ਸ਼ਹੀਦ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸੀ ਵਰਕਰਾਂ ਨੇ ਮੋਮਬੱਤੀ ਮਾਰਚ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 23 ਫਰਵਰੀ:
ਖਨੌਰੀ ਬਾਰਡਰ ’ਤੇ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਬੇਕਸੂਰ ਨੌਜਵਾਨ ਸ਼ੁਭਕਰਨ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਸ਼ਾਮ ਨੂੰ ਜ਼ਿਲ੍ਹਾ ਕਾਂਗਰਸ ਵੱਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਲੈ ਕੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਪੁਆਇੰਟ ਤੱਕ ਮੋਮਬੱਤੀ ਮਾਰਚ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕਰਕੇ ਭਾਜਪਾ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਸਰਕਾਰ ’ਤੇ ਅੰਨਦਾਤਾ ਨਾਲ ਧੱਕੇਸ਼ਾਹੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਨੌਰੀ ਬਾਰਡਰ ’ਤੇ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਨੌਜਵਾਨ ਦਾ ਕਸੂਰ ਸਿਰਫ਼ ਐਨਾ ਹੀ ਸੀ ਕਿ ਉਹ ਕਿਸਾਨ ਦਾ ਪੁੱਤਰ ਸੀ ਅਤੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਦਿੱਲੀ ਜਾਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਤੰਤਰ ਦਾ ਗਲਾ ਘੁੱਟ ਕੇ ਦੇਸ਼ ਵਿੱਚ ਤਾਨਾਸ਼ਾਹੀ ਵਾਲਾ ਰਾਜ ਚਲਾ ਰਹੇ ਹਨ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਪੁਲੀਸ ਦੀ ਗੋਲੀ ਨਾਲ ਡਰਾਇਆ ਅਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼ੁਭਕਰਨ ਸਿੰਘ ਤੇ ਉਸਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਹਰਿਆਣਾ ਪੁਲੀਸ ਦੇ ਜ਼ਿੰਮੇਵਾਰ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਕਾਂਗਰਸ ਪਾਰਟੀ ਚੁੱਪ ਕਰਕੇ ਨਹੀਂ ਬੈਠੇਗੀ।
ਇਸ ਮੌਕੇ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਸਪ੍ਰੀਤ ਸਿੰਘ ਗਿੱਲ, ਗੁਰਚਰਨ ਸਿੰਘ ਭੰਵਰਾ, ਵਿਨਿਤ ਮਲਿਕ, ਰੁਪਿੰਦਰ ਕੌਰ ਰੀਨਾ, ਅਸ਼ੋਕ ਕੌਂਡਲ, ਕੁਲਵਿੰਦਰ ਸਿੰਘ ਸੰਜੂ, ਕਮਲਪ੍ਰੀਤ ਸਿੰਘ ਬੰਨੀ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਪ੍ਰਦੀਪ ਸੋਨੀ, ਪਰਮਜੀਤ ਸਿੰਘ ਹੈਪੀ, ਜੰਗ ਬਹਾਦਰ ਸਿੰਘ ਕੁੰਭੜਾ, ਸੁੱਚਾ ਸਿੰਘ ਕਲੌੜ, ਹਰਦਿਆਲ ਚੰਦ ਬਡਬੜ, ਅਮਰੀਕ ਸਿੰਘ ਸਰਪੰਚ ਮਟੌਰ, ਸੰਨੀ ਕੰਡਾ, ਇੰਦਰਜੀਤ ਸਿੰਘ ਢਿੱਲੋਂ, ਜ਼ੋਰਾ ਸਿੰਘ ਸਰਪੰਚ ਮਨੌਲੀ, ਗਿਆਨੀ ਗੁਰਮੇਲ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਨਵਨੀਤ ਤੋਖੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 11 ਫਰ…