Nabaz-e-punjab.com

ਮਹਿੰਗਾਈ, ਆਰਥਿਕ ਖੜੋਤ ’ਤੇ ਹੋਰ ਮੁੱਦਿਆਂ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਦੇਸ਼ ਭਰ ਵਿੱਚ ਹਾਵੀ ਆਰਥਿਕ ਖੜੋਤ, ਮਹਿੰਗਾਈ ਅਤੇ ਹੋਰ ਮੁੱਦਿਆਂ ਉਤੇ ਮੋਦੀ ਸਰਕਾਰ ਨੂੰ ਘੇਰਦਿਆਂ ਕਾਂਗਰਸ ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਦੀਪਿੰਦਰ ਸਿੰਘ ਢਿੱਲੋਂ, ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਯਾਦਵਿੰਦਰ ਸਿੰਘ ਬੰਨੀ ਕੰਗ ਦੀ ਅਗਵਾਈ ਵਿੱਚ ਕੀਤੇ ਇਸ ਰੋਸ ਪ੍ਰਦਰਸ਼ਨ ਦੌਰਾਨ ਜਿੱਥੇ ਮੋਦੀ ਸਰਕਾਰ ਉੱਤੇ ਆਮ ਲੋਕਾਂ ਦੇ ਵਿਰੋਧੀ ਹੋਣ ਦਾ ਦੋਸ਼ ਲਾਇਆ ਗਿਆ, ਉੱਥੇ ਕੇਂਦਰ ਸਰਕਾਰ ਨੂੰ ਫੌਜੀਆਂ ਲਈ ‘ਇਕ ਰੈਂਕ ਇਕ ਪੈਨਸ਼ਨ’ ਨੂੰ ਵਾਅਦੇ ਮੁਤਾਬਕ ਲਾਗੂ ਨਾ ਕਰਨ ਦੇ ਮੁੱਦੇ ਉਤੇ ਘੇਰਿਆ ਗਿਆ।
ਇਸ ਮੌਕੇ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਜਦੋਂ ਕਾਂਗਰਸ ਕੇਂਦਰ ਵਿੱਚ ਸੱਤਾ ਵਿੱਚ ਸੀ, ਉਦੋਂ ਰਸੋਈ ਗੈਸ ਦਾ ਸਿਲੰਡਰ 350 ਤੋਂ 400 ਰੁਪਏ ਤੱਕ ਸੀ ਪਰ ਹੁਣ 700 ਤੋਂ ਪਾਰ ਪੁੱਜ ਚੁੱਕਿਆ ਹੈ। ਇਸ ਤੋਂ ਇਲਾਵਾ ਪਿਆਜ਼, ਟਮਾਟਰ ਤੇ ਹੋਰ ਸਬਜ਼ੀਆਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹਰੇਕ ਫਰੰਟ ਉਤੇ ਨਾਕਾਮ ਸਾਬਤ ਹੋਈ ਹੈ ਅਤੇ ਇਹ ਸਰਕਾਰ ਸਰਹੱਦ ਉਤੇ ਲੜ ਰਹੇ ਫੌਜੀਆਂ ਦੀਆਂ ਕੁਰਬਾਨੀਆਂ ਉਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀ ਹੈ, ਜਦੋਂਕਿ ਅਸਲ ਵਿੱਚ ਫੌਜੀਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ‘ਇਕ ਰੈਂਕ ਇਕ ਪੈਨਸ਼ਨ’ ਦੀ ਮੰਗ ਨੂੰ ਮੰਨਿਆ ਨਹੀਂ ਜਾ ਰਿਹਾ।
ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਦੇ ਮੁੱਦੇ ਉਤੇ ਹਾਹਾਕਾਰ ਮਚੀ ਹੋਈ ਹੈ, ਜਦੋਂਕਿ ਮੋਦੀ ਸਰਕਾਰ ਨੇ ਨਿਆਂਪਾਲਿਕਾ ਤੋਂ ਲੈ ਕੇ ਹਰੇਕ ਤਰ੍ਹਾਂ ਦੀਆਂ ਖ਼ੁਦਮੁਖਤਾਰ ਸੰਸਥਾਵਾਂ ਦਾ ਪੂਰੀ ਤਰ੍ਹਾਂ ਸਿਆਸੀਕਰਨ ਕਰ ਦਿੱਤਾ ਹੈ। ਇਸ ਦੌਰਾਨ ਪਾਰਟੀ ਵੱਲੋਂ ਡੀਸੀ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਜੋ ਤਹਿਸੀਲਦਾਰ ਸ੍ਰੀਮਤੀ ਸੁਖਪਿੰਦਰ ਕੌਰ ਨੇ ਪ੍ਰਾਪਤ ਕੀਤਾ।
ਇਸ ਮੌਕੇ ਬਲਾਕ ਕਾਂਗਰਸ ਕਮੇਟੀ ਮੁਹਾਲੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਬੜੀ, ਗੁਰਧਿਆਨ ਸਿੰਘ ਦੁਰਾਲੀ, ਮਨਜੀਤ ਸਿੰਘ, ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਗੁਰਦੀਪ ਸਿੰਘ ਬਾਸੀ, ਮੈਂਬਰ ਬਲਾਕ ਸੰਮਤੀ, ਜੋਰਾ ਸਿੰਘ ਸਰਪੰਚ ਮਨੌਲੀ, ਗਿਆਨੀ ਗੁਰਮੇਲ ਸਿੰਘ, ਹਰਨੇਕ ਸਿੰਘ ਢੋਲ, ਬੁੱਧ ਰਾਮ ਧੀਮਾਨ, ਗੁਰਚਰਨ ਸਿੰਘ ਛੱਤ, ਗਿਆਨ ਸਿੰਘ ਅੱਡਾ ਝੂੰਗੀਆਂ, ਸੁਰੇਸ਼ ਜ਼ਿੰਦਲ, ਬਹਾਦਰ ਸਿੰਘ, ਗੁਰਮੇਲ ਚਾਓ ਮਾਜਰਾ, ਮੇਜਰ ਸਿੰਘ ਦੁਰਾਲੀ, ਪੰਡਤ ਭੁਪਿੰਦਰ ਕੁਮਾਰ, ਸਰਪੰਚ ਨਗਾਰੀ, ਹਰਚਰਨ ਸਿੰਘ ਗਿੱਲ, ਸਰਪੰਚ ਲਾਂਡਰਾਂ, ਜਤਿੰਦਰ ਸੂਦ, ਗੁਰਦੀਪ ਸਿੰਘ ਸਰਪੰਚ, ਦੈੜੀ, ਹਰਭਜਨ ਸਿੰਘ, ਰਾਏਪੁਰ ਕਲ੍ਹਾਂ ਅਤੇ ਬੂਟਾ ਸਿੰਘ ਸੋਹਾਣਾ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…