<2>ਕਰੋਨਾ ਖ਼ਿਲਾਫ਼ ਜੰਗ ਲੜਨ ਦੀ ਥਾਂ ਕੁਰਸੀ ਦੀ ਲੜਾਈ ਵਿੱਚ ਉਲਝੀ ਕਾਂਗਰਸ ਸਰਕਾਰ: ਸੁਖਬੀਰ ਬਾਦਲ

ਬੇਅਦਬੀ ਘਟਨਾਵਾਂ ਦੇ ਮਾਮਲੇ ਦਾ ਰਾਜਨੀਤੀ ਕਰਨ ’ਤੇ ਕਾਂਗਰਸ ਤੇ ਅਖੌਤੀ ਆਗੂਆਂ ਦੀ ਸਖ਼ਤ ਨਿਖੇਧੀ

ਖਰੜ ਵਿੱਚ ਲੋਕਾਂ ਦੀ ਮਦਦ ਲਈ 25 ਬੈੱਡਾਂ ਵਾਲੇ ਕਰੋਨਾ ਕੇਅਰ ਸੈਂਟਰ ਦਾ ਕੀਤਾ ਉਦਘਾਟਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਦੁਖ ਤੇ ਤਕਲੀਫ ਮਹਿਸੁਸ ਕਰਦੇ ਹਨ ਤੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ‘ਤੇ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਉਹਨਾਂ ਵਾਅਦਾ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ‘ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਅੱਜ ਇੱਥੇ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਬਣਾਏ 25 ਬੈੱਡਾਂ ਦੇ ਕਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਸ੍ਰੀ ਗਿੱਲ ਨੇ ਦੱਸਿਆ ਕਿ ਇਸ ਏਸੀ ਸਹੂਲਤ ਵਿੱਚ ਕੰਸੈਂਟ੍ਰੇਟਰ ਲੱਗੇ ਹਨ ਅਤੇ ਮੈਡੀਕਲ ਸਟਾਫ਼ ਇੱਥੇ ਕਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ ਕਰੇਗਾ। ਜਿਸ ਦਾ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਨਿਆਂ ਪ੍ਰਾਪਤ ਕਰਨ ਵਾਸਤੇ ਕਾਂਗਰਸ ਪਾਰਟੀ ‘ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਜਦੋਂ ਬੇਅਦਬੀ ਦੇ ਮਾਮਲੇ ਹੋਏ ਸਨ ਤਾਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਕਾਂਗਰਸ ਤੇ ਇਸ ਦੇ ਕੁਝ ਅਖੌਤੀ ਆਗੂਆਂ ਨੇ ਮੰਗ ਕੀਤੀ ਕਿ ਮਾਮਲਾ ਸੀਬੀਆਈ ਹਵਾਲੇ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿਚ ਆ ਗਈ ਤਾਂ ਇਸਨੇ ਨਾ ਸਿਰਫ ਕੇਸ ਸੀ ਬੀਆਈ ਤੋਂ ਵਾਪਸ ਲੈ ਲਏ ਬਲਕਿ ਚਾਰ ਸਾਲਾਂ ਵਿਚ ਕੋਈ ਪ੍ਰਗਤੀ ਨਹੀਂ ਕੀਤੀ।
ਕੁਝ ਅਖੌਤੀ ਸੰਗਠਨਾਂ ਵੱਲੋਂ ਬੇਅਦਬੀ ਦੇ ਮਾਮਲੇ ‘ਤੇ ਕੀਤੀ ਜਾ ਰਹੀ ਰਾਜਨੀਤੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹ ਬਲਜੀਤ ਸਿੰਘ ਦਾਦੂਵਾਲ ਵਰਗਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਿਵੇਂ ਬਣ ਗਏ। ਉਹਨਾਂ ਕਿਹਾ ਕਿ ਹੁਣ ਵੀ ਦਾਦੂਵਾਲ ਦੇ ਕਹਿਣ ‘ਤੇ ਭਾਜਪਾ ਸਰਕਾਰ ਨੇ ਹਰਿਆਣਾ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਹਨ। ਪੰਜਾਬ ਦੇ ਹਾਲਾਤਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਕੋਰੋਨਾ ਦੀ ਲੜਾਈ ਲੜਨ ਦੇ ਸਰਕਾਰ ਕੁਰਸੀ ਦੀ ਲੜਾਈ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਘਰਾਂ ਵਿਚ ਲੁੱਕ ਜਾਣ ਜਾਂ ਫਿਰ ਦਿੱਲੀ ਭੱਜ ਜਾਣ ਕਾਰਨ ਪੰਜਾਬੀ ਬੇਵਸ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੋਰ ਕੁਝ ਨਹੀਂ ਤਾਂ ਕਾਂਗਰਸ ਸਰਕਾਰ ਇਸ ਸੰਕਟ ਦੇ ਵੇਲੇ ਜੰਗਬੰਦੀ ਹੀ ਕਰ ਦਿੰਦੀ। ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ‘ਤੇ ਨਕੇਲ ਪਾਉਣ ਅਤੇ ਦਵਾਈਆਂ ਦੀ ਕਾਲਾਬਜ਼ਾਰੀ ਰੋਕਣ ਵਿਚ ਨਾਕਾਮ ਰਹਿਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਬਲਾਕ ਪੱਧਰ ‘ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਵਿੱਚ ਵੀ ਨਾਕਾਮ ਰਹੀ ਹੈ ਅਤੇ ਇਹ ਪੰਜਾਬ ਦੀ ਸਾਰੀ ਆਬਾਦੀ ਨੂੰ ਲਗਾਉਣ ਲਈ ਉਤਪਾਦਕਾਂ ਤੋਂ ਵੈਕਸੀਨ ਖਰੀਦਣ ਵਿਚ ਵੀ ਨਾਕਾਮ ਰਹੀ ਹੈ।
ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਕੰਮ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਗਰੀਬ ਤੋਂ ਗਰੀਬ ਤੱਕ ਵੀਪਹੁੰਚ ਕਰਨ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ 35 ਹਲਕਿਆਂ ਵਿਚ 325 ਕੰਸੈਂਟ੍ਰੇਟਰਾਂ ਨਾਲ ਆਕਸੀਜ਼ਨ ਸੇਵਾ ਸ਼ੁਰੂ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ 15 ਕੋਰੋਨਾ ਸੈਂਟਰ ਖੋਲ੍ਹੇ ਹਨ ਅਤੇ 70 ਹਲਕਿਆਂ ਵਿਚ ਲੰਗਰ ਸੇਵਾ ਆਰੰਭੀ ਹੈ।

