ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਐਕਟ ਦੀ ਧਾਰ 5 ਤੇ 20 ’ਚ ਸੋਧ ਲਈ ਬਿੱਲ ਲਿਆਉਣ ਦੀ ਸਹਿਮਤੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਨਵੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਐਕਟ ਦੀ ਧਾਰਾ 5 ਅਤੇ 20 ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਵਿੱਚ ਲਿਆਉਣ ਦੀ ਸਹਿਮਤੀ ਦੇ ਦਿੱਤੀ ਹੈ ਜਿਸ ਨਾਲ ਇਸ ਯੂਨੀਵਰਸਿਟੀ ਨਾਲ ਜੁੜੇ ਕਾਲਜਾਂ ਨੂੰ ਆਪਣੀ ਮਨ ਮਰਜ਼ੀ ਮੁਤਾਬਕ ਮਾਨਤਾ ਹਾਸਲ ਦੀ ਚੋਣ ਕਰਨ ਦਾ ਇਕ ਮੌਕਾ ਮਿਲੇਗਾ।
ਇਹ ਤਜਵੀਜ਼ਤ ਸੋਧਾਂ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਹਨ ਜੋ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਹੋਣਗੀਆਂ। ਇਨ੍ਹਾਂ ਸੋਧਾਂ ਮੁਤਾਬਕ ਐਮ.ਆਰ.ਐਸ.ਪੀ.ਟੀ.ਯੂ. ਦੇ ਇਲਾਕਾਈ ਅਧਿਕਾਰ ਖੇਤਰ ਵਿੱਚ ਆਉਂਦੇ ਕਾਲਜਾਂ ਨੂੰ ਐਮ.ਆਰ.ਐਸ.ਪੀ.ਟੀ.ਯੂ. ਅਤੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਦੋਵਾਂ ਵਿੱਚੋਂ ਆਪਣੀ ਮਰਜ਼ੀ ਅਨੁਸਾਰ ਕਿਸੇ ਇਕ ਨਾਲ ਜੁੜਨ ਦਾ ਮੌਕਾ ਮਿਲੇਗਾ। ਹਾਲਾਂਕਿ ਭਵਿੱਖ ਵਿੱਚ ਸਥਾਪਤ ਕੀਤੇ ਜਾਣ ਵਾਲੇ ਨਵੇਂ ਕਾਲਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕੀਨੀਕ ਯੂਨੀਵਰਸਿਟੀ ਬਠਿੰਡਾ ਅਤੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ ਦੇ ਇਲਾਕਾਈ ਅਧਿਕਾਰ ਖੇਤਰ ਤਹਿਤ ਮਾਨਤਾ ਹਾਸਲ ਕਰਨ ਦੇ ਪਾਬੰਦ ਹੋਣਗੇ।
ਪੰਜਾਬ ਮੰਤਰੀ ਮੰਡਲ ਨੇ ਪੰਜਾਬ ਰਾਜ ਖੇਤੀਬਾੜੀ ਸਿੱਖਿਆ ਕੌਂਸਲ ਦੀ ਸਥਾਪਨਾ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ‘ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਐਕਟ-2017’ ਦੇ ਖਰੜਾ ਬਿੱਲ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੌਂਸਲ ਮੁੱਖ ਰੂਪ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਸੰਸਥਾਨਾਂ ਵਿੱਚ ਖੇਤੀਬਾੜੀ ਸਿੱਖਿਆ ਦੀ ਤਰੱਕੀ ਅਤੇ ਤਾਲਮੇਲ ਨੂੰ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਉੱਚ ਸਿੱਖਿਆ ਦੇ ਮਿਆਰ ਵਿੱਚ ਨਿਰੰਤਰ ਗੁਣਵੱਤਾ ਯਕੀਨੀ ਬਣਾਏਗੀ। ਇਹ ਕੌਂਸਲ ਦਿਸ਼ਾ-ਨਿਰਦੇਸ਼ਾਂ ਦਾ ਵਿਕਾਸ ਕਰਨ ਅਤੇ ਖੇਤੀਬਾੜੀ ਵਿੱਚ ਵਿਦਿਅਕ ਡਿਗਰੀ ਪ੍ਰੋਗਰਾਮਾਂ ਨੂੰ ਚਲਾਉਣ ਲਈ ਨਿਰਧਾਰਤ ਨਿਯਮਾਂ ਅਤੇ ਮਿਆਰਾਂ ਨੂੰ ਪੂਰਾ ਕਰਨ ਵਾਲੇ ਕਾਲਜਾਂ/ਸੰਸਥਾਵਾਂ/ਵਿਭਾਗਾਂ ਨੂੰ ਮਾਨਤਾ ਦੇ ਕੇ ਸੂਬੇ ਵਿੱਚ ਉੱਚ ਖੇਤੀਬਾੜੀ ਸਿੱਖਿਆ ਨੂੰ ਨਿਯੰਤ੍ਰਿਤ ਕਰੇਗੀ। ਇਕ ਵਾਰ ਮਾਨਤਾ ਹਾਸਲ ਹੋਣ ’ਤੇ ਮਾਨਤਾ ਪ੍ਰਾਪਤ ਕਾਲਜ/ਸੰਸਥਾਵਾਂ/ਵਿਭਾਗਾਂ ਨੂੰ ਸਿੱਖਿਆ ਵਿੱਚ ਨਿਰਧਾਰਤ ਸਿੱਖਿਆ ਪ੍ਰਣਾਲੀ ਨੂੰ ਅਪਣਾਉਣਾ ਹੋਵੇਗਾ ਜਿਸ ਵਿੱਚ ਬੁਨਿਆਦੀ ਢਾਂਚਾ (ਕਲਾਸ ਰੂਮ, ਪ੍ਰਯੋਗਸ਼ਾਲਾ, ਸਾਜ਼ੋ-ਸਾਮਾਨ ਆਦਿ) ਸ਼ਾਮਲ ਹਨ। ਭਰਤੀ ਦੀ ਪ੍ਰਕ੍ਰਿਆ, ਸਟਾਫ ਦੀ ਭਰਤੀ, ਰੈਜੀਡੈਂਟ ਹਦਾਇਤਾਂ, ਕੋਰਸ ਪਾਠਕ੍ਰਮ, ਪ੍ਰੀਖਿਆ ਦੇ ਪੈਟਰਨ ਆਦਿ ਕੌਸਲ ਦੁਆਰਾ ਸਮੇਂ-ਸਮੇਂ ’ਤੇ ਨਿਰਦੇਸ਼ਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…