nabaz-e-punjab.com

ਕਮਿਊਨਿਟੀ ਹੈਲਥ ਅਫ਼ਸਰ ਦਿੱਲੀ ਵਿੱਚ ਖੋਲ੍ਹਣਗੇ ‘ਆਪ’ ਦੇ ਝੂਠੇ ਦਾਅਵਿਆਂ ਦੀ ਪੋਲ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਪੰਜਾਬ ਦੇ ਮੁੱਖ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਚੋਣ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਉੱਥੇ ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰ 1 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ ਅਤੇ ਦਿੱਲੀ ਦੀਆਂ ਸੜਕਾਂ ’ਤੇ ਪੰਜਾਬ ਦੀ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹਣਗੇ। ਅੱਜ ਇੱਥੇ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਸੂਬਾ ਆਗੂ ਦੀਪ ਸ਼ਿਖਾ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਿਨ੍ਹਾਂ ਵਿੱਚ ਡਾਕਟਰ, ਕਮਿਊਨਿਟੀ ਹੈਲਥ ਅਫ਼ਸਰ, ਆਰਬੀਐਸਕੇ, ਸਟਾਫ਼ ਨਰਸ, ਏਐੱਨਐੱਮ, ਆਰਐਨਟੀਸੀਪੀ ਸਟਾਫ, ਅਕਾਉਂਟੈਂਟ, ਕੰਪਿਊਟਰ ਅਪਰੇਟਰ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮੇਂ ਸਮੇਂ ’ਤੇ ਹਕੂਮਤ ਕਰਨ ਵਾਲੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਐਨਐਚਐਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕਈ ਵਾਅਦੇ ਕੀਤੇ ਗਏ ਪ੍ਰੰਤੂ ਕੋਈ ਵੀ ਸਰਕਾਰ ਆਪਣੇ ਵਾਅਦੇ ’ਤੇ ਖਰਾ ਨਹੀਂ ਉੱਤਰੀ ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਅੱਜ ਵੀ ਨਿਗੂਣੀਆਂ ਤਨਖ਼ਾਹਾਂ ’ਤੇ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰਨਾਂ ਆਗੂਆਂ ਨੇ 22 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਨੇ ਇਸ ਮਾਮਲੇ ਸਬੰਧੀ ਹੁਣ ਤੱਕ ਇੱਕ ਪੁਣੀ ਵੀ ਨਹੀਂ ਕੱਤੀ। ਜਿਸ ਕਾਰਨ ਸਿਹਤ ਕਾਮਿਆਂ ਵਿੱਚ ‘ਆਪ’ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਦੀਪ ਸ਼ਿਖਾ ਨੇ ਕਿਹਾ ਕਿ ਪਿਛਲੇ ਤਿੰਨ ਸਾਲ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਨੇ ਜਥੇਬੰਦੀ ਨਾਲ ਅਨੇਕਾਂ ਮੀਟਿੰਗਾਂ ਕੀਤੀਆਂ ਹਨ ਪਰ ਇਹ ਮੀਟਿੰਗਾਂ ਕਿਸੇ ਕੰਢੇ ਨਹੀਂ ਲੱਗੀਆਂ ਜਦੋਂਕਿ ਮੌਜੂਦਾ ਹੁਕਮਰਾਨ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਿਹਤ ਕਾਮਿਆਂ ਦੇ ਸਬਰ ਦਾ ਪਿਆਲਾ ਛਲਕ ਚੁੱਕਾ ਹੈ। ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕੈਟਾਗਰੀਆਂ ਦੇ ਮੁਲਾਜ਼ਮ ਇਕੱਠੇ ਹੋ ਕੇ 1 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ ਅਤੇ ਦਿੱਲੀ ਦੀਆਂ ਸੜਕਾਂ ’ਤੇ ‘ਆਪ’ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹਣਗੇ।

Load More Related Articles
Load More By Nabaz-e-Punjab
Load More In General News

Check Also

Punjab Govt To Spend ₹426-Cr On Upgradation And Modernization Of Police Infra: DGP Punjab

Punjab Govt To Spend ₹426-Cr On Upgradation And Modernization Of Police Infra: DGP Punjab …