ਸ੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀ ਚਲ ਰਹੀ ਹੜਤਾਲ ਖਤਮ ਕਰਨ ਲਈ ਉਹਨਾਂ ਦੀਆਂ ਸੇਵਾਵਾਂ ਤੁਰੰਤ ਨਿਯਮਿਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਅਸੀਂ ਸਫ਼ਾਈ ਕਰਮਚਾਰੀਆਂ ਨੂੰ ਨਿਯਮਿਤ ਕਰਨ ਦਾ ਕੰਮ ਸ਼ੁਰੂ ਕੀਤਾ ਸੀ ਪਰ ਕਾਂਗਰਸ ਰਾਜਕਾਲ ਵਿੱਚ ਇਹ ਠੱਪ ਹੋ ਕੇ ਰਹਿ ਗਿਆ। ਉਨ੍ਹਾਂ ਕਿਹਾ ਕਿ ਮਹਾਮਾਰੀ ਦੇ ਵੇਲੇ ਹੋਰ ਬਿਮਾਰੀ ਫੈਲਣ ਦੇ ਖ਼ਤਰੇ ਨੂੰ ਦੇਖਦਿਆਂ ਇਹਨਾਂ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਯੂਥ ਆਗੂ ਗੁਰਜਿੰਦਰ ਸਿੰਘ ਤਾਜਲਪੁਰ, ਦਰਸ਼ਨ ਸਿੰਘ ਸ਼ਿਵਜੋਤ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਅਕਾਲੀ ਆਗੂ ਤੇ ਵਰਕਰ ਅਤੇ ਰਣਜੀਤ ਗਿੱਲ ਦੇ ਸਮਰਥਕ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …