Nabaz-e-punjab.com

ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ ਆਮ ਲੋਕਾਂ ਦਾ ਯੋਗਦਾਨ ਵੀ ਜ਼ਰੂਰੀ: ਰੰਧਾਵਾ

ਸ਼ਿਕਾਇਤਾਂ ਦਾ ਨਿਬੇੜਾ ਕਰਨ ਲਈ ਹਰ ਮਹੀਨੇ ਕੀਤੀ ਜਾਇਆ ਕਰੇਗੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

ਸੜਕ ਨਾ ਬਣਨ ਦੀ ਸ਼ਿਕਾਇਤ ’ਤੇ ਮੰਤਰੀ ਨੇ ਮੀਟਿੰਗ ’ਚੋਂ ਉੱਠਾ ਕੇ ਚੈਕਿੰਗ ਕਰਨ ਲਈ ਐਕਸੀਅਨ ਨੂੰ ਮੌਕੇ ’ਤੇ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਰੇ ਮੈਂਬਰ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਲੋਕਾਂ ਦੇ ਮਸਲਿਆਂ ਦਾ ਬਿਨਾਂ ਕਿਸੇ ਦੇਰੀ ਤੋਂ ਜਲਦੀ ਨਿਬੇੜਾ ਕੀਤਾ ਜਾ ਸਕੇ। ਕਮੇਟੀ ਮੈਂਬਰ ਬੀਸੀ ਪ੍ਰੇਮੀ ਨੇ ਪਿੰਡ ਬਲੌਂਗੀ ਵਿੱਚ ਪੁਲ ਤੋਂ ਗੁਰਦੁਆਰਾ ਸਾਹਿਬ ਤੱਕ ਪੁੱਟੀ ਗਈ ਸੜਕ ਦਾ ਕੰਮ ਨਾ ਕੀਤੇ ਜਾਣ ਦੀ ਸ਼ਿਕਾਇਤ ’ਤੇ ਮੰਤਰੀ ਨੇ ਐਕਸੀਅਨ ਨੂੰ ਮੀਟਿੰਗ ’ਚੋਂ ਉੱਠਾ ਕੇ ਤੁਰੰਤ ਮੌਕਾ ਦੇਖਣ ਲਈ ਭੇਜਿਆ ਗਿਆ। ਐਕਸੀਅਨ ਦੀ ਰਿਪੋਰਟ ਅਨੁਸਾਰ ਸੜਕ ਦਾ ਕੰਮ ਚੱਲਦਾ ਪਾਇਆ ਗਿਆ।
ਸ੍ਰੀ ਰੰਧਾਵਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਲੋਕਾਂ ਦਾ ਯੋਗਦਾਨ ਬੇਹੱਦ ਜ਼ਰੂਰੀ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਕੰਮ ਨੇਪਰੇ ਨਹੀਂ ਚੜ੍ਹਦਾ ਹੈ। ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਫਿਰ ਵੀ ਜੇ ਕਿਸੇ ਥਾਂ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਪੁਲੀਸ ਨੂੰ ਕੀਤੀ ਜਾਵੇ, ਜਿਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਸਿਰਜਣ ਸਮੇਤ ਸਰਕਾਰੀ ਸਕੀਮਾਂ ਦਾ ਲਾਭ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਯਤਨਸ਼ੀਲ ਹੈ। ਇਸ ਲਈ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਲੋਕਾਂ ਦੇ ਮਸਲੇ ਸੰਜੀਦਾ ਹੋ ਕੇ ਉਠਾਉਣ ਤਾਂ ਜੋ ਲੋਕਾਂ ਅਤੇ ਅਧਿਕਾਰੀਆਂ ਦਰਮਿਆਨ ਪੈਦਾ ਹੋਣ ਵਾਲੇ ਫਾਸਲੇ ਨੂੰ ਦੂਰ ਕਰ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ।
ਮੁਹਾਲੀ ਵਿੱਚ ਕੋਈ ਪਬਲਿਕ ਟਰਾਂਸਪੋਰਟ ਸਿਸਟਮ ਨਾ ਹੋਣ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਚਲਦੇ ਆਟੋ ਬਾਰੇ ਪੁੱਛੇ ਜਾਣ ’ਤੇ ਮੰਤਰੀ ਨੇ ਮੌਕੇ ’ਤੇ ਹੀ ਡੀਸੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਆਖਿਆ। ਮੁਹਾਲੀ ਨਗਰ ਨਿਗਮ ਵੱਲੋਂ ਸਿਟੀ ਬੱਸ ਸਰਵਿਸ ਸ਼ੁਰੂ ਕਰਨ ਦਾ ਮਤਾ ਪਾਸ ਕਰਕੇ ਸਥਾਨਕ ਸਰਕਾਰਾਂ ਵਿਭਾਗ ਕੋਲ ਪ੍ਰਵਾਨਗੀ ਲਈ ਭੇਜਿਆ ਗਿਆ ਸੀ ਲੇਕਿਨ ਅਜੇ ਤਾਈਂ ਇਸ ਪ੍ਰਾਜੈਕਟ ਨੂੰ ਸਰਕਾਰ ਦੀ ਹਰੀ ਝੰਡੀ ਨਹੀਂ ਮਿਲੀ। ਡੀਸੀ ਨੇ ਕਿਹਾ ਕਿ ਇਸ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਚੁੱਕੇ ਗਏ ਮਸਲਿਆਂ ਦਾ ਤੁਰੰਤ ਨਿਬੇੜਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਰਹੇਗਾ। ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਮੰਤਰੀ ਦਾ ਮੀਟਿੰਗ ਵਿੱਚ ਪੁੱਜਣ ’ਤੇ ਧੰਨਵਾਦ ਕੀਤਾ। ਮੀਟਿੰਗ ਵਿੱਚ ਆਈਜੀ ਰੂਪਨਗਰ ਰੇਂਜ ਵੀ. ਨੀਰਜਾ, ਐਸਐਸਪੀ ਹਰਚਰਨ ਸਿੰਘ ਭੁੱਲਰ, ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ, ਡੇਰਾਬੱਸੀ ਦੀ ਐਸਡੀਐਮ ਪੂਜਾ ਸਿਆਲ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …