
ਪੰਜਾਬ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕਾਂਗਰਸੀ ਸਹਿਯੋਗ ਦੇਣ: ਬੱਬੀ ਬਾਦਲ
‘ਆਪ’ ਆਗੂ ਬੱਬੀ ਬਾਦਲ ਨੇ ਪਿੰਡ ਝਾਂਮਪੁਰ ਵਿੱਚ ਪੁਰਾਤਨ ਗੁੱਗਾ ਮਾੜੀ ਮੇਲੇ ਵਿੱਚ ਕੀਤੀ ਸ਼ਿਰਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਰੱਪਸ਼ਨ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਸਹਿਯੋਗ ਦੇਣ। ਇੱਥੋਂ ਦੇ ਨਜ਼ਦੀਕੀ ਪਿੰਡ ਝਾਂਮਪੁਰ ਸਥਿਤ ਪੁਰਾਤਨ ਗੁੱਗਾ ਮਾੜੀ ਮੇਲੇ ਵਿੱਚ ਸ਼ਿਰਕਤ ਕਰਨ ਪਹੁੰਚੇ ਆਪ ਆਗੂ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਬੂਤਾਂ ਦੇ ਆਧਾਰ ’ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਪ੍ਰੰਤੂ ਕਾਂਗਰਸ ਲੀਡਰਸ਼ਿਪ ਆਪਣੇ ਕਥਿਤ ਭ੍ਰਿਸ਼ਟ ਆਗੂਆਂ ਨੂੰ ਬਚਾਉਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹਰ ਕਿਸੇ ਨੂੰ ਵਿਰੋਧ ਪ੍ਰਦਰਸ਼ਨ ਦਾ ਪੂਰਾ ਹੱਕ ਹੈ ਪ੍ਰੰਤੂ ਵਿਜੀਲੈਂਸ ਦੇ ਤਾਜ਼ਾ ਮਾਮਲੇ ਨੂੰ ਕਾਂਗਰਸ ਗਲਤ ਰੰਗਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਮੰਤਰੀ ਨੇ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ ਤਾਂ ਉਨ੍ਹਾਂ ਨੂੰ ਘਬਰਾਉਣ ਦੀ ਥਾਂ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਆਪ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਆਗੂ ਹਵਾਲਾਤ ਵਿੱਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਗੁੱਗਾ ਮਾੜੀ ਸਮਾਗਮ ਵਿੱਚ ਉਨ੍ਹਾਂ ਨੇ ਲੋਕਾਂ ਪੰਜਾਬ ਦੀ ਬਿਹਤਰੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੂਰੀ ਇਮਾਨਦਾਰੀ ਅਤੇ ਸੇਵਾ ਭਵਨਾ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਬਲਬੀਰ ਸਿੰਘ, ਪ੍ਰਧਾਨ ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਕੁਲਵੀਰ ਸਿੰਘ ਸਿੱਧੂ, ਇਕਬਾਲ ਸਿੰਘ, ਮੁਖ਼ਤਿਆਰ ਸਿੰਘ, ਕਸ਼ਮੀਰਾ ਸਿੰਘ, ਬਾਬਾ ਨਰਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰਭਜੋਤ ਸਿੰਘ, ਰਾਜਿੰਦਰ ਸਿੰਘ, ਸੌਦਾਗਰ ਸਿੰਘ, ਸੁਖਦੀਪ ਸਿੰਘ, ਹਰਜੀਤ ਸਿੰਘ, ਗੁਰਦੇਵ ਸਿੰਘ, ਹਰਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਭੁਪਿੰਦਰ ਗਿੱਲ ਤੇ ਜਸਵਿੰਦਰ ਜੀਤੂ ਦੀ ਜੋੜੀ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਨੌਜਵਾਨਾਂ ਨੂੰ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ।