nabaz-e-punjab.com

ਲੋਕ ਸਭਾ ਚੋਣਾਂ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਐਤਕੀਂ ਨਵੇਂ ਚਿਹਰਿਆਂ ਤੇ ਨੌਜਵਾਨਾਂ ਉੱਤੇ ਟੇਕ

ਪੰਜਾਬ ਵਿੱਚ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ ਲੋਕ ਸਭਾ ਚੋਣਾਂ: ਸੁਨੀਲ ਜਾਖੜ

ਪੰਜਾਬ ਦੀ ਧਰਤੀ ਤੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਕੇ ਸਾਹ ਲਵਾਂਗੇ: ਸੁਨੀਲ ਜਾਖੜ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਪੰਜਾਬ ਕਾਂਗਰਸ ਲੋਕ ਸਭਾ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਵਿਕਾਸ ਦੇ ਮੁੱਦੇ ’ਤੇ ਚੋਣ ਲੜੀ ਜਾਵੇਗੀ ਅਤੇ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰਕੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕੀਤੇ ਜਾਣਗੇ। ਇਹ ਵਿਚਾਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਵੀਰਵਾਰ ਨੂੰ ਮੁਹਾਲੀ ਵਿੱਚ ਇੱਕ ਸਮਾਰੋਹ ਦੌਰਾਨ ਵਿਸ਼ੇਸ਼ ਗੱਲ ਕਰਦਿਆਂ ਸਾਂਝੇ ਕੀਤੇ।
ਸ੍ਰੀ ਜਾਖੜ ਨੇ ਦੱਸਿਆ ਕਿ ਲੋਕਾਂ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਾਫੀ ਗੰਭੀਰ ਹਨ। ਉਨ੍ਹਾਂ ਦਾ ਸਾਰਾ ਧਿਆਨ ਚੋਣਾਂ ਲਈ ਰਣਨੀਤੀ ਘੜਨ ’ਤੇ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਐਤਕੀਂ ਲੋਕ ਸਭਾ ਚੋਣਾਂ ਵਿੱਚ ਨਵੇਂ ਚਿਹਰਿਆਂ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਇਸ ਸਬੰਧੀ ਪਾਰਟੀ ਪੱਧਰ ’ਤੇ ਸਰਵੇ ਦਾ ਕੰਮ ਜਾਰੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਜਿਹੜੇ ਵਾਅਦੇ ਰਾਜ ਦੇ ਲੋਕਾਂ ਨਾਲ ਕੀਤੇ ਸਨ। ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਜਦੋਂ ਸੂਬੇ ਦੀ ਵਾਗਡੋਰ ਸੰਭਾਲੀ ਸੀ ਤੱਦ ਉਨ੍ਹਾਂ ਨੂੰ ਸਰਕਾਰੀ ਖਜ਼ਾਨਾ ਖਾਲੀ ਮਿਲਿਆ ਸੀ। ਜਿਸ ਕਾਰਨ ਸੂਬਾ ਸਰਕਾਰ ਦਾ ਪਹਿਲਾ ਵਰ੍ਹਾ ਬਹੁਤ ਹੀ ਅੌਕੜਾ ਭਰਿਆ ਰਿਹਾ ਹੈ ਪ੍ਰੰਤੂ ਇਸ ਦੇ ਬਾਵਜੂਦ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਦਾ ਝੋਨਾ ਨਹੀਂ ਰੁਲਣ ਦਿੱਤਾ। ਕਾਂਗਰਸ ਨੇ ਨਾ ਸਿਰਫ਼ ਆਪਣੇ ਵਾਅਦੇ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਸਗੋਂ ਹੋਰ ਲੋਕ ਭਲਾਈ ਦੀਆਂ ਸਕੀਮਾਂ ਨੂੰ ਵੀ ਜਾਰੀ ਰੱਖਿਆ ਹੋਇਆ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਕਾਰਨ ਨੌਜਵਾਨ ਨਸ਼ਿਆਂ ਦੀ ਦਲ ਦਲ ਵਿੱਚ ਧਸਦਾ ਜਾ ਰਿਹਾ ਹੈ ਪ੍ਰੰਤੂ ਹੁਣ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਧਰਤੀ ਤੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤੇ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਹੋਣ ਕਿਉਂਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਿਰ੍ਹੇ ਨਹੀਂ ਚੜ੍ਹਦੀ ਹੈ।
(ਬਾਕਸ ਆਈਟਮ)
ਕੇਂਦਰ ਸਰਕਾਰ ਵੱਲੋਂ ਝੋਨੇ ਦੇ ਸਮਰਥਨ ਮੁੱਲ ’ਚ 200 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਮਜਾਕ ਦੱਸਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਸਮਰਥਨ ਮੁੱਲ ’ਚ 200 ਰੁਪਏ ਦੇ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਲਗਾਤਾਰ ਤੇਲ ਕੀਮਤਾਂ ’ਚ ਵਾਧਾ ਕਰਕੇ ਅਤੇ ਨਿੱਤ ਨਵੇਂ ਟੈਕਸ ਲਗਾ ਕੇ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰਿਆ ਗਿਆ ਅਤੇ ਹੁਣ ਚੋਣਾਂ ਦੇ ਅਖੀਰਲੇ ਵਰ੍ਹੇ ਕਿਸਾਨਾਂ ਦੀਆਂ ਅੱਖਾਂ ’ਚੋਂ ਅੱਥਰੂ ਪੰੂਝਣ ਦਾ ਢੌਂਗ ਰਚਿਆ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਦੀ ਸ਼ਲਾਘਾ ਕਰਨ ’ਤੇ ਟਿੱਪਣੀ ਕਰਦਿਆਂ ਕਾਂਗਰਸ ਪ੍ਰਧਾਨ ਕਿਹਾ ਕਿ 2012-13 ਵਿੱਚ ਸ੍ਰੀ ਬਾਦਲ ਨੇ ਝੋਨੇ ਦਾ ਭਾਅ 1800 ਰੁਪਏ ਕਰਨ ਦੀ ਮੰਗ ਕੀਤੀ ਸੀ ਲੇਕਿਨ ਹੁਣ 5 ਸਾਲ ਬਾਅਦ ਘੱਟ ਮੁੱਲ ਲਈ ਵੀ ਕੇਂਦਰ ਦਾ ਧੰਨਵਾਦ ਕਰ ਰਹੇ ਹਨ। ਇਸ ਤੋਂ ਜਾਪਦਾ ਹੈ ਕਿ ਸ੍ਰੀ ਬਾਦਲ ਦੀ ਯਾਦਾਸ਼ਤ ਕਮਜ਼ੋਰ ਹੋ ਗਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਜੇਕਰ ਭਾਜਪਾ ਲੀਡਰਸ਼ਿਪ ਇਹ ਸੋਚਦੀ ਹੈ ਕਿ ਝੋਨੇ ਦੇ ਸਮਰਥਨ ਮੁੱਲ ’ਚ ਵਾਧਾ ਕਰਕੇ ਕਿਸਾਨਾਂ ਦੀਆਂ ਵੋਟਾਂ ਹਾਸਲ ਕਰ ਲੈਣਗੇ, ਤਾਂ ਉਹ ਅਜਿਹਾ ਖਿਆਲ ਆਪਣੇ ਦਿਮਾਗ ’ਚੋਂ ਬਿਲਕੁਲ ਕੱਢ ਦੇਣ ਕਿਉਂਕਿ ਦੇਸ਼ ਦੇ ਨਾਗਰਿਕ ਪ੍ਰਧਾਨ ਮੰਤਰੀ ਤੋਂ ਚੰਗੇ ਦਿਨ ਆਉਣ ਦਾ ਲਾਰਾ ਲਗਾ ਕੇ ਸਾਢੇ 4 ਸਾਲ ਪਹਿਲਾਂ ਮੰਗੀਆਂ ਵੋਟਾਂ ਦਾ ਹਿਸਾਬ ਲੈਣ ਲਈ ਤਿਆਰ ਬਰ ਤਿਆਰ ਬੈਠੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…