ਕਾਂਗਰਸ ਸਰਕਾਰ ਲੋਕਾਂ ਨਾਲ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਤੋਂ ਮੁਕਰੀ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਹਲਕਾ ਮੁਹਾਲੀ ਦੇ ਸਰਕਲ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ) ਦੀ ਇੱਕ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਤੋਂ ਮੁਕਰ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ ਹੈ।
ਅਕਾਲੀ ਆਗੂ ਨੇ ਕਿਹਾ ਕਿ ਆਮ ਲੋਕਾਂ ਦੇ ਮਸਲੇ ਪਹਿਲਾਂ ਨਾਲੋਂ ਵੀ ਗੰਭੀਰ ਹੋ ਗਏ ਹਨ ਅਤੇ ਆਮ ਲੋਕ ਆਪਣੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਉਹਨਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ ਹੈ। ਉਹਨਾਂ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵਾਰਡ ਅਤੇ ਬੂਥ ਪੱਧਰ ਉੱਤੇ ਸਬ ਕਮੇਟੀਆਂ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਪਾਰਟੀ ਆਗੂਆਂ ਨੂੰ ਤਕੜੇ ਹੋ ਕੇ ਜਥੇਬੰਦੀ ਦੀ ਮਜ਼ਬੂਤੀ ਅਤੇ ਲੋਕ ਸਭਾ ਦੀਆਂ ਚੋਣਾਂ ਲਈ ਹੁਣੇ ਤੋਂ ਸਰਗਰਮੀ ਨਾਲ ਕੰਮ ਕਰਨ ਲਈ ਜੁੱਟਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਘਰ ਘਰ ਰੁਜ਼ਗਾਰ ਦੇਣ, ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਬਿਜਲੀ ਪਾਣੀ ਦੀ ਸੁਵਿਧਾ ਬਹਾਲ ਰੱਖਣ ਸਮੇਤ ਆਸ਼ੀਰਵਾਦ ਸਕੀਮ, ਬੁਢਾਪਾ ਤੇ ਵਿਧਵਾ ਪੈਨਸ਼ਨ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਆਦਿ ਵਾਅਦੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸਨ, ਪ੍ਰੰਤੂ ਸਰਕਾਰ ਦਾ 1 ਸਾਲ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਲੇਕਿਨ ਹਾਲੇ ਤੱਕ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਨੂੰ ਹੁਕਮਰਾਨਾਂ ਦੀ ਪ੍ਰਾਪਤੀ ਮੰਨਿਆ ਜਾ ਸਕੇ।
ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਟਿਊਬਵੈੱਲਾਂ ’ਤੇ ਮੋਟਰਾਂ ਲਗਾਉਣ ਨੂੰ ਹਰੀ ਝੰਡੀ ਦੇਣ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਇਸ ਤੋਂ ਇਲਾਵਾ ਮੁਲਾਜ਼ਮ ਵਰਗ ਵੀ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਉੱਤਰ ਆਇਆ ਹੈ ਅਤੇ ਥਾਂ ਥਾਂ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਦਾ ਸੂਬਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਸੁਰਿੰਦਰ ਸਿੰਘ ਰੋਡਾ, ਹਰਮਿੰਦਰ ਸਿੰਘ ਪੱਤੋਂ, ਸੰਤੋਖ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ ਬਰਾੜ, ਬਲਵਿੰਦਰ ਸਿੰਘ, ਡਾ. ਮੇਜਰ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…