ਕਿਰਤੀ ਕਾਮਿਆਂ ਦੀ ਭਲਾਈ ਲਈ ਵਿਆਪਕ ਯੋਜਨਾਵਾਂ ਉਲੀਕੀਆਂ: ਧਾਲੀਵਾਲ

ਬਿਲਡਿੰਗ ਐਂਡ ਅਦਰ ਕੰਸਟਰੰਕਸ਼ਨ ਵਰਕਰਸ ਐਕਟ 1996 ਨੂੰ ਸਖ਼ਤੀ ਨਾਲ ਲਾਗੂ ਕਰਨ ਤੇ ਕਿਰਤੀਆਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪ

ਨਿਊਜ਼ ਡੈਸਕ
ਮੁਹਾਲੀ, 9 ਦਸੰਬਰ
ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਮੁਹਾਲੀ (ਵਿਕਾਸ ਭਵਨ) ਵਿੱਚ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਬਿਲਡਿੰਗ ਐਂਡ ਅਦਰ ਕੰਸਟਰੰਕਸ਼ਨ ਵਰਕਰਸ ਐਕਟ 1996 ਅਤੇ ਬਿਲਡਿੰਗ ਐਂਡ ਅਦਰਜ਼ ਕੰਸਟਰੰਕਸ਼ਨ ਵਰਕਰਸ ਸੈਸ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਕਿਰਤੀਆਂ ਨੂੰ ਜਾਗਰੂਕ ਕਰਨ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ।
ਜਿਸ ਦੀ ਪ੍ਰਧਾਨਗੀ ਪੰਜਾਬ ਦੇ ਕਿਰਤ ਕਮਿਸ਼ਨਰ ਤੇਜਿੰਦਰਪਾਲ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਸੀਸ ਕੁਮਾਰ ਬਾਂਸਲ, ਪ੍ਰੋ. ਇਸ਼ਵਿੰਦਰ ਸਿੰਘ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਆਈ.ਪੀ.ਐਸ ਜੋਦਕਾ, ਡੀਡੀਪੀਓਜ਼ ਸਮੇਤ ਬੀਡੀਪੀਓਜ਼ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ ਨੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਿਰਤੀਆਂ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਵਿਸ਼ੇਸ਼ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਰਕਸ਼ਾਪ ਦਾ ਮੁੱਖ ਮੰਤਵ ਦੇਸ਼ ਵਿੱਚ ਕਿਰਤੀਆਂ ਦੀ ਭਲਾਈ ਸਕੀਮਾਂ ਅਤੇ ਨਿਯਮਾਂ ਬਾਰੇ ਜਾਗਰੂਕ ਕਰਨਾ ਸੀ। ਉਨ੍ਹਾਂ ਦੱਸਿਆ ਕਿ ਲੀਗਲ ਸਰਵਿਸਿਜ਼ ਐਕਟ-1987 ਦੀ ਧਾਰਾ 12 ਅਧੀਨ ਸਮਾਜ ਦੇ ਕਮਜ਼ੋਰ ਵਰਗਾ ਜਿਵੇਂ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਬੇਗਾਰ ਦੇ ਮਾਰੇ, ਇਸਤਰੀ/ਬੱਚੇ/ਮਾਨਸਿਕ ਰੋਗੀ/ਅਪੰਗ ਵਿਅਕਤੀ, ਵੱਡੀ ਮੁਸੀਬਤ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਅਧੀਨ ਵਿਅਕਤੀ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀ ਕੈਦੀ ਅਤੇ ਕੋਈ ਅਜਿਹਾ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਡੇਢ ਲੱਖ ਰੁਪਏ ਤੋਂ ਵੱਧ ਨਾ ਹੋਵੇ, ਉਹ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨੀ ਸਹਾਇਤਾ ਵਿੱਚ ਵਕੀਲ ਦੀ ਫੀਸ, ਅਦਾਲਤੀ ਖ਼ਰਚਿਆਂ ਦੀ ਅਦਾਇਗੀ ਅਥਾਰਟੀ ਵੱਲੋਂ ਕੀਤੀ ਜਾਂਦੀ ਹੈ, ਇਹ ਸਹਾਇਤਾ ਇਸ ਮੰਤਵ ਨਾਲ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਹਰੇਕ ਲੋੜਵੰਦ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲ ਸਕੇ।
ਇਸ ਤੋਂ ਪਹਿਲਾਂ ਕਿਰਤ ਕਮਿਸ਼ਨਰ ਤੇਜਿੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੰਕਸ਼ਨ ਵਰਕਰਸ ਵੈਲਫੇਅਰ ਬੋਰਡ ਵੱਲੋਂ ਕਿਰਤੀ ਕਾਮਿਆਂ ਲਈ ਅਨੇਕਾਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ ਪ੍ਰੰਤੂ ਇਨ੍ਹਾਂ ਸਕੀਮਾਂ ਦਾ ਓਹੀ ਕਿਰਤੀ ਕਾਮੇ ਲਾਭ ਲੈ ਸਕਦੇ ਹਨ, ਜੋ ਬੋਰਡ ਕੋਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਕਿਰਤੀ ਕਾਮਾਂ ਜਿਸ ਨੇ 90 ਦਿਨ ਰਾਜ ਵਿੱਚ ਕੰਮ ਕੀਤਾ ਹੋਵੇ ਖ਼ੁਦ ਨੂੰ ਬੋਰਡ ਕੋਲ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਰਤੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਪੈਨਸ਼ਨ ਸਕੀਮ, ਸਗਨ ਸਕੀਮ ਤੋਂ ਇਲਾਵਾ ਉਨ੍ਹਾਂ ਦੇ ਬੱਚਿਆਂ ਲਈ ਵੀ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਦੁਰਘਟਨਾ ਵਿੱਚ ਕਿਰਤੀ ਦੀ ਮੌਤ ਹੋਣ ’ਤੇ ਚਾਰ ਲੱਖ ਰੁਪਏ ਅਤੇ ਕੁਦਰਤੀ ਮੌਤ ’ਤੇ ਤਿੰਨ ਲੱਖ ਰੁਪਏ ਅਤੇ 100 ਫੀਸਦੀ ਅਪੰਗ ਹੋਣ ’ਤੇ ਚਾਰ ਲੱਖ ਰੁਪਏ ਦੀ ਰਾਸ਼ੀ ਅਦਾ ਕੀਤੀ ਜਾਂਦੀ ਹੈ। ਵਰਕਸ਼ਾਪ ਨੂੰ ਪੈਰਾ ਲੀਗਲ ਵਾਲੰਟੀਅਰ ਵਿਜੇ ਵਾਲੀਆ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…