ਪੰਜਾਬ ਪੁਲੀਸ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਮੁੱਖ ਲੋੜ: ਮੁੱਖ ਮੰਤਰੀ ਭਗਵੰਤ ਮਾਨ

ਬੱਚਿਆਂ ਤੇ ਅੌਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ 95177-95178 ਜਾਰੀ

ਇੰਡੀਅਨ ਸਕੂਲ ਆਫ਼ ਬਿਜ਼ਨਸ ਮੁਹਾਲੀ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਰੋਹ ’ਚ ਪਹੁੰਚੇ ਮੁੱਖ ਮੰਤਰੀ ਤੇ ਡੀਜੀਪੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਪੰਜਾਬ ਪੁਲੀਸ ਦੇ ਆਧੁਨਿਕੀਕਰਨ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਦੀ ਸਹੂਲਤ ਦੇਣੀ ਸਮੇਂ ਦੀ ਲੋੜ ਹੈ। ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਆਯੋਜਿਤ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਅੌਰਤਾਂ ਤੇ ਬੱਚਿਆਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ (95177-95178) ਲਾਂਚ ਕੀਤਾ ਅਤੇ ਅੌਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਰਕਸ਼ਾਪ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਵਿੱਚ ਅਣਗਿਣਤ ਬਲੀਦਾਨ ਦੇਣ ਦੀ ਪੰਜਾਬ ਪੁਲੀਸ ਦੀ ਸ਼ਾਨਾਮੱਤੀ ਵਿਰਾਸਤ ਰਹੀ ਹੈ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲੀਸ ਨੇ ਹਮੇਸ਼ਾ ਦੇਸ਼ ਵਾਸੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਲ ਰਹੇ ਹਾਲਾਤ ਵਿੱਚ ਪੁਲੀਸ ਲਈ ਚੁਨੌਤੀਆਂ ਕਈ ਗੁਣਾ ਵਧੀਆਂ ਹਨ। ਇਸ ਲਈ ਪੁਲੀਸ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਕਾਨੂੰਨ-ਵਿਵਸਥਾ ’ਤੇ ਸਖ਼ਤ ਨਿਗ੍ਹਾ ਰੱਖਣ ਅਤੇ ਪੁਲੀਸ ਬਲ ਨੂੰ ਕਮਿਊਨਿਟੀ ਪੁਲਸਿੰਗ ਉੱਤੇ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਕਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਲੋੜ ਹੈ।
ਭਗਵੰਤ ਮਾਨ ਨੇ ਕਿਹਾ ਕਿ ਅਜੋਕੇ ਵਿਗਿਆਨ ਤੇ ਟੈਕਨਾਲੋਜੀ ਯੁੱਗ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਆਨਲਾਈਨ ਵਿਧੀ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੀ ਕਰਨ ਦੀ ਲੋੜ ਹੈ। ਸਮੁੱਚੀ ਨਿਆਂਪ੍ਰਣਾਲੀ ਵਿੱਚ ਸਿਰੇ ਤੋਂ ਸੁਧਾਰ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਸੁਧਾਰਾਂ ਦਾ ਮੰਤਵ ਨੈਤਿਕ ਕਦਰਾਂ-ਕੀਮਤਾਂ, ਸਭਿਆਚਾਰ, ਪੁਲੀਸ ਸੰਗਠਨ ਦੀਆਂ ਨੀਤੀਆਂ ਤੇ ਸਦਾਚਾਰ ਵਿੱਚ ਬਦਲਾਅ ਹੋਵੇਗਾ ਤਾਂ ਜੋ ਪੁਲੀਸ ਜਮਹੂਰੀ ਕਦਰਾਂ-ਕੀਮਤਾਂ, ਮਨੁੱਖੀ ਅਧਿਕਾਰਾਂ ਤੇ ਕਾਨੂੰਨ ਮੁਤਾਬਕ ਆਪਣੇ ਫ਼ਰਜ਼ ਨਿਭਾ ਸਕੇ। ਇਸ ਦਾ ਇਕ ਮੰਤਵ ਸੁਰੱਖਿਆ ਖੇਤਰ ਦੇ ਹੋਰ ਭਾਗਾਂ ਨਾਲ ਸਿੱਝਣ ਦੇ ਪੁਲੀਸ ਨੂੰ ਯੋਗ ਬਣਾਉਣਾ ਹੈ, ਜਿਨ੍ਹਾਂ ਵਿੱਚ ਮੈਨੇਜਮੈਂਟ ਅਤੇ ਨਿਗਰਾਨੀ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ।
