
ਕੋਵਿਡ ਕੇਅਰ ਸੈਂਟਰ ਦੇ ਬਾਹਰ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਕਮ ਕੋਵਿਡ ਕੇਅਰ ਸੈਂਟਰ ਵਿੱਚ ਐਤਵਾਰ ਨੂੰ ਉਸ ਵੇਲੇ ਹੰਗਾਮਾ ਹੋ ਗਿਆ। ਜਦੋਂ ਪੁਲੀਸ ਮੁਲਾਜ਼ਮਾਂ ਨੇ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਾਰਡ ’ਚੋਂ ਬਾਹਰ ਜਾਣ ਲਈ ਕਹਿ ਦਿੱਤਾ। ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਮਹਾਮਾਰੀ ਤੋਂ ਪੀੜਤ ਆਪਣੇ ਮਰੀਜ਼ਾਂ ਕੋਲ ਰਹਿਣ ਦਿੱਤਾ ਜਾਵੇ ਕਿਉਂਕਿ ਉਹ ਉੱਥੇ ਲੋੜੀਂਦਾ ਸਮਾਨ ਮੁਹੱਈਆ ਕਰਵਾਉਂਦੇ ਹਨ ਅਤੇ ਸਮੇਂ ਸਮੇਂ ਸਿਰ ਆਪਣੇ ਮੈਂਬਰ ਨੂੰ ਸ਼ੀਸ਼ੇ ’ਚੋਂ ਦੇਖ ਵੀ ਲੈਂਦੇ ਹਨ। ਉਨ੍ਹਾਂ ਕਿਹਾ ਕਿ ਉਹ ਕਾਫੀ ਦਿਨਾਂ ਤੋਂ ਆਈਸੋਲੇਸ਼ਨ ਵਾਰਡ ਦੇ ਬਾਹਰ ਹੀ ਬੈਠੇ ਹਨ। ਉਨ੍ਹਾਂ ਤੋਂ ਪਹਿਲਾਂ ਹੋਰ ਵੀ ਮਰੀਜ਼ਾਂ ਦੇ ਜੀਅ ਉੱਥੇ ਬੈਠੇ ਹੁੰਦੇ ਸਨ ਪ੍ਰੰਤੂ ਅੱਜ ਅਚਾਨਕ ਪੁਲੀਸ ਨੇ ਉਨ੍ਹਾਂ ਨੂੰ ਝਿੜਕਾਂ ਮਾਰ ਕੇ ਉੱਥੋਂ ਖਦੇੜ ਦਿੱਤਾ।
ਉਧਰ, ਇਸ ਸਬੰਧੀ ਐਸਐਮਓ ਡਾ. ਐਚਐਸ ਚੀਮਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਥਾਨਕ ਸਰਕਾਰੀ ਹਸਪਤਾਲ ਨੂੰ ਕੁੱਝ ਦਿਨ ਪਹਿਲਾਂ ਹੀ ਕੋਵਿਡ ਹਸਪਤਾਲ ਬਣਾਇਆ ਗਿਆ ਹੈ। ਇੱਥੇ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਬੰਦ ਕਰਕੇ ਈਐਸਆਈ ਹਸਪਤਾਲ ਵਿੱਚ ਸ਼ਿਫ਼ਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਥੋੜ੍ਹੀ ਢਿੱਲ ਵਰਤਦੇ ਸੀ ਕਿ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ ਪ੍ਰੰਤੂ ਕੱਲ੍ਹ ਰਾਤ ਇਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ਵਿੱਚ ਕੋਵਿਡ ਵਾਰਡ ਵਿੱਚ ਕਾਫ਼ੀ ਹੰਗਾਮਾ ਕੀਤਾ ਗਿਆ। ਜਿਸ ਦੀ ਪੁਲੀਸ ਕੋਲ ਸ਼ਿਕਾਇਤ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਕੋਵਿਡ ਮਰੀਜ਼ਾਂ ਅਤੇ ਸਟਾਫ਼ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਕਿ ਕੋਈ ਵੀ ਪਰਿਵਾਰਕ ਮੈਂਬਰ ਬਿਨਾਂ ਪੀਪੀ ਕਿੱਟ ਤੋਂ ਕੋਵਿਡ ਮਰੀਜ਼ ਕੋਲ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਸਟਾਫ਼ ਨਾਲ ਲੜਦੇ ਸੀ ਕਿਉਂਕਿ ਹਸਪਤਾਲ ਕੋਲ ਸਕਿਊਰਿਟੀ ਗਾਰਡ ਦੀ ਘਾਟ ਸੀ ਪਰ ਹੁਣ ਮੌਜੂਦਾ ਸਮੇਂ ਵਿੱਚ ਸਕਿਊਰਿਟੀ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਕੋਵਿਡ ਮਰੀਜ਼ ਦੇ ਪਰਿਵਾਰਕ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਗਿਆ ਹੈ, ਸਿਰਫ਼ ਸਟਾਫ਼ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਬਿਨਾਂ ਵਜ੍ਹਾ ਕੋਵਿਡ ਵਾਰਡ ਦੇ ਬਾਹਰ ਭੀੜ ਜਮ੍ਹਾ ਨਾ ਹੋਣ ਦਿੱਤੀ ਜਾਵੇ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਪੀਪੀ ਕਿੱਟ ਦੇ ਅੰਦਰ ਨਾ ਜਾਣ ਦਿੱਤਾ ਜਾਵੇ।