
ਮੁਹਾਲੀ ਵਿੱਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ: ਬਲਬੀਰ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਸਿਹਤ ਤੇ ਪਰਿਵਾਰ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਿਵੇਂ ਪੰਜਾਬ ਵਿੱਚ ਮਿਉਂਸਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ। ਓਵੇਂ ਮੁਹਾਲੀ ਵਿੱਚ ਵੀ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ ਅਤੇ ਅਗਲਾ ਮੇਅਰ ਕਾਂਗਰਸ ਦਾ ਹੀ ਬਣੇਗਾ। ਪੋਲਿੰਗ ਬੂਥ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਆਜ਼ਾਦ ਗਰੁੱਪ ਵੱਲੋਂ ਅੱਜ ਫਿਰ ਧੱਕੇਸ਼ਾਹੀ ਦੇ ਦੋਸ਼ ਲਗਾਏ ਜਾਣ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਸਾਰੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਦੇ ਮੈਂਬਰ ਆਪਣੀ ਪ੍ਰਤੱਖ ਹਾਰ ਨੂੰ ਸਾਹਮਣੇ ਦੇਖ ਕੇ ਆਪਣਾ ਸੰਤੁਲਨ ਖੋਹ ਬੈਠੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਚਾਹੇ ਤਾਂ ਸ਼ਹਿਰ ਦੇ ਪੂਰੇ 50 ਵਾਰਡਾਂ ਦੀ ਦੁਬਾਰਾ ਚੋਣ ਕਰਵਾ ਲਏ ਉਹ ਬਿਲਕੁਲ ਤਿਆਰ ਹਨ ਪ੍ਰੰਤੂ ਭਲਕੇ ਵੀਰਵਾਰ ਨੂੰ ਮੁਹਾਲੀ ਦੇ 50 ਵਾਰਡਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਹੋ ਜਾਣਗੇ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ ਅਤੇ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਵਿਕਾਸ ਕੰਮਾਂ ’ਤੇ ਜਿੱਤ ਦੀ ਮੋਹਰ ਲਗਾਈ ਹੈ ਅਤੇ ਅਕਾਲੀ ਦਲ, ਭਾਜਪਾ ਅਤੇ ਆਪ ਨੂੰ ਅੱਜ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵਿਕਾਸ ਨੂੰ ਤਰਜੀਹ ਦੇਵੇਗੀ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਜਾਣ ’ਤੇ ਸ੍ਰੀ ਸਿੱਧੂ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸੈਮੀ ਫਾਈਨਲ ਹੈ। ਇਨ੍ਹਾਂ ਦੇ ਨਤੀਜੇ ਕਾਂਗਰਸ ਦੇ ਹੱਕ ਵਿੱਚ ਆਉਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਬਣੇਗੀ।