ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਕੰਪਿਊਟਰ ਅਧਿਆਪਕਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ, ਪੱਗਾਂ ਲੱਥੀਆਂ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਯੂਟੀ ਪੁਲੀਸ ਨੇ ਭੀੜ ਨੂੰ ਖਦੇੜਨ ਲਈ ਜਲ ਤੋਪਾਂ ਦੀ ਕੀਤੀ ਵਰਤੋਂ

ਵਾਈਪੀਐਸ ਚੌਕ ’ਤੇ ਮੁਹਾਲੀ ਪੁਲੀਸ ਦੇ ਬੈਰੀਕੇਟ ਤੋੜ ਕੇ ਚੰਡੀਗੜ੍ਹ ’ਚ ਦਾਖ਼ਲ ਹੋਣ ਦਾ ਯਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਗਿਆ ਪ੍ਰੰਤੂ ਯੂਟੀ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੈਰੀਕੇਟ ਅਤੇ ਕੰਡਾ ਤਾਰ ਲਗਾ ਕੇ ਉਨ੍ਹਾਂ ਦਾ ਰਾਹ ਰੋਕ ਲਿਆ। ਜਿਸ ਕਾਰਨ ਉਹ ਮੁਹਾਲੀ ਤੋਂ ਚੰਡੀਗੜ੍ਹ ਜਾ ਰਹੀ ਮੁੱਖ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ। ਅਧਿਆਪਕਾਂ ਨੇ ਬੈਰੀਕੇਟ ਤੋੜ ਕੇ ਅੱਗੇ ਲੰਘਣ ਦਾ ਯਤਨ ਕੀਤਾ ਤਾਂ ਭੀੜ ਨੂੰ ਖਦੇੜਨ ਲਈ ਪੁਲੀਸ ਵੱਲੋਂ ਅਧਿਆਪਕਾਂ ’ਤੇ ਠਾਲੀਚਾਰਜ ਕੀਤਾ ਗਿਆ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਜਿਸ ਕਾਰਨ ਪ੍ਰਧਾਨ ਸਮੇਤ ਕਈ ਜ਼ਖ਼ਮੀ ਹੋ ਗਏ ਅਤੇ ਕਈ ਜਣਿਆਂ ਦੀਆਂ ਪੱਗਾਂ ਵੀ ਲੱਥ ਗਈਆਂ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਉਧਰ, ਸਿੱਖਿਆ ਭਵਨ ਦੇ ਬਾਹਰ ਪਿਛਲੇ ਦੋ ਮਹੀਨੇ ਤੋਂ ਬੈਠੇ ਵਿਸ਼ੇਸ਼ ਲੋੜਾਂ ਵਾਲੇ ਅਧਿਆਪਕ ਆਈਈਆਰਟੀ ਯੂਨੀਅਨ ਦੇ ਮੈਂਬਰਾਂ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਨੂੰ ਰੱਜ ਕੇ ਕੋਸਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਹੀ ਕੰਪਿਊਟਰ ਅਧਿਆਪਕ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਉਨ੍ਹਾਂ ਨੇ ਇੱਥੇ ਆਪਣੀਆਂ ਜਾਇਜ਼ ਮੰਗਾਂ ’ਤੇ ਚਰਚਾ ਕਰਦਿਆਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਬਾਅਦ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਕੰਪਿਊਟਰ ਅਧਿਆਪਕਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਅਧਿਆਪਕ ਆਈਈਆਰਟੀ ਯੂਨੀਅਨ ਦੇ ਮੈਂਬਰਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੈਦਲ ਹੀ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਹਾਲਾਂਕਿ ਮਾਰਚ ਕਰ ਰਹੀ ਅਗਲੀ ਟੋਲੀ ਨੂੰ ਮੁਹਾਲੀ ਪੁਲੀਸ ਨੇ ਵਾਈਪੀਐਸ ਚੌਕ ’ਤੇ ਬੈਰੀਕੇਟ ਲਗਾ ਕੇ ਰੋਕ ਲਿਆ ਸੀ ਪ੍ਰੰਤੂ ਏਨੇ ਵਿੱਚ ਹੋਰ ਅਧਿਆਪਕ ਨਾਅਰੇ ਮਾਰਦੇ ਹੋਏ ਉੱਥੇ ਪਹੁੰਚ ਗਏ। ਜਿਨ੍ਹਾਂ ਨੇ ਬੈਰੀਕੇਟ ਤੋੜ ਕੇ ਚੰਡੀਗੜ੍ਹ ਵੱਲ ਲੰਘਣ ਦਾ ਯਤਨ ਕੀਤਾ ਪ੍ਰੰਤੂ ਯੂਟੀ ਪੁਲੀਸ ਨੇ ਉਨ੍ਹਾਂ ਨੂੰ ਯੂਟੀ ਦੀ ਹੱਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪ੍ਰੰਤੂ ਸਰਕਾਰ ਅਤੇ ਅਫ਼ਸਰਸ਼ਾਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿੱਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਨ੍ਹਾਂ ’ਤੇ ਲਾਗੂ ਨਹੀਂ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਰੂਲਾਂ ਤਹਿਤ ਮਿਲਣ ਵਾਲੀਆਂ ਸਹੂਲਤਾਂ ਇੰਟਰਮ ਰਿਲੀਫ, ਏਸੀਪੀ ਲੀਵ, ਇਨਕੈਸਮੈਂਟ, ਮੈਡੀਕਲ ਛੁੱਟੀਆਂ, ਜੀਪੀਐਫ਼ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।

ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ 70 ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੱੁਕੀ ਹੈ ਅਤੇ ਇਨ੍ਹਾਂ ਮ੍ਰਿਤਕਾ ਦੇ ਪਰਿਵਾਰ ਇਨਸਾਫ਼ ਲਈ ਸੜਕਾਂ ’ਤੇ ਰੁਲ ਰਹੇ ਹਨ ਅਤੇ ਕਿਸੇ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਇਕ ਪਰਿਵਾਰ ਦੇ ਮੈਂਬਰ ਨੂੰ ਤਰਸ ਦੇ ਆਧਾਰ ’ਤੇ ਹੁਣ ਤੱਕ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪਿਕਸਟ ਸੁਸਾਇਟੀ ਅਧੀਨ ਨਿਯੁਕਤੀ ਪੱਤਰਾਂ ਦੀਆਂ ਸ਼ਰਤਾਂ ਅਨੁਸਾਰ ਮਿਲਣ ਵਾਲੇ ਸਾਰੇ ਲਾਭ ਦਿੱਤੇ ਜਾਣ। ਇਸ ਦੌਰਾਨ ਸਰਕਾਰੀ ਭਰੋਸੇ ਮਗਰੋਂ ਦੇਰ ਸ਼ਾਮ ਨੂੰ ਅਧਿਆਪਕਾਂ ਨੇ ਚੁੱਕ ਲਿਆ। ਪ੍ਰਸ਼ਾਸਨ ਵੱਲੋਂ ਯੂਨੀਅਨ ਦੇ ਮੋਹਰੀ ਆਗੂਆਂ ਦੀ ਭਲਕੇ 26 ਨਵੰਬਰ ਨੂੰ ਸਿੱਖਿਆ ਸਕੱਤਰ ਅਜੋਏ ਸ਼ਰਮਾ ਅਤੇ 27 ਨਵੰਬਰ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ ਹੈ।
ਉਧਰ, ਵਿਸ਼ੇਸ਼ ਲੋੜਾਂ ਵਾਲੇ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅੰਗਹੀਣ ਬੱਚਿਆਂ ਨੂੰ ਪੜਾ ਰਹੇ ਅਧਿਆਪਕਾਂ ਦੀਆਂ ਮੁੱਖ ਮੰਗਾਂ ਨੂੰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…