
ਕਾਂਗਰਸ ਸੁਮੇਧ ਸੈਣੀ ਮਾਮਲੇ ਦਾ ਸਿਆਸੀ ਲਾਹਾ ਲੈਣ ਲਈ ਉਤਾਵਲੀ: ਬੀਬੀ ਰਾਮੂਵਾਲੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਅਤੇ ਭਾਜਪਾ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ਦਾ ਸਿਆਸੀ ਲਾਹਾ ਲੈਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸਾਰਾ ਨਿਜ਼ਾਮ ਸ਼ੱਕ ਦੇ ਘੇਰੇ ਵਿੱਚ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਭਾਜਪਾ ਨੂੰ ਸਿੱਖ ਵਿਰੋਧੀ ਕਹਿਣ ਵਾਲੀ ਕਾਂਗਰਸ ਪਾਰਟੀ ਦਾ ਸੈਣੀ ਮਾਮਲੇ ਵਿੱਚ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਿੱਖ ਹਿਤੈਸੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ’ਤੇ 60 ਸਾਲ ਰਾਜ ਕਰ ਚੁੱਕੀ ਹੈ ਪਰ ਇਸ ਪਾਰਟੀ ਵੱਲੋਂ ਨਵੰਬਰ 1984 ਸਿੱਖ ਵਿਰੋਧੀ ਦੰਗਿਆਂ ਦਾ ਇਕ ਵੀ ਮੁਲਜ਼ਮ ਨਹੀਂ ਫੜਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾੜੋ ਤੇ ਰਾਜ ਕਰੋ ਦੀ ਨੀਤੀ ’ਤੇ ਚਲ ਰਹੀ ਹੈ। ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਸਾਲਾਂ ਵਿੱਚ ਸਾਢੇ ਤਿੰਨ ਦਹਾਕਿਆਂ ਤੋਂ ਲਟਕ ਰਹੇ ਸਿੱਖ ਦੰਗਿਆਂ ਲਈ ਜ਼ਿੰਮੇਵਾਰੀ ਕਾਂਗਰਸੀ ਆਗੂਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਅਤੇ ਭਾਜਪਾ ’ਤੇ ਭਰੋਸਾ ਰੱਖਣ।