Nabaz-e-punjab.com

ਸਿਆਸਤ ਦੇ ਨਾਂ ’ਤੇ ਦੋਸਤਾਨਾ ਮੈਚ ਖੇਡ ਰਹੇ ਨੇ ਕਾਂਗਰਸੀ ਤੇ ਅਕਾਲੀ: ਬੀਰਦਵਿੰਦਰ ਸਿੰਘ

ਬੀਰਦਵਿੰਦਰ ਸਿੰਘ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਤੇਜ਼, ਵੱਖ ਵੱਖ ਥਾਵਾਂ ’ਤੇ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਬੱਬੀ ਬਾਦਲ ਤੇ ਗੁਰਸੇਵ ਸਿੰਘ ਹਰਪਾਲਪੁਰ ਨੇ ਸੰਭਾਲਿਆ ਮੋਰਚਾ, ਜਥੇਦਾਰ ਬਡਾਲੀ ਦੇ ਪਰਿਵਾਰ ਨੇ ਵੀ ਦਿਨ ਰਾਤ ਇਕ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਨੂੰ ਸਿੱਖਰ ’ਤੇ ਪਹੁੰਚ ਦਿੱਤਾ ਹੈ। ਉਨ੍ਹਾਂ ਆਪਣੇ ਸਮਰਥਕਾਂ ਨਾਲ ਵੱਖ ਵੱਖ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਜਿੱਥੇ ਕੈਪਟਨ ਸਰਕਾਰ ਨੂੰ ਪੂਰੀ ਫੇਲ ਦੱਸਿਆ, ਉੱਥੇ ਅਕਾਲੀ-ਭਾਜਪਾ ਗੱਠਜੋੜ ਨੂੰ ਗੈਰ-ਸਿਧਾਂਤਕ ਦੱਸਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸ ਵਿੱਚ ਮਿਲੇ ਹੋਏ ਹਨ ਅਤੇ ਸਿਆਸਤ ਦੇ ਨਾਂ ’ਤੇ ਦੋਸਤਾਨਾ ਮੈਚ ਖੇਡ ਰਹੇ ਹਨ। ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਦਾ ਭੱਠਾ ਬਿਆ ਕੇ ਰੱਖ ਦਿੱਤਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਝੂਠੇ ਲਾਰਿਆਂ ਨਾ ਆਉਣ ਅਤੇ ਉਨ੍ਹਾਂ (ਬੀਰਦਵਿੰਦਰ) ਨੂੰ ਸੇਵਾ ਦਾ ਮੌਕਾ ਦਿੱਤਾ ਜਾਵੇ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸੰਸਦ ਮੈਂਬਰ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਧਾਰਮਿਕ ਮਹੱਤਤਾ ਨੂੰ ਅਣਗੌਲਿਆ ਕੀਤਾ ਹੈ ਅਤੇ ਮੁਹਾਲੀ ਸਮੇਤ ਸਮੁੱਚੇ ਹਲਕੇ ਦੇ ਸਰਬਪੱਖੀ ਵਿਕਾਸ ਜਾਂ ਕੋਈ ਵੱਡਾ ਪ੍ਰਾਜੈਕਟ ਲਿਆਉਣ ਲਈ ਡੱਕਾ ਨਹੀਂ ਤੋੜਿਆ। ਇੰਝ ਹੀ ਕਾਂਗਰਸ ਸਰਕਾਰ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਵਿਕਾਸ ਲਈ ਕੋਈ ਵਿਊਂਤਬੰਦੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਖਰੜ ਵਿੱਚ ਬੱਸ ਅੱਡਾ ਨਹੀਂ ਬਣ ਸਕਿਆ। ਜਿਸ ਕਾਰਨ ਲੋਕਾਂ ਨੂੰ ਸੜਕ ਕਿਨਾਰੇ ਖੜੇ ਹੋ ਕੇ ਬੱਸ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਬਾਰਸ਼ ਦੇ ਦਿਨਾਂ ਅਤੇ ਤੱਪਦੀ ਗਰਮੀ ਵਿੱਚ ਲੋਕਾਂ ਦੀ ਹਾਲਤ ਦੇਖਣ ਵਾਲੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਉਣਾ ਅਤੇ ਖਰੜ ਵਿੱਚ ਆਧੁਨਿਕ ਬੱਸ ਅੱਡਾ ਅਤੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਪੁਰਖਾਂ ਨਾਲ ਸਬੰਧਤ ਖਰੜ ਵਿੱਚ ਮਾਹਾਰਾਜਾ ਅੱਜ ਸਰੋਵਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਉਧਰ, ਮੁਹਾਲੀ ਨੇੜਲੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ ਲਿਆ ਹੈ। ਬੱਬੀ ਬਾਦਲ ਵੱਲੋਂ ਵੱਖ ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਦੋਂਕਿ ਗੁਰਸੇਵ ਸਿੰਘ ਸਿੱਖ ਆਗੂਆਂ, ਸੰਤ ਸਮਾਜ, ਧਾਰਮਿਕ ਅਸਥਾਨਾਂ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨਾਲ ਤਾਲਮੇਲ ਕਰਕੇ ਟਕਸਾਲੀ ਦਲ ਦੇ ਹੱਕ ਵਿੱਚ ਪ੍ਰੇਰਿਆ ਜਾ ਰਿਹਾ ਹੈ। ਇਸੇ ਤਰ੍ਹਾਂ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਸਾਹਿਬ ਸਿੰਘ ਬਡਾਲੀ ਹੁਰਾਂ ਵੱਲੋਂ ਖਰੜ, ਕੁਰਾਲੀ, ਮੋਰਿੰਡਾ ਅਤੇ ਚਮਕੌਰ ਸਾਹਿਬ ਇਲਾਕਿਆਂ ਵਿੱਚ ਚੋਣ ਪ੍ਰਚਾਰ ਅਤੇ ਆਮ ਲੋਕਾਂ ਦੀ ਲਾਮਬੰਦੀ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…