
ਹਾਈ ਕੋਰਟ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਸ਼ਿਕਾਇਤ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਤੋਂ ਫੀਸਾਂ ਦੀ ਵਸੂਲੀ ਨੂੰ ਲੈ ਕੇ ਰੇੜਕਾ ਜਾਰੀ ਹੈ। ਇਹ ਮਾਮਲਾ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੈ। ਇਸ ਸਬੰਧੀ ਪਿਛਲੇ ਦਿਨੀਂ ਹਾਈ ਕੋਰਟ ਦੇ ਹੁਕਮਾਂ ਨਾਲ ਉਨ੍ਹਾਂ ਮਾਪਿਆਂ ਨੂੰ ਥੋੜ੍ਹੀ ਰਾਹਤ ਮਿਲੀ ਸੀ। ਜਿਨ੍ਹਾਂ ਦੇ ਕਰੋਨਾ ਮਹਾਮਾਰੀ ਦੌਰਾਨ ਸਾਰੇ ਕੰਮ ਧੰਦੇ ਬੰਦ ਹੋ ਚੁੱਕੇ ਹਨ ਅਤੇ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਭਾਵ ਸਕੂਲ ਫੀਸ ਨਹੀਂ ਦੇ ਸਕਦੇ ਹਨ।
ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਕੁਰਪੱਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਹੋਰਨਾਂ ਨੇ ਕਿਹਾ ਕਿ ਉੱਚ ਅਦਾਲਤ ਦੇ ਹੁਕਮਾਂ ਮੁਤਾਬਕ ਅਜਿਹੇ ਮਾਪੇ ਸਕੂਲਾਂ ਨੂੰ ਅਰਜ਼ੀਆਂ ਦੇ ਕੇ ਫੀਸ ਮੁਆਫ਼ ਕਰਨ ਦੀ ਅਰਜ਼ੀ ਦੇ ਸਕਦੇ ਹਨ ਪ੍ਰੰਤੂ ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਨੂੰ ਨਾ ਮੰਨ ਕੇ ਮਾਪਿਆਂ ਉੱਤੇ ਫੀਸ ਦੀ ਵਸੂਲੀ ਲਈ ਲਗਾਤਾਰ ਦਬਾਅ ਬਣਾ ਰਹੇ ਹਨ। ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਖ਼ਰਾਬ ਹੋ ਰਹੀ ਹੈ ਅਤੇ ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਚਿੰਤਤ ਹਨ।
ਇਸ ਸਬੰਧੀ ਸੰਸਥਾ ਦੇ ਮੈਂਬਰਾਂ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਪ੍ਰਾਈਵੇਟ ਸਕੂਲਾਂ ਦੇ ਖ਼ਿਲਾਫ਼ ਲਿਖਤੀ ਸ਼ਿਕਾਇਤ ਦੇ ਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ, ਫੀਸ ਰੈਗੂਲੇਟਰੀ ਕਮੇਟੀ ਮੁਹਾਲੀ, ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲਾਂ ਨੇ ਮਾਪਿਆਂ ਨੂੰ ਫੀਸਾਂ ਲਈ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਤਾਂ ਸਬੰਧਤ ਸਕੂਲਾਂ ਦੀ ਐਨਓਸੀ ਰੱਦ ਕਰਵਾਉਣ ਲਈ ਪੈਰਵੀ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਹਾਈ ਕੋਰਟ ਦਾ ਬੂਹਾ ਖੜਕਾਇਆ ਜਾਵੇਗਾ।