Nabaz-e-punjab.com

ਕਾਂਗਰਸ ਸਰਕਾਰ ਵਿਕਾਸ ਸਮੇਤ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ: ਹਰਿੰਦਰਪਾਲ ਚੰਦੂਮਾਜਰਾ

ਅਕਾਲੀ ਵਿਧਾਇਕ ਚੰਦੂਮਾਜਰਾ ਨੇ ਪਿੰਡ ਮੌਲੀ ਬੈਦਵਾਨ, ਮਾਣਕਪੁਰ ਕੱਲਰ, ਗੋਬਿੰਦਗੜ੍ਹ ਤੇ ਲਖਨੌਰ ’ਚ ਕੀਤਾ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਸਨੌਰ ਹਲਕੇ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸ਼ੁੱਕਰਵਰ ਨੂੰ ਮੁਹਾਲੀ ਵਿੱਚ ਆਪਣੇ ਪਿਤਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮੌਲੀ ਬੈਦਵਾਨ, ਮਾਣਕਪੁਰ ਕੱਲਰ, ਗੋਬਿੰਦਗੜ੍ਹ ਅਤੇ ਲਖਨੌਰ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਚੋਣ ਵਾਅਦਿਆਂ ਤੋਂ ਮੂੰਹ ਫੇਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿੱਚ ਵਿਕਾਸ ਸਮੇਤ ਹਰ ਮੁਹਾਜ਼ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਸਰਕਾਰ ਨੇ ਨਵੀਆਂ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟ ਤਾਂ ਕੀ ਸ਼ੁਰੂ ਕਰਨੇ ਸੀ, ਉਲਟਾ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਲੋਕ ਭਲਾਈ ਕਾਰਜ ਅਤੇ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਲਗਾਤਾਰ ਕਈ ਸਾਲਾਂ ਮੁਹਾਲੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਹਨ, ਪ੍ਰੰਤੂ ਪਿਛਲੇ ਦੋ ਸਾਲਾਂ ਵਿੱਚ ਇਕ ਵੀ ਵਿਕਾਸ ਪ੍ਰਾਜੈਕਟ ਸ਼ੁਰੂ ਨਹੀਂ ਕਰਵਾ ਸਕੇ। ਸ਼ਹਿਰ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਹੋਰ ਜਨਤਕ ਥਾਵਾਂ ਦੀ ਮਾੜੀ ਹਾਲਤ ਤੋਂ ਸੂਬਾ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਸਾਫ਼ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ, ਕਿਸਾਨੀ ਦੇ ਸਾਰੇ ਕਰਜ਼ੇ ਮੁਆਫ਼ ਕਰਨ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਵਾਅਦੇ ਕੀਤੇ ਸਨ, ਪ੍ਰੰਤੂ ਸਰਕਾਰ ਨੇ ਕੋਈ ਵਾਅਦਾ ਨਹੀਂ ਨਿਭਾਇਆ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਨਵਾਂ ਸ਼ਹਿਰ, ਬਲਾਚੌਰ ਅਤੇ ਰੋਪੜ ਵਿਚ ਪਾਇਪ ਲਾਈਨ ਰਾਹੀਂ ਗੈਸ ਦੀ ਸਪਲਾਈ ਸ਼ੁਰੂ ਕਰਵਾਈ ਹੈ। ਉਹ ਮੋਹਾਲੀ ਵਿਚ ਵੀ ਇਹ ਸੇਵਾ ਸ਼ੁਰੂ ਕਰਵਾਉਣ ਦੇ ਯਤਨ ਕਰਦੇ ਆ ਰਹੇ ਹਨ ਪਰ ਰਾਜ ਸਰਕਾਰ ਅਤੇ ਹਲਕੇ ਦੇ ਵਿਧਾਇਕ ਮੰਤਰੀ ਬਲਵੀਰ ਸਿੰਘ ਸਿੱਧੂ ਇਹ ਨਹੀਂ ਚਾਹੁੰਦੇ ਕਿ ਸ਼ਹਿਰ ਵਿੱਚ ਪਾਈਪਲਾਈਨ ਰਾਹੀਂ ਰਸੋਈ ਗੈਸ ਦਸ ਸਪਲਾਈ ਸ਼ੁਰੂ ਹੋਵੇ। ਉਹ ਲਗਾਤਾਰ ਇਸ ਵਿਚ ਅੜੀਕਾ ਪਾਉਂਦੇ ਆ ਰਹੇ ਹਨ ਕਿਉਂਕਿ ਇਸ ਨਾਲ ਸਿਲੰਡਰਾਂ ਰਾਹੀਂ ਸਪਲਾਈ ਕਰਨ ਵਾਲੀਆਂ ਗੈਸ ਏਜੰਸੀਆਂ ਦੇ ਕੰਮ ’ਤੇ ਅਸਰ ਪਵੇਗਾ। ਅਕਾਲੀ ਆਗੂ ਨੇ ਕਿਹਾ ਕਿ ਚੰਦੂਮਾਜਰਾ ਨੇ ਹਰ ਦੋ ਸਾਲ ਬਾਅਦ ਪਾਰਲੀਮੈਂਟ ਵਿਚ ਆਪਣੀ ਕਾਰਗੁਜ਼ਾਰੀ ਅਤੇ ਹਲਕੇ ’ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ ਅਤੇ ਹੁਣ ਵੀ ਉਹ ਆਪਣੇ ਪੰਜ ਸਾਲ ਦੇ ਕੰਮਾਂ ਦੇ ਆਧਾਰ ’ਤੇ ਵੋਟਾਂ ਲੈਣ ਖਾਤਰ ਲੋਕਾਂ ਵਿਚ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪੂਰਾ ਸਮਾਂ ਪਾਰਲੀਮੈਂਟ ਵਿਚ ਹਲਕੇ ਦੀ ਨੁਮਾਇੰਦਗੀ ਕਰਨ ਦੇ ਨਾਲ ਨਾਲ ਹਰ ਇਲਾਕੇ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਰਹੇ ਹਨ ਅਤੇ ਹੱਲ ਕਰਦੇ ਆ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਸਰਕਲ ਪ੍ਰਧਾਨ ਹਰਮਿੰਦਰ ਸਿੰਘ ਪੱਤੋਂ, ਸੰਮਤੀ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਬਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ ਬੜੀ, ਸੋਨੀ ਬੜੀ, ਅਮਨਦੀਪ ਪੂਨੀਆ, ਸਾਬਕਾ ਸਰਪੰਚ ਅੱਛਰ ਸਿੰਘ, ਨੰਬਰਦਾਰ ਬਿੱਲੂ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਖਸ਼ੀਸ਼ ਸਿੰਘ, ਤਰਲੋਚਨ ਸਿੰਘ, ਰਾਮਪ੍ਰਤਾਪ ਮਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…