ਸਰਬੱਤ ਸਿਹਤ ਬੀਮਾ ਯੋਜਨਾ: ਸਰਕਾਰ ਨੇ ਕਿਸਾਨਾਂ ਤੋਂ 5 ਅਗਸਤ ਤੱਕ ਅਰਜ਼ੀਆਂ ਮੰਗੀਆਂ

ਸਾਲ 2020-21 ਦੌਰਾਨ 9.5 ਲੱਖ ਕਿਸਾਨ ਪਰਿਵਾਰਾਂ ਨੂੰ ਯੋਜਨਾ ਹੇਠ ਲਿਆਉਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਪੰਜਾਬ ਦੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਸਾਰੇ 9.50 ਲੱਖ ਕਿਸਾਨ ਤੇ ਉਨ੍ਹਾਂ ਦੇ ਪਰਿਵਾਰ 20 ਅਗਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-1551 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…