nabaz-e-punjab.com

ਕਾਂਗਰਸ ਸਰਕਾਰ ਨੂੰ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ: ਚੰਦੂਮਾਜਰਾ

ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਿਤ ਕਰਨ ਦੀ ਮੰਗ

ਅਕਾਲੀ ਦਲ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ ਅੱਜ, ਅਕਾਲੀ ਆਗੂਆਂ ਤੇ ਵਰਕਰਾਂ ਦੀ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਕਾਂਗਰਸ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਹੋਰ ਵਰਗਾਂ ਨਾਲ ਕੀਤੇ ਹਰ ਤਰਾਂ ਦੇ ਕਰਜ਼ਿਆਂ ਦੀ ਮੁਆਫ਼ੀ ਦੇ ਵਾਅਦਿਆਂ ਤੋਂ ਭੱਜਣਾ ਚਾਹੁੰਦੀ ਹੈ ਪਰ ਅਕਾਲੀ ਦਲ ਸਰਕਾਰ ਨੂੰ ਕਦਾਚਿੱਤ ਭੱਜਣ ਨਹੀਂ ਦੇਵਗਾ। ਉਹ ਬੀਤੇ ਦਿਨੀਂ ਸ਼ਾਮ ਨੂੰ ਮੁਹਾਲੀ ਦੇ ਫ਼ੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਪਾਰਟੀ ਵੱਲੋਂ ਸੂਬਾ ਪੱਧਰ ਉੱਤੇ ਭਲਕੇ 12 ਜੂਨ ਨੂੰ ਜ਼ਿਲ੍ਹਾ ਹੈਡਕੁਆਟਰਾਂ ਤੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉੱਤੇ ਉਹ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ, ਆੜਤੀਆਂ ਅਤੇ ਹੋਰ ਹਰ ਤਰਾਂ ਦੇ ਕਰਜ਼ਿਆਂ ਉੱਤੇ ਲੀਕ ਫ਼ੇਰਨਗੇ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਦੇ ਕਿਸਾਨਾਂ ਤੇ ਹੋਰ ਵਰਗਾਂ ਨੂੰ ਦੱਸਣ ਕਿ ਉਨ੍ਹਾਂ ਦੇ ਕਰਜ਼ੇ ਕਦੋਂ ਮੁਆਫ਼ ਹੋਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਧਾਰਾ 67 ਏ ਖ਼ਤਮ ਕਰਨ ਦਾ ਫ਼ੈਸਲਾ ਕਰਜ਼ਿਆਂ ਤੋਂ ਭੱਜਣ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਧਾਰਾ ਉੱਤੇ ਤਾਂ 1986 ਵਿੱਚ ਸਹਿਕਾਰਤਾ ਮੰਤਰੀ ਹੁੰਦਿਆਂ ਉਨ੍ਹਾਂ ਖ਼ੁਦ ਅਮਲ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੁਰਕੀ ਰੋਕਣ ਲਈ ਗੰਭੀਰ ਹੈ ਤਾਂ ਉਸ ਨੂੰ 63 ਬੀ ਅਤੇ 63 ਸੀ ਨੂੰ ਤੁਰੰਤ ਖ਼ਤਮ ਕਰਨਾ ਚਾਹੀਦਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਕਰਜ਼ਾ ਮੁਆਫ਼ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਮਾਯੂਸੀ ਫ਼ੈਲ ਰਹੀ ਹੈ ਤੇ ਉਨ੍ਹਾਂ ਨੂੰ ਬੈਂਕਾਂ ਵੱਲੋਂ ਅਗਲੇਰੀ ਫ਼ਸਲ ਸਾਂਭਣ ਲਈ ਵੀ ਕਰਜ਼ਾ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਰਾਜ ਵਿੱਚ ਖ਼ੁਦਕਸ਼ੀਆਂ ਦਾ ਅਮਲ ਵੱਧ ਰਿਹਾ ਹੈ। ਉਨ੍ਹਾਂ ਕਿਸਾਨਾਂ ਦੀਆਂ ਲਗਾਤਾਰ ਵੱਧ ਰਹੀਆਂ ਖ਼ੁਦਕਸ਼ੀਆਂ ਤੇ ਚਿੰਤਾ ਪ੍ਰਗਟ ਕਰਦਿਆਂ ਇਸ ਲਈ ਸਰਕਾਰ ਨੂੰ ਦੋਸ਼ੀ ਦੱਸਿਆ। ਉਨ੍ਹਾਂ ਕਾਂਗਰਸ ਸਰਕਾਰ ਤੇ ਵਰਦਿਆਂ ਕਿਹਾ ਕਿ ਸੂਬੇ ਵਿੱਚ ਬਦ ਅਮਨੀ ਦਾ ਮਾਹੌਲ ਹੈ। ਅਕਾਲੀ ਭਾਜਪਾ ਵਰਕਰਾਂ ਉੱਤੇ ਝੂਠੇ ਮੁਕੱਦਮੇ ਦਰਜ ਹੋ ਰਹੇ ਹਨ। ਦਲਿਤਾਂ ਨੂੰ ਮਿਲਦੀ ਆਟਾ-ਦਾਲ ਸਕੀਮ ਤੇ ਬੁਢਾਪਾ ਪੈਨਸ਼ਨਾਂ ਬੰਦ ਹੋਕੇ ਰੋਹਿ ਗਈਆਂ ਹਨ। ਰਾਜ ਵਿੱਚ ਲੰਮੇ ਲੰਮੇ ਬਿਜਲੀ ਕੱਟਾਂ ਨੇ ਲੋਕਾਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਉਨ੍ਹਾਂ ਪਟਿਆਲਾ ਵਿਖੇ ਬੰਬ ਕਾਂਡ ਮਾਮਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ। ਉਨ੍ਹਾਂ ਰੇਤੇ ਦੀਆਂ ਖੱਡਾਂ ਦੇ ਮਾਮਲੇ ਵਿੱਚ ਰਾਣਾ ਗੁਰਜੀਤ ਸਿੰਘ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਿਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਮੁੱਖ ਮੰਤਰੀ ਖ਼ੁਦ ਹੀ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦੇ ਰਹੇ ਹਨ ਫ਼ਿਰ ਨਾਰੰਗ ਕਮਿਸ਼ਨ ਵੱਲੋਂ ਜਾਂਚ ਦਾ ਕੀ ਮਹੱਤਵ ਰਹਿ ਗਿਆ ਹੈ।
ਇਸ ਮੌਕੇ ਕੈਪਰਨ ਤੇਜਿੰਦਰਪਾਲ ਸਿੰਘ ਸਿੱਧੂ, ਪਰਮਿੰਦਰ ਸਿੰਘ ਸੋਹਾਣਾ, ਬਲਜੀਤ ਸਿੰਘ ਕੁੰਭੜਾ, ਹਰਦੇਵ ਸਿੰਘ ਹਰਪਾਲਪੁਰ, ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਗੁਰਮੁਖ ਸਿੰਘ ਸੋਹਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਸੁਖਦੇਵ ਸਿੰਘ ਪਟਵਾਰੀ, ਪਰਮਿੰਦਰ ਸਿੰਘ ਤਸਿੰਬਲੀ ਸਮੇਤ ਪਾਰਟੀ ਦੇ ਸਮੁੱਚੇ ਕੌਂਸਲਰ ਤੇ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…