ਰਾਸ਼ਨ ਡਿੱਪੂ ਦੀਆਂ ਵਧੀਕੀਆਂ ਖ਼ਿਲਾਫ਼ ਕੁੰਭੜਾ ਵਾਸੀਆਂ ਨੇ ਮੰਤਰੀ, ਡੀਸੀ ਤੇ ਐਸਡੀਐਮ ਨੂੰ ਭੇਜੀ ਸ਼ਿਕਾਇਤ

ਐਸਡੀਐਮ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਭਰੋਸਾ

ਡਿੱਪੂ ਹੋਲਡਰ ਸੰਜੀਵ ਕੁਮਾਰ ਉਰਫ਼ ਰੋਹੀਰਾਮ ਸੋਮਵਾਰ ਸ਼ਾਮ ਤੋਂ ਭੇਤਭਰੀ ਹਾਲਤ ਵਿੱਚ ਲਾਪਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਦੇ ਗਰੀਬ ਪਰਿਵਾਰ ਸਰਕਾਰੀ ਅਨਾਜ ਲੈਣ ਲਈ ਖੱਜਲ-ਖੁਆਰ ਹੋ ਰਹੇ ਹਨ। ਸਾਬਕਾ ਅਕਾਲੀ ਕੌਂਸਲਰ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਕੁੰਭੜਾ ਦੀਆਂ ਅੌਰਤਾਂ ਨੇ ਰਾਸ਼ਨ ਡਿੱਪੂ ਹੋਲਡਰ ’ਤੇ ਪੂਰਾ ਅਨਾਜ ਨਾ ਦੇਣ ਅਤੇ ਵਧੀਕੀਆਂ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤ ਲੋਕਾਂ ਨੇ ਫੂਡ ਸਪਲਾਈ ਮੰਤਰੀ ਸਮੇਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਨੂੰ ਸ਼ਿਕਾਇਤਾਂ ਭੇਜ ਕੇ ਡਿੱਪੂ ਹੋਲਡਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ, ਡਿੱਪੂ ਹੋਲਡਰ ਸੰਜੀਵ ਕੁਮਾਰ ਉਰਫ਼ ਰੋਹੀਰਾਮ ਸੋਮਵਾਰ ਸ਼ਾਮ ਤੋਂ ਭੇਤਭਰੀ ਹਾਲਤ ਵਿੱਚ ਲਾਪਤਾ ਦੱਸਿਆ ਜਾ ਰਿਹਾ ਹੈ।
ਸਾਬਕਾ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਗਰੀਬ ਪਰਿਵਾਰ ਡਿੱਪੂ ਹੋਲਡਰ ਦੀਆਂ ਵਧੀਕੀਆਂ ਦਾ ਸ਼ਿਕਾਰ ਹਨ। ਇਸ ਸਬੰਧੀ ਪਹਿਲਾਂ ਵੀ ਕਈ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਕੋਈ ਕਾਰਵਾਈ ਨਹੀਂ ਹੋਈ। ਡਿੱਪੂ ਹੋਲਡਰ ਉਨ੍ਹਾਂ ਨੂੰ ਬਦਨਾਮ ਕਰਨ ਲਈ ਲੋਕਾਂ ਨੂੰ ਇਹ ਕਹਿ ਰਾਸ਼ਨ ਦੇਣ ਤੋਂ ਵਾਪਸ ਮੋੜ ਦਿੰਦਾ ਹੈ ਕਿ ਸਰਕਾਰੀ ਸੂਚੀ ਵਿੱਚ ਉਨ੍ਹਾਂ ਦਾ ਨਾਮ ਦਰਜ ਨਹੀਂ ਹੈ ਅਤੇ ਕਈਆਂ ਨੂੰ ਇਹ ਕਿਹਾ ਜਾਂਦਾ ਹੈ ਕਿ ਇਲਾਕੇ ਦੇ ਕੌਂਸਲਰ ਵੱਲੋਂ ਉਨ੍ਹਾਂ ਦੇ ਫਾਰਮ ਹੀ ਜਮ੍ਹਾ ਨਹੀਂ ਕਰਵਾਏ ਗਏ ਹਨ।