ਪੰਜਾਬ ਪੁਲੀਸ ਤੋਂ ਕੰਮ ਦਾ ਬੋਝ ਘਟਾਉਣ ਲਈ ਪਿੰਡਾਂ ਜਾਂ ਘਰਾਂ ਪੱਧਰ ’ਤੇ ਸੁਲ੍ਹਾ-ਮਸ਼ਵਰਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੋਵੇਗਾ, ਉੱਥੇ ਲੋਕਾਂ ਵਿਚਾਲੇ ਆਪਸੀ ਪਿਆਰ ਵੀ ਵਧੇਗਾ ਅਤੇ ਸਮਾਜਿਕ ਬਦਨਾਮੀ ਦੇ ਵੱਖ-ਵੱਖ ਕਾਰਨਾਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ ਅਤੇ ਸਾਰਿਆਂ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ।
ਅੌਰਤਾਂ ਨੂੰ ਹਰੇਕ ਖੇਤਰ ਵਿੱਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਨੇ ਲਾਮਿਸਾਲ ਕਦਮ ਚੁੱਕਦਿਆਂ ਸੱਤ ਅੌਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਪੰਜ ਨੂੰ ਐਸਐਸਪੀ ਨਿਯੁਕਤ ਕੀਤਾ ਹੈ। ਇਹ ਅਫ਼ਸਰ ਲੋਕਾਂ ਦੀ ਮਿਸਾਲੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਫ਼ਸਰ ਹੋਰ ਅੌਰਤਾਂ ਨੂੰ ਅੱਗੇ ਆਉਣ ਅਤੇ ਆਪਣੇ ਪਰਿਵਾਰਾਂ ਦਾ ਸਹਾਰਾ ਬਣਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਨਾਲ ਦਹੇਜ ਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਖ਼ੁਦ-ਬਖ਼ੁਦ ਹੱਲ ਹੋ ਜਾਣਗੀਆਂ ਅਤੇ ਅੌਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਹੋਵੇਗਾ।
ਆਪਣੀ ਲਿਖੀ ਕਵਿਤਾ ‘ਨਾ ਤਾਂ ਮੈਨੂੰ ਜੰਮਣ ਤੋਂ ਪਹਿਲਾਂ ਹੀ ਮਾਰਿਆ ਗਿਆ, ਨਾ ਹੀ ਮੇਰੇ ਜੰਮਣ ਦਾ ਦੁੱਖ ਹੀ ਸਹਾਰਿਆ ਗਿਆ’ ਸੁਣਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਖੇਤਰ ਵਿੱਚ ਅੌਰਤਾਂ ਲਈ ਬਰਾਬਰ ਮੌਕਿਆਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜਿਆ ਹੈ ਅਤੇ ਜੇ ਲੜਕੀਆਂ ਨੂੰ ਮੌਕਾ ਮਿਲੇ ਤਾਂ ਉਹ ਹਰੇਕ ਖੇਤਰ ਵਿੱਚ ਸਫਲਤਾ ਦੇ ਝੰਡੇ ਗੱਡ ਸਕਦੀਆਂ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਹੀ ਨਹੀਂ ਸਗੋਂ ਬਚਪਨ ਨੂੰ ਵੀ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੌਰਤਾਂ ਤੇ ਬੱਚਿਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ‘ਵਿੱਦਿਆ ਪ੍ਰਕਾਸ਼, ਸਕੂਲ ਵਾਪਸੀ ਦਾ ਆਗਾਜ਼’ ਇਨ੍ਹਾਂ ’ਚੋਂ ਇਕ ਹੈ, ਜੋ ਹੌਲੀ-ਹੌਲੀ ਸਫਲਤਾ ਦਾ ਪ੍ਰਤੀਕ ਬਣ ਰਿਹਾ ਹੈ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਪੁਲੀਸ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਵਿੱਚ ਚਾਨਣਾ ਪਾਉਂਦਿਆਂ ਭਰੋਸਾ ਦਿੱਤਾ ਕਿ ਪੁਲੀਸ ਜਵਾਨਾਂ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। ਏਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …