ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ
ਨਬਜ਼-ਏ-ਪੰਜਾਬ, ਮੁਹਾਲੀ, 18 ਜਨਵਰੀ:
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਚਿਰਕੌਣੀਆਂ ਹੱਕੀ ਮੰਗਾਂ ਪ੍ਰਵਾਨ ਹੋਣ ਦੀ ਆਸ ਬੱਝ ਗਈ ਹੈ, ਕੰਪਿਊਟਰ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ’ਤੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਅੱਜ ਇੱਥੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਰਨ ਨੇ ਦੱਸਿਆ ਕਿ ਜਥੇਬੰਦੀ ਦੇ ਮੋਹਰੀ ਆਗੂਆਂ ਦੀ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੈਨਲ ਮੀਟਿੰਗ ਹੋਈ। ਜਿਸ ਵਿੱਚ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ, ਡੀਜੀਐਸਈ ਵਿਨੈ ਬੁਬਲਾਨੀ ਸਮੇਤ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਅਤੇ ਪੈਂਡਿੰਗ ਮੰਗਾਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ, ਸੀਐਸਆਰ, ਅਨ ਰਿਵਾਇਜ 41, ਤਨਖ਼ਾਹ ਪੋਰਟਲ, ਤਰਸ ਦੇ ਅਧਾਰ ’ਤੇ ਨੌਕਰੀ ਦੇਣਾ, ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਲੈਬਾਰਟਰੀਆਂ ਲਈ ਨਵਾਂ ਹਾਰਡਵੇਅਰ ਦੇਣ ’ਤੇ ਗੰਭੀਰਤਾ ਨਾਲ ਚਰਚਾ ਹੋਈ।
ਮੀਟਿੰਗ ਵਿੱਚ ਮੌਕੇ ’ਤੇ ਹੀ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਅਨਰਿਵਾਈਜਡ 41, ਡੈੱਥ ਕੇਸਾਂ: ਵਿੱਚ ਤਰਸ ਦੇ ਅਧਾਰ ’ਤੇ ਨੌਕਰੀ ਦੇਣ ਅਤੇ ਤਨਖ਼ਾਹ ਪੋਰਟਲ ਬਾਰੇ ਸਹਿਮਤੀ ਦਿੱਤੀ ਗਈ ਅਤੇ ਮੌਕੇ ’ਤੇ ਹੀ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ ਅਨਰਵਾਈਜ ਡੀਏ ਦਾ ਪੱਤਰ ਸੋਮਵਾਰ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਮੰਤਰੀ ਨੇ ਜਥੇਬੰਦੀ ਦੇ ਵਫ਼ਦ ਨੂੰ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਹੋਰ ਪੈਂਡਿੰਗ ਮੰਗਾਂ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਜਿਨ੍ਹਾਂ ਨੂੰ ਛੇਤੀ ਪੂਰੀਆਂ ਕਰਨ ਲਈ ਕਾਰਵਾਈ ਆਰੰਭੀ ਜਾਵੇਗੀ।
ਸਿੱਖਿਆ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਰਾਖੀ ਮੰਨਣ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਸੀਨੀਅਰ ਮੈਂਬਰ ਗੁਰਦੀਪ ਸਿੰਘ ਬੈਂਸ, ਹਰਵਿੰਦਰ ਸਿੰਘ ਮੁਹਾਲੀ, ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਰੂਪਨਗਰ, ਜਗਪਾਲ ਬੈਂਸ, ਸਤ ਪ੍ਰਤਾਪ ਸਿੰਘ ਮਾਨਸਾ, ਸ਼ੀਤਲ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।