ਰੀਨਾ ਦੇਵੀ, ਮਮਤਾ, ਹਰਜੀਤ ਕੌਰ, ਲਵਪ੍ਰੀਤ ਕੌਰ, ਅੰਜੂ ਬਾਲਾ ਸਮੇਤ ਹੋਰਨਾਂ ਪੀੜਤ ਲੋਕਾਂ ਨੇ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਸ਼ਿਕਾਇਤਾਂ ਵਿੱਚ ਦੋਸ਼ ਲਾਇਆ ਹੈ ਕਿ ਡਿੱਪੂ ਹੋਲਡਰ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਏਰੀਆ ਕੌਂਸਲਰ ਨੇ ਉਨ੍ਹਾਂ ਦੇ ਫਾਰਮ ਜਮ੍ਹਾ ਨਹੀਂ ਕਰਵਾਏ ਹਨ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵੈਰੀਫਿਕੇਸ਼ਨ ਕਿਸ ਆਧਾਰ ’ਤੇ ਕੀਤੀ ਗਈ ਹੈ। ਪੀੜਤ ਲੋਕਾਂ ਨੇ ਮੰਗ ਕੀਤੀ ਕਿ ਡਿੱਪੂ ਹੋਲਡਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਧਰ, ਐਸਡੀਐਮ ਜਗਦੀਪ ਸਹਿਗਲ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਨਾ ਹੀ ਕਿਸੇ ਪੀੜਤ ਵਿਅਕਤੀ ਨੇ ਸ਼ਿਕਾਇਤ ਦਿੱਤੀ ਹੈ। ਲੇਕਿਨ ਹੁਣ ਉਹ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣਗੇ। ਜੇਕਰ ਡਿੱਪੂ ਹੋਲਡਰ ਕਸੂਰਵਾਰ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਲੋੜਵੰਦ ਲੋਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਾਰਡ ਹੋਲਡਰਾਂ ਲਈ ਸਮੇਂ ਸਮੇਂ ’ਤੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮੁਹਾਲੀ ਵਿੱਚ ਪੜਾਅਵਾਰ ਰਾਸ਼ਨ ਵੰਡਿਆ ਜਾ ਰਿਹਾ ਹੈ।
ਉਧਰ, ਦੂਜੇ ਪਾਸੇ ਇਸ ਸਬੰਧੀ ਡਿੱਪੂ ਹੋਲਡਰ ਸੰਜੀਵ ਕੁਮਾਰ ਉਰਫ਼ ਰੋਹੀਰਾਮ ਨਾਲ ਸੰਪਰਕ ਨਹੀਂ ਹੋ ਸਕਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਸੋਮਵਾਰ ਸ਼ਾਮ ਤੋਂ ਭੇਤਭਰੀ ਹਾਲਤ ਵਿੱਚ ਲਾਪਤਾ ਹੈ। ਡਿੱਪੂ ਹੋਲਡਰ ਦੀ ਭੈਣ ਅਤੇ ਬੇਟੇ ਨੇ ਦੱਸਿਆ ਕਿ ਰੋਹੀਰਾਮ ਬੀਤੇ ਦਿਨੀਂ ਸ਼ਾਮ ਨੂੰ ਘਰ ਤੋਂ ਬਾਹਰ ਗਿਆ ਸੀ, ਜੋ ਹੁਣ ਤੱਕ ਵਾਪਸ ਨਹੀਂ ਆਇਆ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਰਿਸ਼ਤੇਦਾਰ ਡੀਐਸਪੀ ਅਤੇ ਪੁਲੀਸ ਨੂੰ ਇਤਲਾਹ ਦੇ ਦਿੱਤੀ ਹੈ ਅਤੇ ਆਪਣੇ ਪੱਧਰ ’ਤੇ ਵੀ ਲੱਭਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…