
ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਸਮੇਂ ਕੁਆਲਿਟੀ ਨਾਲ ਸਮਝੌਤਾ ਮਨਜ਼ੂਰ ਨਹੀਂ: ਬ੍ਰਹਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ
ਅਸ਼ਟਾਮਾਂ ਦੀ ਆਨਲਾਈਨ ਵਿਕਰੀ ਨਾਲ ਲੋਕਾਂ ਨੂੰ ਮਿਲੇਗੀ ਰਾਹਤ, ਅਸ਼ਟਾਮ ਫਰੋਸ਼ਾਂ ਦੀ ਆਮਦਨ ਵਿੱਚ ਕੋਈ ਫ਼ਰਕ ਨਹੀਂ ਆਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਪੁਲੀਸ ਅਤੇ ਹੋਰਨਾਂ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਰਾਹੀਂ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸਰਕਾਰ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਸਰਕਾਰ ਤੋਂ ਬਹੁਤ ਸਾਰੀਆਂ ਆਸਾਂ ਹਨ। ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਵੇਸ ਦੁਆਰ ਮੰਨੇ ਜਾਂਦੇ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਿਰਮਾਣ ਸਮੇਂ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਮੁਹਾਲੀ ਹਲਕਿਆਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਮੌਕੇ ’ਤੇ ਹੀ ਸਬੰਧਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਸੇਵਾਵਾਂ ਦਾ ਲਾਭ ਹਰ ਆਮ ਆਦਮੀ ਤੱਕ ਪੁੱਜਦਾ ਕਰਨਾ ‘ਆਪ’ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਅਸ਼ਟਾਮਾਂ ਦੀ ਆਨਲਾਈਨ ਵਿਕਰੀ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰਣਾਲੀ ਸਮੇਂ ਦੀ ਮੰਗ ਹੈ। ਤਹਿਸੀਲਾਂ ਅਤੇ ਸਰਕਾਰੀ ਅਦਾਰਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪ੍ਰਿੰਟ ਕੀਤੇ ਅਸ਼ਟਾਮ ਜਾਅਲੀ ਪਾਏ ਜਾਂਦੇ ਸਨ ਅਤੇ ਅਸ਼ਟਾਮ ਲੈਣ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਅਸ਼ਟਾਮਾਂ ਦੀ ਆਨਲਾਈਨ ਵਿਕਰੀ ਨਾਲ ਨਾ ਤਾਂ ਅਸ਼ਟਾਮ ਫਰੋਸ਼ਾਂ ਦੀ ਆਮਦਨ ’ਤੇ ਕੋਈ ਫਰਕ ਪਵੇਗਾ ਸਗੋਂ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਅਸ਼ਟਾਮ ਮਿਲ ਸਕਣਗੇ।
ਇਸ ਮੌਕੇ ਐਸਐਸਪੀ ਵਿਵੇਕਸ਼ੀਲ ਸੋਨੀ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐੱਸ ਗਰੇਵਾਲ, ਐਸਡੀਐਮ ਸਰਬਜੀਤ ਕੌਰ, ਐੱਸਡੀਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐੱਸਡੀਐੱਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।