ਸੁੱਚਾ ਬਣਾਉਣਾ ਚਾਹੀਦਾ ਹੈ ਤਾਂ ਜੋ ਪ੍ਰਚਾਰ ਸਮੇਂ ਸੰਗਤਾਂ ਚੰਗਾ ਪ੍ਰਭਾਵ ਕਬੂਲ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਅੱਜ ਸਿੱਖੀ ਭੇਖ ਵਿਚ ਰਹਿੰਦਿਆਂ ਸਿੱਖ ਸੰਗਤਾਂ ਨੂੰ ਭਰਮਾਅ ਰਹੇ ਹਨ ਅਤੇ ਅਜਿਹੇ ਸਮੇਂ ਸਿੱਖੀ ਸਿਧਾਂਤਾਂ ਦੀ ਪਹਿਰੇਦਾਰੀ ਦੀ ਹੋਰ ਵੀ ਜ਼ਿਆਦਾ ਜ਼ਰੂਰਤ ਹੈ। ਇਕੱਤਰਤਾ ਦੌਰਾਨਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਚਰਨ ਸਿੰਘ ਆਲਮਗੀਰ, ਦਵਿੰਦਰ ਸਿੰਘ ਖੱਟੜਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਦਲਜੀਤ ਸਿੰਘ ਭਿੰਡਰ, ਰਵਿੰਦਰ ਸਿੰਘ ਖਾਲਸਾ ਅਤੇ ਪ੍ਰਿਤਪਾਲ ਸਿੰਘ ਲੁਧਿਆਣਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਕਰਨ ਸਬੰਧੀ ਸੁਝਾਅ ਪੇਸ਼ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਹਿਮਾਚਲ, ਗੁਰਚਰਨ ਸਿੰਘ ਗਰੇਵਾਲ, ਪ੍ਰਿੰਸੀਪਲ ਸੁਰਿੰਦਰ ਸਿੰਘ, ਬੀਬੀ ਰਣਜੀਤ ਕੌਰ ਮਾਹਲਪੁਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਹੁਸ਼ਿਆਰਪੁਰ, ਰਵਿੰਦਰ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ ਅੰਮ੍ਰਿਤਸਰ, ਸੁਖਵਰਸ਼ ਸਿੰਘ ਪੰਨੂ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਚਰਨ ਸਿੰਘ ਆਲਮਗੀਰ, ਅਵਤਾਰ ਸਿੰਘ ਰਿਆ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਜਥੇਦਾਰ ਤਾਰਾ ਸਿੰਘ ਸੱਲਾ, ਰਘਬੀਰ ਸਿੰਘ ਸਹਾਰਨਮਾਜਰਾ, ਦਵਿੰਦਰ ਸਿੰਘ ਖੱਟੜਾ, ਗੁਰਬਖ਼ਸ਼ ਸਿੰਘ ਖਾਲਸਾ, ਗਿਆਨੀ ਫੂਲਾ ਸਿੰਘ ਹੈਡ ਗ੍ਰੰਥੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾ ਸਿੰਘਾ, ਪ੍ਰੋ. ਕਰਤਾਰ ਸਿੰਘ, ਪ੍ਰਿੰਸੀਪਲ ਕਸ਼ਮੀਰ ਸਿੰਘ, ਪ੍ਰਿੰਸੀਪਲ ਜਸਬੀਰ ਸਿੰਘ ਕਰਤਾਰਪੁਰ, ਮੈਨੇਜਰ ਰਣਜੀਤ ਸਿੰਘ, ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …