ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣ ਲਈ ਮੁੱਖ ਮੰਤਰੀ ’ਤੇ ਦਬਾਅ ਪਾਉਣ ਕਾਂਗਰਸੀ ਮੰਤਰੀ

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤੀ ਖੁੱਲ੍ਹੀ ਚੁਨੌਤੀ

ਕਿਹਾ 1 ਜੂਨ ਨੂੰ ਸਿੱਖ ਸੰਗਤ ਦੀ ਹਾਜ਼ਰੀ ਵਿੱਚ ਬੇਅਦਬੀ ਮਾਮਲੇ ਵਿੱਚ ਬਾਦਲਾਂ ਖ਼ਿਲਾਫ਼ ਸਾਰੇ ਸਬੂਤ ਦਿੱਤੇ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਜ਼ਿੰਮੇਵਾਰ ਸਿਆਸੀ ਆਗੂਆਂ ਅਤੇ ਉੱਚ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿਵਾਉਣ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਇੱਥੇ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬੀਬਦਵਿੰਦਰ ਸਿੰਘ ਲੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਵਿੱਚ ਐਡਵੋਕੇਟ ਜਨਰਲ ਦੀ ਨਕਾਰਾਤਮਿਕ ਭੂਮਿਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਉਨ੍ਹਾਂ ਦੇ ਬਚਾਅ ਕਰਨ ਵਾਲੇ ਪੱਖ ਵਿੱਚ ਰਹੀ ਹੈ। ਇਹੀ ਇਕ ਕਾਰਨ ਹੈ ਕਿ ਸੁਖਬੀਰ ਬਾਦਲ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਚੁਨੌਤੀ ਦੇ ਰਹੇ ਹਨ ਕਿ ਬੇਅਦਬੀ ਮਾਮਲੇ ਵਿੱਚ ਜੇ ਵਿਰੋਧੀ ਪਾਰਟੀਆਂ ਕੋਲ ਉਨ੍ਹਾਂ ਜਾਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਕੋਈ ਸਬੂਤ ਹਨ ਤਾਂ ਜਨਤਕ ਕੀਤੇ ਜਾਣ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਇਹ ਦਮਗਜ਼ਾ ਉਸ ਵੇਲੇ ਮਾਰਿਆ ਹੈ ਜਦੋਂ ਉਸ ਨੂੰ ਕੈਪਟਨ ਵੱਲੋਂ ਕਥਿਤ ਤੌਰ ’ਤੇ ਇਹ ਪੁਖਤਾ ਭਰੋਸਾ ਦਿੱਤਾ ਗਿਆ ਹੈ ਕਿ ਕਾਂਗਰਸ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀਂ ਦੇਵੇਗੀ। ਇਸ ਲਈ ਬੇਅਦਬੀ ਮਾਮਲੇ ਸਬੰਧੀ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਮੁੱਖ ਮੰਤਰੀ ’ਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇ।
ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਗੱਲ ਦਾ ਜਵਾਬ ਮੰਗਣ ਕਿ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੇ ਐਲਾਨ ਤੋਂ ਬਾਅਦ ਆਖ਼ਰ ਅਜਿਹਾ ਕੀ ਹੋਇਆ ਕਿ ਉਹ ਆਪਣੇ ਐਲਾਨ ਤੋਂ ਹੀ ਮੁਨਕਰ ਹੋ ਗਏ। ਉਲਟਾ ਨਵੀਂ ਸਿਟ ਬਣਾ ਕੇ ਮਾਮਲੇ ਦੀ ਤਫ਼ਤੀਸ਼ ਲਈ ਛੇ ਮਹੀਨੇ ਦਾ ਹੋਰ ਸਮਾਂ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਸੁਖਬੀਰ ਦੀਆਂ ਫੋਕੀਆਂ ਬੜ੍ਹਕਾਂ ਦੇ ਪਿੱਛੇ ਕੈਪਟਨ ਦੀ ਹੱਲਾਸ਼ੇਰੀ ਹੀ ਹੈ। ਜਿਸ ਦੇ ਬਲਬੂਤੇ ਉਹ ਵਿਰੋਧੀ ਪਾਰਟੀਆਂ ਨੂੰ ਸਬੂਤ ਪੇਸ਼ ਕਰਨ ਲਈ ਲਲਕਾਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਖ਼ੁਦ ਸੁਖਬੀਰ ਦੀ ਚੁਣੌਤੀ ਸਵੀਕਾਰ ਕਰਕੇ ਉਨ੍ਹਾਂ ਵਿਰੁੱਧ ਇਕੱਠੇ ਕੀਤੇ ਗਏ ਸਬੂਤ ਜਨਤਕ ਕਰਨੇ ਚਾਹੀਦੇ ਹਨ ਪ੍ਰੰਤੂ ਉਹ ਉਲਟਾ ਜ਼ਿੰਮੇਵਾਰ ਲੋਕਾਂ ਦੇ ਗੁਨਾਹਾਂ ਨੂੰ ਢੱਕਣ ਲਈ ਪਰਦਾਪੋਸ਼ੀ ਕਰ ਰਹੇ ਹਨ।
ਬੀਰਦਵਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹੀ ਚੁਨੌਤੀ ਦਿੱਤੀ ਕਿ ਜੇਕਰ ਹਿੰਮਤ ਹੈ ਤਾਂ 1 ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦਵਾਰਾ ਸਾਹਿਬ ਵਿੱਚ ਆ ਜਾਵੇ, ਜਿੱਥੋਂ ਉਨ੍ਹਾਂ ਦੇ ਗ੍ਰਹਿ ਮੰਤਰੀ ਹੁੰਦਿਆਂ 1 ਜੂਨ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ, ਉਸ ਅਸਥਾਨ ਉੱਤੇ ਹੀ ਸਿੱਖ ਸੰਗਤ ਦੀ ਹਾਜ਼ਰੀ ਵਿੱਚ ਬੇਅਦਬੀ ਦੇ ਮਾਮਲੇ ਵਿੱਚ ਬਾਦਲਾਂ ਦੀ ਕਥਿਤ ਮਿਲੀਭੁਗਤ ਦੇ ਸਾਰੇ ਸਬੂਤ ਦੇ ਦਿੱਤੇ ਜਾਣਗੇ।

Load More Related Articles

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…