ਵਾਅਦਾਖ਼ਿਲਾਫ਼ੀ: ਸਿੱਖਿਆ ਬੋਰਡ ਦੇ ਸਕੱਤਰ ਨਾਲ ਮੀਟਿੰਗ ਬੇਸਿੱਟਾ, ਸੰਘਰਸ਼ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 6 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਖ਼ਿਲਾਫ਼ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਮੰਗਲਵਾਰ ਨੂੰ 6ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਮੁਲਾਜ਼ਮਾਂ ਨੇ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਦਾ ਪਿੱਟ ਸਿਆਪਾ ਕੀਤਾ। ਇਸੇ ਦੌਰਾਨ ਸਿੱਖਿਆ ਬੋਰਡ ਦੇ ਸਕੱਤਰ ਸੱਦੇ ’ਤੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਗਵਾਈ ਵਾਲੇ ਵਫ਼ਦ ਨੇ ਉਨ੍ਹਾਂ (ਸਕੱਤਰ) ਨਾਲ ਮੁਲਾਕਾਤ ਕੀਤੀ ਲੇਕਿਨ ਮੀਟਿੰਗ ਵਿੱਚ ਸਕੱਤਰ ਵੱਲੋਂ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਕੋਈ ਠੋਸ ਨਿਰਣਾ ਨਾ ਲੈਣ ਕਾਰਨ ਗੱਲਬਾਤ ਸਿਰੇ ਨਹੀਂ ਚੜ੍ਹੀ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਅਤੇ ਬਾਕੀ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸ਼ਾਂਤਮਈ ਧਰਨਾ ਜਾਰੀ ਰਹੇਗਾ। ਉਧਰ, ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਭਰਾਤਰੀ ਜਥੇਬੰਦੀਆਂ ਬੋਰਡ\ਕਾਰਪੋਰੇਸ਼ਨ ਕਰਮਚਾਰੀ ਮਹਾਸੰਘ ਅਤੇ ਸੀਟੂ ਵੱਲੋਂ 9 ਫਰਵਰੀ ਨੂੰ ਪੰਜਾਬ ਬੋਰਡ ਦੇ ਬਾਹਰ ਸੂਬਾਈ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਬੋਰਡ ਮੁਲਾਜ਼ਮਾਂ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਇਸ ਮੌਕੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ, ਰਾਜਪਾਲ ਕੌਰ, ਨਰਿੰਦਰ ਕੌਰ, ਭਗਵੰਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਨਵਦੀਪ ਸਿੰਘ, ਸੁਖਵੀਰ ਸਿੰਘ, ਜਗਮੋਹਨ ਸਿੰਘ, ਸੁਖਰਾਜ ਕੌਰ, ਸ੍ਰੇਸ਼ਟਾ, ਸਤਿੰਦਰ ਕੌਰ, ਪੂਨਮ ਰਾਣੀ ਅਤੇ ਬੋਰਡ\ਕਾਰਪੋਰੇਸ਼ਨ ਕਰਮਚਾਰੀ ਮਹਾਸੰਘ ਪੰਜਾਬ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਹਰਕੇਸ਼ ਰਾਣਾ ਅਤੇ ਬਲਵੰਤ ਸਿੰਘ ਹਾਜ਼ਰ ਸਨ।
ਉਧਰ, ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਚੁੰਨੀ, ਸਾਬਕਾ ਮੀਤ ਪ੍ਰਧਾਨ ਕਮਿਕਰ ਸਿੰਘ ਗਿੱਲ, ਸਾਬਕਾ ਜਨਰਲ ਸਕੱਤਰ ਭਗਵੰਤ ਸਿੰਘ ਬੇਦੀ ਅਤੇ ਜਥੇਬੰਦੀ ਦੇ ਫਾਉਂਡਰ ਜਨਰਲ ਸਕੱਤਰ ਤੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਬਾਗੜੀ ਨੇ ਬੋਰਡ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਦਿਹਾੜੀਦਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿਹਾੜੀਦਾਰ ਕਰਮਚਾਰੀਆਂ ਨੇ ਮੁਸ਼ਕਲ ਸਮੇਂ ਵਿੱਚ ਹਮੇਸ਼ਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੋਰਡ ਵਿੱਚ ਲੰਬੇ ਸਮੇਂ ਤੋਂ ਭਰਤੀ ਨਹੀਂ ਕੀਤੀ ਗਈ ਹੈ। ਬੋਰਡ ਮੈਨੇਜਮੈਂਟ ਵੱਲੋਂ ਡੇਲੀਵੇਜ ਕਰਮਚਾਰੀਆਂ ਤੋਂ ਹੀ ਕਲਰਕਾਂ ਦਾ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ਡੀਸੀ ਰੇਟ ਅਨੁਸਾਰ ਦਿਹਾੜੀ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…